ਲੁਧਿਆਣਾ/ਮਾਛੀਵਾੜਾ ਸਾਹਿਬ : ਪੰਜਾਬ ‘ਚ ਸ਼ਨੀਵਾਰ ਨੂੰ ਨਵੇਂ ਮੰਤਰੀਆਂ ਦੇ ਸਹੁੰ ਚੁੱਕਣ ਨਾਲ ਹੀ ਨਵੇਂ ਮੰਤਰੀ ਮੰਡਲ ਦਾ ਵਿਸਥਾਰ ਹੋਇਆ ਹੈ ਪਰ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੀ ਨਵੀਂ ਸਰਕਾਰ ਨਾਲ ਨਾਰਾਜ਼ਗੀ ਪ੍ਰਗਟ ਕੀਤੀ ਹੈ। ਉਨ੍ਹਾਂ ਨੇ ਆਪਣੇ ਇਸ ਦਿਲੀ ਦਰਦ ਨੂੰ ਸੋਸ਼ਲ ਮੀਡੀਆ ‘ਤੇ ਸਾਂਝਾ ਕੀਤਾ ਹੈ।
ਰਵਨੀਤ ਬਿੱਟੂ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਅੱਜ ਪੰਜਾਬ ‘ਚ ਨਵੀਂ ਸਰਕਾਰ ਬਣੀ ਹੈ, ਇਸ ਦੇ ਨਾਲ ਹੀ ਨਵੇਂ ਮੰਤਰੀ ਮੰਡਲ ਦਾ ਵਿਸਥਾਰ ਵੀ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਸਭ ਤੋਂ ਵੱਡਾ ਜ਼ਿਲ੍ਹਾ ਲੁਧਿਆਣਾ ਅਤੇ ਜ਼ਿਲ੍ਹੇ ਦੀਆਂ 14 ਵਿਧਾਨ ਸਭਾ ਸੀਟਾਂ ’ਚੋਂ 13 ਸੀਟਾਂ ’ਤੇ ਆਮ ਆਦਮੀ ਪਾਰਟੀ ਜਿੱਤੀ ਹੈ ਪਰ ਬੜੇ ਦੁੱਖ ਦੀ ਗੱਲ ਹੈ ਕਿ ਲੁਧਿਆਣਾ ਨੂੰ ਮੰਤਰੀ ਮੰਡਲ ਤੋਂ ਪਰ੍ਹੇ ਰੱਖਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਇਸ ਜ਼ਿਲ੍ਹੇ ਨਾਲ ਸਬੰਧਿਤ ਇੱਕ ਵੀ ਵਿਧਾਇਕ ਨੂੰ ਕੈਬਨਿਟ ਮੰਤਰੀ ਨਹੀਂ ਬਣਾਇਆ ਗਿਆ, ਜੋ ਕਿ ਬੜੀ ਮੰਦਭਾਗੀ ਗੱਲ ਹੈ। ਦੱਸ ਦੇਈਏ ਕਿ ਪੰਜਾਬ ਦਾ ਲੁਧਿਆਣਾ ਜ਼ਿਲ੍ਹਾ ਉਦਯੋਗਿਕ ਹੱਬ ਮੰਨਿਆ ਜਾਂਦਾ ਹੈ ਅਤੇ ਸੂਬੇ ਦੀ ਖੁਸ਼ਹਾਲੀ ਤੇ ਲੋਕਾਂ ਨੂੰ ਰੁਜ਼ਗਾਰ ਦੇਣ ਵਿਚ ਇਸ ਦਾ ਅਹਿਮ ਯੋਗਦਾਨ ਮੰਨਿਆ ਜਾਂਦਾ ਹੈ।
ਪਿਛਲੀਆਂ ਸਰਕਾਰਾਂ ਦੌਰਾਨ ਕਿਸੇ ਵੀ ਪਾਰਟੀ ਨੇ ਲੁਧਿਆਣਾ ਜ਼ਿਲ੍ਹੇ ਨੂੰ ਅਣਗੌਲਿਆਂ ਨਹੀਂ ਕੀਤਾ ਅਤੇ ਇੱਥੋਂ ਇੱਕ ਜਾਂ ਦੋ ਵਿਧਾਇਕਾਂ ਨੂੰ ਮੰਤਰੀ ਦਾ ਅਹੁਦਾ ਦੇ ਕੇ ਜ਼ਰੂਰ ਨਿਵਾਜ਼ਿਆ ਪਰ ਇਸ ਵਾਰ ਤਾਂ ਆਮ ਆਦਮੀ ਪਾਰਟੀ ਦੇ ਹੱਕ ਵਿਚ ਲੋਕਾਂ ਨੇ ਇਸ ਕਦਰ ਜ਼ੋਰਦਾਰ ਫਤਵਾ ਦਿੱਤਾ ਕਿ ਘੱਟੋ-ਘੱਟ 2 ਮੰਤਰੀ ਜ਼ਰੂਰ ਬਣਾਏ ਜਾਣੇ ਚਾਹੀਦੇ ਹਨ। ਆਮ ਆਦਮੀ ਪਾਰਟੀ ਦੇ ਜਿੱਤੇ ਵਿਧਾਇਕਾਂ ’ਚੋਂ ਜ਼ਿਆਦਾਤਰ ਕਾਂਗਰਸ ਪਾਰਟੀ ਤੋਂ ਆਏ ਆਗੂ ਹਨ ਪਰ ਜਗਰਾਓਂ ਤੋਂ ਸਰਬਜੀਤ ਕੌਰ ਮਾਣੂੰਕੇ ਦੂਜੀ ਵਾਰ ਵਿਧਾਇਕ ਬਣੇ ਹਨ ਅਤੇ ਹਲਕਾ ਸਮਰਾਲਾ ਤੋਂ ਜਗਤਾਰ ਸਿੰਘ ਦਿਆਲਪੁਰਾ।