ਲੁਧਿਆਣਾ : ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ, ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਜ਼ਿਲ੍ਹਾ ਲੁਧਿਆਣਾ ਦੇ ਸਾਰੇ 14 ਵਿਧਾਨ ਸਭਾ ਹਲਕਿਆਂ ਵਿੱਚ ਚੋਣ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਕੀਤੀ।
ਜ਼ਿਲ੍ਹੇ ਦੇ ਸਾਰੇ 2969 ਪੋਲਿੰਗ ਸਟੇਸ਼ਨਾਂ ‘ਤੇ ਤਿੱਖੀ ਨਜ਼ਰ, ਰਿਮੋਟ ਅਤੇ ਰੀਅਲ-ਟਾਈਮ ਨਿਗਰਾਨੀ ਰੱਖਣ ਲਈ, ਲੁਧਿਆਣਾ ਪ੍ਰਸ਼ਾਸਨ ਵਿਧਾਨ ਸਭਾ ਚੋਣਾਂ ਨੂੰ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਤੀਸਰੀ ਅੱਖ ਰਾਹੀਂ ਨਿਗਰਾਨੀ ਰੱਖਣ ਲਈ ਲਾਈਵ ਸਟ੍ਰੀਮਿੰਗ (ਵੈਬ ਕਾਸਟਿੰਗ) ਦਾ ਪ੍ਰਬੰਧ ਕੀਤਾ ਜਾਵੇਗਾ। ਇਸੇ ਤਰ੍ਹਾਂ ਵਲਨਰਏਬਲ਼ ਚੋਣ ਬੂਥਾਂ ‘ਤੇ ਮਾਈਕਰੋ ਆਬਜ਼ਰਵਰ ਅਤੇ ਅਰਧ ਸੈਨਿਕ ਬਲ ਵੀ ਤਾਇਨਾਤ ਕੀਤੇ ਜਾਣਗੇ।
ਦੇਰ ਸ਼ਾਮ ਮੁੱਖ ਚੋਣ ਅਫ਼ਸਰ ਦੀ ਵੀਡੀਓ ਕਾਨਫਰੰਸ ਵਿੱਚ ਹਾਜ਼ਰੀ ਭਰਨ ਤੋਂ ਬਾਅਦ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਸ਼ਹਿਰੀ ਖੇਤਰਾਂ ਵਿੱਚ ਕੁੱਲ 1481 ਅਤੇ ਪੇਂਡੂ ਖੇਤਰਾਂ ਵਿੱਚ 1484 ਪੋਲਿੰਗ ਸਟੇਸ਼ਨ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ 2969 ਪੋਲਿੰਗ ਸਟੇਸ਼ਨਾਂ ‘ਤੇ ਲਾਈਵ ਸਟ੍ਰੀਮਿੰਗ ਹੋਵੇਗੀ, ਜਿਸ ਰਾਹੀਂ ਪ੍ਰਸ਼ਾਸਨ ਕਤਾਰਾਂ ‘ਚ ਖੜ੍ਹੇ ਵੋਟਰਾਂ ਦੀ ਗਿਣਤੀ ‘ਤੇ ਨਜ਼ਰ ਰੱਖੇਗਾ, ਰੀਅਲ ਟਾਈਮ ਵਿੱਚ ਪੋਲਿੰਗ ਪ੍ਰਕਿਰਿਆ ਅਤੇ ਕੰਟਰੋਲ ਰੂਮਾਂ ਰਾਹੀਂ ਸਮੁੱਚੀ ਪੋਲਿੰਗ ਪ੍ਰਕਿਰਿਆ ‘ਤੇ ਨਜ਼ਰ ਰੱਖੀ ਜਾਵੇਗੀ।
ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਵਲਨਰਏਬਲ਼ ਪੋਲਿੰਗ ਸਟੇਸ਼ਨਾਂ ਤੋਂ ਵਿਜ਼ੂਅਲ ਦੇ ਨਿਰੰਤਰ ਪ੍ਰਸਾਰਣ ਨੂੰ ਯਕੀਨੀ ਬਣਾਉਣ ਲਈ ਹਾਈ-ਸਪੀਡ ਇੰਟਰਨੈਟ ਨਾਲ ਉੱਚ-ਰੈਜ਼ੋਲਿਊਸ਼ਨ ਵੈਬਕੈਮ ਜੁੜੇ ਹੋਣਗੇ। ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਜ਼ਿਲ੍ਹੇ ਦੇ ਅਜਿਹੇ ਪੋਲਿੰਗ ਸਟੇਸ਼ਨਾਂ ‘ਤੇ ਵਾਧੂ ਅਰਧ ਸੈਨਿਕ ਬਲ ਵੀ ਤਾਇਨਾਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰੇਕ ਹਲਕੇ ਵਿੱਚ ਇੱਕ ਮਹਿਲਾ ਪੋਲਿੰਗ ਸੈਂਟਰ ਅਤੇ ਇੱਕ ਪੀ.ਡਬਲਯੂ.ਡੀ (ਅਪੰਗ ਵਿਅਕਤੀਆਂ ਲਈ) ਪੋਲਿੰਗ ਸੈਂਟਰ ਵੀ ਸਥਾਪਿਤ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਪੀ.ਡਬਲਯੂ.ਡੀ ਅਤੇ 80 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਵੋਟਰਾਂ ਨੂੰ ਚੋਣ ਫਾਰਮ 12-ਡੀ ਵੰਡਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ, ਤਾਂ ਜੋ ਜੇਕਰ ਉਹ ਦਿਲਚਸਪੀ ਰੱਖਦੇ ਹਨ ਤਾਂ ਉਹ ਇਹ ਫਾਰਮ ਭਰ ਕੇ ਆਪਣੇ ਸਬੰਧਤ ਰਿਟਰਨਿੰਗ ਅਫ਼ਸਰ ਕੋਲ ਜਮ੍ਹਾਂ ਕਰਵਾ ਸਕਦੇ ਹਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਪੋਸਟਲ ਬੈਲਟ ਜਾਰੀ ਕੀਤੇ ਜਾਣਗੇ।