ਲੁਧਿਆਣਾ : ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਵਲੋਂ ਜ਼ਿਲ੍ਹੇ ਦੇ ਸਮੂਹ ਸਰਕਾਰੀ, ਨਿੱਜੀ, ਏਡਿਡ ਸਕੂਲ ਮੁਖੀਆਂ ਨੂੰ ਭੇਜੇ ਪੱਤਰ ਵਿਚ ਹਦਾਇਤ ਦਿੱਤੀ ਗਈ ਹੈ ਕਿ 15 ਤੋਂ 18 ਸਾਲ ਦੇ ਵਿਦਿਆਰਥੀਆਂ ਨੂੰ ਇਕ ਹਫਤੇ ਅੰਦਰ ਕੋਰੋਨਾ ਵੈਕਸੀਨ ਲਗਾ ਕੇ ਰਿਪੋਰਟ ਭੇਜੀ ਜਾਵੇ, ਦਾ ਨਿੱਜੀ ਸਕੂਲਾਂ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ।
ਸਕੂਲ ਸੰਘ ਪੰਜਾਬ ਦੇ ਜਨਰਲ ਸਕੱਤਰ ਭੁਵਨੇਸ਼ ਭੱਟ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿਚ ਵੈਕਸੀਨ ਲਗਾਉਣ ਲਈ ਕੈਂਪ ਲਗਾਉਣੇ ਸ਼ੁਰੂ ਕਰ ਦਿੱਤੇ ਹਨ ਪਰੰਤੂ ਨਿੱਜੀ ਸਕੂਲਾਂ ਦੇ ਪ੍ਰਬੰਧਕਾਂ ਨੂੰ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਕਿ ਵੈਕਸੀਨ ਅਤੇ ਸਟਾਫ ਕਿਥੋਂ ਮਿਲੇਗਾ।
ਉਨ੍ਹਾਂ ਦੱਸਿਆ ਕਿ ਕੈਂਪ ਲਗਾਉਣ ਲਈ ਕੋਈ ਹੈਲਪਲਾਈਨ ਨੰਬਰ ਵੀ ਨਹੀਂ ਜਾਰੀ ਕੀਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਨਿੱਜੀ ਸਕੂਲਾਂ ਵਿਚ 15 ਤੋਂ 18 ਦੇ ਵਿਦਿਆਰਥੀਆਂ ਨੂੰ ਕੋਰੋਨਾ ਵੈਕਸੀਨ ਕੈਂਪ ਲਗਾਉਣ ਲਈ ਢੁੱਕਵੇਂ ਪ੍ਰਬੰਧ ਕੀਤੇ ਜਾਣ।