ਲੁਧਿਆਣਾ : ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਕੋਵਿਡ-19 ਪਾਜ਼ੀਟਿਵ ਕੇਸਾਂ ਵਿਚ ਹਾਲ ਹੀ ਵਿਚ ਹੋਏ ਵਾਧੇ ਨੂੰ ਧਿਆਨ ਵਿਚ ਰੱਖਦੇ ਹੋਏ, ਲੋਕ ਹਿੱਤ ਵਿਚ ਸਾਰੇ ਵਿਦਿਅਕ ਅਦਾਰਿਆਂ ਨੂੰ 25 ਜਨਵਰੀ 2022 ਤੱਕ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਸਨ, ਪਰ ਧਿਆਨ ਵਿਚ ਲਿਆਂਦਾ ਗਿਆ ਹੈ ਕਿ ਆਈਲੈਟਸ ਇਮਤਿਹਾਨ ਹੋਣ ਜਾ ਰਹੇ ਹਨ, ਇਸ ਲਈ ਸਾਵਧਾਨੀਆਂ ਤੇ ਸ਼ਰਤਾਂ ਨਾਲ ਆਈਲੈਟਸ ਸੈਂਟਰ ਖੋਲ੍ਹਣ ਦਾ ਫ਼ੈਸਲਾ ਕੀਤਾ ਗਿਆ ਹੈ।
ਸੰਸਥਾਵਾਂ ਦੇ ਬੰਦ ਹੋਣ ਨਾਲ ਅਕਾਦਮਿਕ ਪਾਠਕ੍ਰਮ ਪ੍ਰਭਾਵਿਤ ਹੋਣਗੇ। ਆਈਲੈਟਸ ਦੇ ਵਿਦਿਆਰਥੀਆਂ ਦੀ ਰੁਚੀ ਨੂੰ ਧਿਆਨ ਵਿਚ ਰੱਖਦੇ ਹੋਏ, ਕੇਵਲ ਜ਼ਿਲ੍ਹਾ ਲੁਧਿਆਣਾ ਵਿਚ ਰਜਿਸਟਰਡ ਸੰਸਥਾਵਾਂ ਨੂੰ ਕਲਾਸਾਂ ਲਗਾਉਣ ਦੀ ਇਜਾਜ਼ਤ ਦਿੱਤੀ ਜਾਂਦੀ ਹੈ।
ਉਨ੍ਹਾਂ ਕਿਹਾ ਕਿ ਇੰਸਟੀਚਿਊਟ ਅਥਾਰਟੀ ਵਿਦਿਆਰਥੀਆਂ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 12 ਵਜੇ ਅਤੇ ਦੁਪਹਿਰ 2 ਵਜੇ ਤੋਂ ਸ਼ਾਮ 5 ਵਜੇ ਤੱਕ ਤੇ ਹਰੇਕ ਸਮੂਹ ਵਿਚ ਵੱਧ ਤੋਂ ਵੱਧ 50 ਫ਼ੀਸਦੀ ਵਿਦਿਆਰਥੀਆਂ ਨੂੰ ਬੈਠਣ ਦੀ ਆਗਿਆ ਹੋਵੇਗੀ।
ਸੰਸਥਾ ਦੇ ਅਧਿਕਾਰੀ ਸਾਰੇ ਕੋਵਿਡ-19 ਦੀ ਪਾਲਣਾ ਨੂੰ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੁਆਰਾ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਇਆ ਜਾਵੇ। ਸ੍ਰੀ ਸ਼ਰਮਾ ਨੇ ਕਿਹਾ ਕਿ ਇੰਸਟੀਚਿਊਟ ਅਥਾਰਟੀ ਨੂੰ ਦਿਨ ਵਿਚ ਦੋ ਵਾਰ ਸੰਸਥਾਵਾਂ ਦੀ ਸਹੀ ਸਵੱਛਤਾ ਨੂੰ ਯਕੀਨੀ ਬਣਾਉਣਾ ਪਵੇਗਾ |
ਅਥਾਰਟੀ ਸਿਰਫ਼ ਦੋ ਵਾਰ ਕੋਰੋਨਾ ਟੀਕਾ ਲਗਵਾਉਣ ਵਾਲੇ ਵਿਦਿਆਰਥੀਆਂ ਅਤੇ ਸਟਾਫ਼ ਇਜਾਜ਼ਤ ਦੇਵੇਗੀ। ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੁਦਰਤੀ ਆਫ਼ਤ ਪ੍ਰਬੰਧਨ ਐਕਟ, 2005 ਤੋਂ ਇਲਾਵਾ ਭਾਰਤੀ ਦੰਡ ਦੀ ਧਾਰਾ 188 ਅਧੀਨ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।