Connect with us

ਪੰਜਾਬ ਨਿਊਜ਼

ਪੰਜਾਬ ਦੀ ਸੰਭਾਲ ਪੰਜਾਬੀ ਵਧੀਆ ਢੰਗ ਨਾਲ ਕਰ ਸਕਦੇ ਹਨ, ਬਾਹਰਲੇ ਨੂੰ ਲੋਕ ਨਹੀਂ ਚਾਹੁੰਦੇ :  ਚੰਨੀ

Published

on

Punjabis can take good care of Punjab, people don't want outsiders: Channi

ਖੰਨਾ (ਲੁਧਿਆਣਾ) :   ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੂੰ ਪੰਜਾਬੀਆਂ ਨੂੰ ਹਵਾ ਵਿੱਚ ਮਹਿਲ ਬਣਾਉਣ ਦੀ ਜਗ੍ਹਾ ਇਹ ਸਮਝ ਲੈਣਾ ਚਾਹੀਦਾ ਹੈ ਕਿ ਪੰਜਾਬੀ ਆਪਣੇ ਸੂਬੇ ਦੀ ਅਗਵਾਈ ਕਰਨ ਲਈ ਬਹੁਤ ਸਮਰੱਥ ਹਨ ਅਤੇ ਉਨ੍ਹਾਂ ਨੂੰ ਉਨ੍ਹਾਂ ਵਰਗੇ ਕਿਸੇ ਬਾਹਰੀ ਵਿਅਕਤੀ ਦੀ ਲੋੜ ਨਹੀਂ ਹੈ।

ਮੁੱਖ ਮੰਤਰੀ ਅੱਜ ਖੰਨਾ ਨੇੜਲੇ ਪਿੰਡ ਰੋਹਣੋ ਕਲਾਂ ਦੇ ਦੌਰੇ ‘ਤੇ ਸਨ, ਜਿੱਥੇ ਉਨ੍ਹਾਂ ਨੇ ਸਪੋਰਟਸ ਪਾਰਕ, ਪੰਚਾਇਤ ਘਰ ਅਤੇ ਪਾਰਕ-ਸੱਥ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਫ਼ਤਹਿਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ: ਅਮਰ ਸਿੰਘ, ਪਾਇਲ ਦੇ ਵਿਧਾਇਕ ਲਖਬੀਰ ਸਿੰਘ ਲੱਖਾ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਯਾਦਵਿੰਦਰ ਸਿੰਘ ਜੰਡਿਆਲੀ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜ਼ਰ ਸਨ।

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਹਿੱਤ ਵਿੱਚ ਆਮ ਲੋਕਾਂ ਦੇ ਏਜੰਡੇ ਨੂੰ ਲਾਗੂ ਕਰ ਰਹੀ ਹੈ, ਜਦਕਿ ਕੇਜਰੀਵਾਲ ਵਰਗੇ ਲੋਕ ਦਿੱਲੀ ਦੇ ‘ਆਮ ਆਦਮੀ’ ਦੀ ਬਿਹਤਰੀ ਲਈ ਕੰਮ ਕਰਨ ਦੀ ਬਜਾਏ ਪੰਜਾਬੀਆਂ ਨਾਲ ਅੰਬਰੋਂ ਤਾਰੇ ਤੋੜਨ ਦੇ ਵਾਅਦੇ ਕਰ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਨਾ ਸਿਰਫ਼ ਮਜੀਠੀਆ ‘ਤੇ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਬਲਕਿ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਵੀ ਕੀਤੀ ਜਾ ਰਹੀ ਹੈ।

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਬਿਕਰਮ ਸਿੰਘ ਮਜੀਠੀਆ ਦਰਮਿਆਨ ‘ਚਾਚਾ-ਭਤੀਜਾ’ ਰਿਸ਼ਤਾ ਹੁਣ ਕੋਈ ਭੇਦ ਨਹੀਂ ਰਿਹਾ ਕਿਉਂਕਿ ਸਾਬਕਾ ਮੁੱਖ ਮੰਤਰੀ ਹੁਣ ਸ਼ਰੇਆਮ ਅਕਾਲੀ ਆਗੂ ਦੇ ਹੱਕ ਵਿੱਚ ਬਿਆਨਬਾਜ਼ੀ ਕਰਦੇ ਰਹੇ ਹਨ।

ਉਨ੍ਹਾਂ ਕਿਹਾ ਕਿ ਜਦੋਂ ਤੋਂ ਉਹ ਪੰਜਾਬ ਦੇ ਮੁੱਖ ਮੰਤਰੀ ਬਣੇ ਹਨ, ਪੰਜਾਬੀਆਂ ਦੇ ਹਿੱਤ ਵਿੱਚ 100 ਤੋਂ ਵੱਧ ਫੈਸਲੇ ਲਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੂਰੇ ਉੱਤਰੀ ਖੇਤਰ ਵਿੱਚ ਸਭ ਤੋਂ ਸਸਤਾ ਪੈਟਰੋਲ ਅਤੇ ਡੀਜ਼ਲ ਮੁਹੱਈਆ ਕਰਵਾ ਰਿਹਾ ਹੈ ਅਤੇ ਇਸੇ ਤਰ੍ਹਾਂ ਪੂਰੇ ਦੇਸ਼ ਵਿੱਚ ਬਿਜਲੀ ਦੇ ਰੇਟ ਪੰਜਾਬ ਵਿੱਚ ਸਭ ਤੋਂ ਸਸਤੇ ਹਨ।

ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਵਿਰੁੱਧ ਗੁਨਾਹ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਨਹੀਂ ਬਖਸ਼ਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਾਤ, ਨਸਲ, ਰੰਗ, ਧਰਮ ਤੋਂ ਉਪਰ ਉਠ ਕੇ ਇਕਮੁੱਠ ਹੋ ਕੇ ਕਾਂਗਰਸ ਪਾਰਟੀ ਦਾ ਸਾਥ ਦੇਣ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਸੂਬਾ ਸਰਕਾਰ ਵੱਲੋਂ ਤੈਅ ਨਿਯਮਾਂ ਦੀ ਉਲੰਘਣਾ ਬਾਰੇ ਵੀਡੀਓ ਜਾਂ ਕਿਸੇ ਹੋਰ ਰੂਪ ਵਿੱਚ ਸਬੂਤ ਦੇਣ ਵਾਲੇ ਹਰੇਕ ਵਿਅਕਤੀ ਨੂੰ 25000 ਰੁਪਏ ਦਾ ਇਨਾਮ ਦਿੱਤਾ ਜਾਵੇਗਾ।

ਕੈਬਨਿਟ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਲੋਕ ਪੱਖੀ ਨੀਤੀਆਂ ਕਾਰਨ ਸੂਬੇ ਵਿੱਚ ਵੱਡੀ ਗਿਣਤੀ ਵਿੱਚ ਉਦਯੋਗ ਸਥਾਪਿਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਖੰਨਾ ਹਲਕੇ ਦੀ ਨੁਮਾਇੰਦਗੀ ਕਰਦੇ ਹੋਏ ਇਲਾਕੇ ਵਿੱਚ ਵੱਧ ਤੋਂ ਵੱਧ ਉਦਯੋਗਿਕ ਯੂਨਿਟ ਸਥਾਪਿਤ ਕਰਨ ਲਈ ਪੂਰੀ ਤਨਦੇਹੀ ਨਾਲ ਯਤਨਸ਼ੀਲ ਹਨ, ਕਿਉਂਕਿ ਇਸ ਨਾਲ ਇਲਾਕੇ ਵਿੱਚ ਰੁਜ਼ਗਾਰ ਦੇ ਮੌਕੇ ਪੈਦਾ ਹੋਣ ਦੇ ਨਾਲ ਖੁਸ਼ਹਾਲੀ ਆਵੇਗੀ।

 

Facebook Comments

Trending