ਲੁਧਿਆਣਾ : ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਪੰਜ ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦਿਆਂ ਐਸ.ਟੀ.ਐਫ. ਲੁਧਿਆਣਾ ਰੇਂਜ ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ‘ਚ ਅਮਨ ਮਹਾਜਨ ਪੁੱਤਰ ਅਨਿਲ ਕੁਮਾਰ ਵਾਸੀ ਨਿਊ ਸ਼ਿਮਲਾ ਕਾਲੋਨੀ ਤੇ ਧਰਮਵੀਰ ਪੁੱਤਰ ਰਾਮ ਲੁਭਾਇਆ ਵਾਸੀ ਛਾਉਣੀ ਮੁਹੱਲਾ ਸ਼ਾਮਿਲ ਹਨ।
ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਪਿਛਲੇ ਕਾਫੀ ਸਮੇਂ ਤੋਂ ਇਸ ਧੰਦੇ ਵਿਚ ਸਨ ਤੇ ਸੂਬੇ ਦੇ ਵੱਖ-ਵੱਖ ਸ਼ਹਿਰਾਂ ਵਿਚ ਹੈਰੋਇਨ ਸਪਲਾਈ ਕਰਦੇ ਸਨ। ਪੁਲਿਸ ਨੇ ਇਨ੍ਹਾਂ ਨੂੰ ਗਰੀਨ ਲੈਂਡ ਸਕੂਲ ਨੇੜਿਓ ਉਸ ਵੇਲੇ ਗਿ੍ਫ਼ਤਾਰ ਕੀਤਾ, ਜਦੋਂਕਿ ਇਹ ਹੈਰੋਇਨ ਦੀ ਸਪਲਾਈ ਦੇਣ ਲਈ ਜਾ ਰਹੇ ਸਨ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿਚੋਂ 975 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਪੰਜ ਕਰੋੜ ਰੁਪਏ ਦੇ ਕਰੀਬ ਹੈ।
ਕਾਬੂ ਕੀਤੇ ਗਿਆ ਕਥਿਤ ਦੋਸ਼ੀ ਧਰਮਵੀਰ ਪ੍ਰਾਈਵੇਟ ਤੌਰ ‘ਤੇ ਸਫ਼ਾਈ ਸੇਵਕ ਦਾ ਕੰਮ ਕਰਦਾ ਹੈ ਤੇ ਉਸ ਖ਼ਿਲਾਫ਼ ਪਹਿਲਾਂ ਵੀ ਲੜਾਈ-ਝਗੜੇ ਅਤੇ ਹੋਰ ਸੰਗੀਨ ਧਾਰਾਵਾਂ ਤਹਿਤ ਮਾਮਲੇ ਦਰਜ ਹਨ। ਜਦਕਿ ਅਮਨ ਮਹਾਜਨ ਸੈਨੇਟਰੀ ਦਾ ਕੰਮ ਕਰਦਾ ਹੈ ਤੇ ਉਸ ਖ਼ਿਲਾਫ਼ ਪਹਿਲਾਂ ਵੀ ਇਕ ਮੁਕੱਦਮਾ ਹੈਰੋਇਨ ਦੀ ਤਸਕਰੀ ਦਾ ਦਰਜ ਹੈ। ਪੁਲਿਸ ਵਲੋਂ ਇਨ੍ਹਾਂ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ।