ਲੁਧਿਆਣਾ : ਪੰਜਾਬ ’ਚ ਸਿੱਖਿਆ ਸੁਧਾਰਾਂ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦਾ ਦਿੱਲੀ ਦੌਰਾ 18 ਅਪ੍ਰੈਲ ਨੂੰ ਪ੍ਰਸਤਾਵਿਤ ਹੈ। ਮੁੱਖ ਮੰਤਰੀ ਦੇ ਨਜ਼ਦੀਕੀ ਸੂਤਰਾਂ ਦਾ ਕਹਿਣਾ ਹੈ ਕਿ ਭਗਵੰਤ ਮਾਨ ਦਿੱਲੀ ਦੌਰੇ ਦੌਰਾਨ ਉੱਥੋਂ ਦੇ ਸਕੂਲਾਂ ਦਾ ਦੌਰਾ ਕਰਨਗੇ। ਦਿੱਲੀ ਵਿਚ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਿੱਖਿਆ ਅਤੇ ਸਿਹਤ ਖੇਤਰਾਂ ਵਿਚ ਵੱਡੇ ਸੁਧਾਰ ਕੀਤੇ ਹਨ।
ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਇਨ੍ਹਾਂ ਦੋਵਾਂ ਖੇਤਰਾਂ ਵਿਚ ਦਿੱਲੀ ਮਾਡਲ ਨੂੰ ਲਾਗੂ ਕਰਨ ਦਾ ਐਲਾਨ ਕੀਤਾ ਸੀ। ਇਸ ਨੂੰ ਵੇਖਦੇ ਹੋਏ ਭਗਵੰਤ ਮਾਨ ਦਿੱਲੀ ਦੇ ਸਰਕਾਰੀ ਸਕੂਲਾਂ ਦਾ ਦੌਰਾ ਕਰ ਕੇ ਵੇਖਣਗੇ ਕਿ ਉੱਥੇ ਕੇਜਰੀਵਾਲ ਸਰਕਾਰ ਨੇ ਕਿਸ ਤਰ੍ਹਾਂ ਦੇ ਸੁਧਾਰ ਕੀਤੇ ਹਨ।
ਪੰਜਾਬ ਵਿਚ ਸਿੱਖਿਆ ਦੇ ਖੇਤਰ ’ਚ ਸਰਕਾਰ ਜਲਦ ਸੁਧਾਰ ਸ਼ੁਰੂ ਕਰਨਾ ਚਾਹੁੰਦੀ ਹੈ।ਦੱਸ ਦੇਈਏ ਕਿ ਸਕੂਲਾਂ ਦੇ ਨਾਲ-ਨਾਲ ਦਿੱਲੀ ਦੇ ਹੈਲਥ ਮਾਡਲ ਦੀ ਵੀ ਦੇਸ਼ ਦੇ ਕਈ ਹਿੱਸਿਆਂ ਵਿਚ ਚਰਚਾ ਹੁੰਦੀ ਹੈ। ਇਸ ਲਈ ਪਿਛਲੇ ਦਿਨੀਂ ਦੱਖਣੀ ਭਾਰਤ ਦੇ ਇਕ ਮੁੱਖ ਮੰਤਰੀ ਨੇ ਉੱਥੋਂ ਦੇ ਹੈਲਥ ਸੈਂਟਰਾਂ ਦਾ ਦੌਰਾ ਕੀਤਾ ਸੀ।