ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ, ਸੀਨੀਅਰ ਮੀਤ ਪ੍ਰਧਾਨ ਡਾ. ਸ਼ਿਆਮ ਸੁੰਦਰ ਦੀਪਤੀ ਅਤੇ ਜਨਰਲ ਸਕੱਤਰ ਡਾ. ਗੁਰਇਕਬਾਲ ਸਿੰਘ ਨੇ ਪੰਜਾਬੀ ਭਵਨ, ਲੁਧਿਆਣਾ ਵਿਖੇ ਆਪਣਾ ਕਾਰਜਕਾਰ ਸੰਭਾਲ ਲਿਆ ਹੈ। ਇਸ ਮੌਕੇ ਪੰਜਾਬ ਭਰ ਤੋਂ ਪਹੁੰਚੇ ਵਿਦਵਾਨ/ਲੇਖਕਾਂ ਨੇ ਉਨ੍ਹਾਂ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਨੂੰ ਨਵੀਆਂ ਸੰਭਾਵਨਾਵਾਂ ਜਗਾਉਣ ਲਈ ਸੱਦਾ ਦਿੱਤਾ।
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਸ. ਪ. ਸਿੰਘ ਹੋਰਾਂ ਨੇ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਨਵੇਂ ਚੁਣੇ ਪ੍ਰਬੰਧਕੀ ਬੋਰਡ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਮੈਂ ਹਮੇਸ਼ਾਂ ਤੁਹਾਡੇ ਨੇਕ ਯਤਨਾਂ ਦੇ ਨਾਲ ਹਾਂ। ਪੰਜਾਬੀ ਸਾਹਿਤ ਅਕਾਡਮੀ ਦੇ ਸਾਬਕਾ ਪ੍ਰਧਾਨ ਅਤੇ ਪੰਜਾਬ ਕਲਾ ਪਰਿਸ਼ਦ ਦੇ ਚੇਅਰਮੈਨ ਪਦਮ ਸ਼੍ਰੀ ਡਾ. ਸੁਰਜੀਤ ਪਾਤਰ ਨੇ ਕਿਹਾ ਕਿ ਪਿਛਲੇ ਸਮਿਆਂ ਵਿਚ ਲੋਕ ਪੱਖੀ ਨਾਟਕਾਂ ਦਾ ਥੀਏਟਰ ’ਚ ਵੱਡਾ ਯੋਗਦਾਨ ਰਿਹਾ ਹੈ।
ਲੁਧਿਆਣਾ ਦੇ ਸ਼ਾਹੀ ਇਮਾਮ ਤੇ ਇਤਿਹਾਸਕਾਰ ਜਨਾਬ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਪੰਜਾਬੀ ਭਵਨ ਨੂੰ ਸ਼ਹਿਰ ਦੇ ਕੇਂਦਰ ਵਿਚ ਸਥਿਤ ਹੋਣ ਕਾਰਨ ਨੌਜਵਾਨ ਪੀੜ੍ਹੀ ਨੂੰ ਪੰਜਾਬੀ ਪੜ੍ਹਨ ਤੇ ਪੰਜਾਬੀ ਭਵਨ ਦੀਆਂ ਗਤੀ ਵਿਧੀਆਂ ਵਿਚ ਸ਼ਮੂਲੀਅਤ ਕਰਨ ਲਈ ਪ੍ਰੇਰਿਆ ਜਾਣਾ ਬਹੁਤ ਜ਼ਰੂਰੀ ਹੈ।
ਅਕਾਡਮੀ ਦੇ ਸਾਬਕਾ ਪ੍ਰਧਾਨ ਪ੍ਰੋ. ਗੁਰਭਜਨ ਸਿੰਘ ਗਿੱਲ ਹੋਰਾਂ ਜਿੱਥੇ ਨਵੀਂ ਟੀਮ ਨੂੰ ਵਧਾਈ ਦਿੰਦਿਆਂ ਸਭ ਦੀ ਜਾਣ ਪਛਾਣ ਕਰਵਾਉਦਿਆਂ ਕਿਹਾ ਕਿ ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰ ਦੀ ਪ੍ਰਫੁੱਲਤਾ ਲਈ ਕੰਮ ਕਰ ਰਹੀ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਨੂੰ ਸਹਿਯੋਗ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਅਕਾਡਮੀ ਦੀਆਂ ਪ੍ਰਕਾਸ਼ਨਾਵਾਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਇਸ ਲਈ ਵਿਤੀ ਸੋਮੇ ਜੁਟਾਉਣ ਵਿੱਚ ਉਹ ਹਮੇਸ਼ਾਂ ਵਾਂਗ ਆਪਣਾ ਬਣਦਾ ਹਿੱਸਾ ਪਾਉਣਗੇ।
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ ਹੋਰਾਂ ਪ੍ਰਧਾਨਗੀ ਦਾ ਅਹੁਦਾ ਸੰਭਾਲਦਿਆਂ ਕਿਹਾ ਇਹ ਚੋਣ ਬੜੀ ਸਦਭਾਵਨਾ ਨਾਲ ਹੋਈ ਹੈ। ਇਹ ਚੰਗੀ ਸ਼ੁਰੂਆਤ ਹੈ। ਭਵਿੱਖ ਵਿਚ ਵੀ ਮਾਨਵਵਾਦੀ ਸੋਚ ਨਾਲ ਪੰਜਾਬੀ ਸਾਹਿਤ ਅਕਾਡਮੀ ਲਈ ਕੰਮ ਸਭ ਨੂੰ ਰਲ ਕੇ ਕਰਨਾ ਚਾਹੀਦਾ ਹੈ।