ਲੁਧਿਆਣਾ : ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਹਲਕਾ ਆਤਮ ਨਗਰ ਦੇ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਦੇ ਹੱਕ ਵਿਚ ਗੁਰ ਗਿਆਨ ਵਿਹਾਰ ਵਿਖੇ ਗੁਰ ਗਿਆਨ ਵਿਹਾਰ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਗੁਰਦੀਪ ਸਿੰਘ ਕਾਲੜਾ ਸਮੇਤ ਸਮੂਹ ਪ੍ਰਬੰਧਕਾਂ ਵਲੋਂ ਵਿਸ਼ੇਸ਼ ਮੀਟਿੰਗ ਕੀਤੀ ਗਈ।
ਇਸ ਦੌਰਾਨ ਵਿਧਾਇਕ ਬੈਂਸ ਨੂੰ ਇਲਾਕਾ ਵਾਸੀਆਂ ਨੇ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਅਤੇ ਇਲਾਕੇ ਦੀ ਇਕੱਲੀ ਇਕੱਲੀ ਵੋਟ ਵਿਧਾਇਕ ਬੈਂਸ ਦੇ ਹੱਕ ਵਿਚ ਭੁਗਤਾਉਣ ਦਾ ਵਿਸ਼ਵਾਸ਼ ਦੁਆਇਆ।
ਇਸ ਮੌਕੇ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਬੈਂਸ ਨੇ ਕਿਹਾ ਕਿ ਉਹ ਪਿਛਲੇ 10 ਸਾਲਾਂ ਤੋਂ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਹਰ ਵੋਟਰ ਸਮੇਤ ਵੱਖ-ਵੱਖ ਵਿਧਾਨ ਸਭਾ ਹਲਕਿਆਂ ਤੋਂ ਆਉਣ ਵਾਲੇ ਲੋਕਾਂ ਦਾ ਕੰਮ ਬਿਨ੍ਹਾਂ ਕਿਸੇ ਭੇਦ ਭਾਵ ਦੇ ਕਰ ਰਹੇ ਹਨ, ਜਿਸ ਕਾਰਨ ਹਲਕਾ ਆਤਮ ਨਗਰ ਦਾ ਹਰ ਵੋਟਰ ਉਨ੍ਹਾਂ ਦੇ ਨਾਲ ਹੈ ਅਤੇ ਉਨ੍ਹਾਂ ਨੂੰ ਲਗਾਤਾਰ ਤੀਸਰੀ ਵਾਰ ਜਿਤਾ ਕੇ ਵਿਧਾਨ ਸਭਾ ਦੀਆਂ ਪੌੜੀਆਂ ਚੜਨ ਵਿਚ ਸਹਾਈ ਹੋਵੇਗਾ।
ਉਨ੍ਹਾਂ ਵਿਰੋਧੀਆਂ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਉਹ ਆਪਣੀਆਂ ਜ਼ਮਾਨਤਾਂ ਨੂੰ ਬਚਾਉਣ ਲਈ ਸਾਫ ਸੁਥਰੀ ਰਾਜਨੀਤੀ ਕਰਦੇ ਹੋਏ ਚੋਣਾਂ ਦੌਰਾਨ ਸ਼ਾਤੀ ਬਣਾਏ ਰੱਖਣ ਨਹੀਂ ਤਾਂ ਉਨ੍ਹਾਂ ਤੋਂ ਪਹਿਲਾਂ ਹੀ ਹਲਕਾ ਆਤਮ ਨਗਰ ਦੇ ਲੋਕ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਸਬਕ ਸਿਖਾ ਦੇਣਗੇ। ਇਸ ਮੌਕੇ ਇਲਾਕਾ ਨਿਵਾਸੀਆਂ ਨੇ ਵਿਧਾਇਕ ਬੈਂਸ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਵੀ ਕੀਤਾ।