ਲੁਧਿਆਣਾ : ਭਾਜਪਾ ਦੇ ਕੌਮੀ ਪ੍ਰਧਾਨ ਜੇ ਪੀ ਨੱਡਾ 14 ਮਈ ਨੂੰ ਲੁਧਿਆਣਾ ਆਉਣਗੇ। ਉਹ ਸਵੇਰ ਤੋਂ ਲੈ ਕੇ ਸ਼ਾਮ ਤੱਕ ਵੱਖ-ਵੱਖ ਸਮਾਗਮਾਂ ਵਿੱਚ ਹਿੱਸਾ ਲੈਣਗੇ। ਇਹ ਗੱਲ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਹੀ। ਸ਼ਰਮਾ ਦਾ ਕਹਿਣਾ ਹੈ ਕਿ ਉਸੇ ਦਿਨ ਕਾਨਫਰੰਸ ਮੰਡਲ ਪੱਧਰ ਤੋਂ ਉੱਪਰ ਦੇ ਵਰਕਰਾਂ ਲਈ ਕੀਤੀ ਜਾਵੇਗੀ। ਜੇਪੀ ਨੱਡਾ ਦੇ ਦੌਰੇ ਨਾਲ ਪੰਜਾਬ ਵਿੱਚ ਭਾਜਪਾ ਮਜ਼ਬੂਤ ਹੋਵੇਗੀ ਅਤੇ ਵਰਕਰਾਂ ਦਾ ਮਨੋਬਲ ਵਧੇਗਾ।
ਅਸ਼ਵਨੀ ਸ਼ਰਮਾ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਕਿਸੇ ਵੀ ਹਾਲਤ ‘ਚ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਨਹੀਂ ਹੋਵੇਗਾ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਨੂੰ ਤੋੜਨ ਵਾਲੀਆਂ ਤਾਕਤਾਂ ਹਾਵੀ ਹੋ ਰਹੀਆਂ ਹਨ। ਉਨ੍ਹਾਂ ਨੂੰ ਸਖਤੀ ਨਾਲ ਰੋਕਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਆਪ ਵਲੋਂ ਵੱਡੇ-ਵੱਡੇ ਦਾਅਵੇ ਸਿਰਫ ਇਸ਼ਤਿਹਾਰਾਂ ਰਾਹੀਂ ਹੀ ਕੀਤੇ ਜਾ ਰਹੇ ਹਨ, ਜਦਕਿ ਲੋਕਾਂ ਨੂੰ ਕੋਈ ਸਹੂਲਤ ਨਹੀਂ ਮਿਲੀ।
ਦੱਸਿਆ ਜਾ ਰਿਹਾ ਹੈ ਕਿ ਇਕ ਦਿਨ ਪਹਿਲਾਂ ਮੀਟਿੰਗ ਵਿਚ ਸੂਬਾ ਅਹੁਦੇਦਾਰ, ਇੰਚਾਰਜ, ਸੂਬਾ ਦੇ ਜ਼ਿਲਾ ਪ੍ਰਧਾਨ ਅਤੇ ਮੋਰਚਾ ਪ੍ਰਧਾਨ ਸ਼ਾਮਲ ਹੋਏ ਸਨ। ਦੂਜੀ ਮੀਟਿੰਗ ਵਿਚ ਕੋਰ ਗਰੁੱਪ ਦੇ ਮੈਂਬਰ, ਚੋਣ ਲੜ ਰਹੇ ਸਾਰੇ ਉਮੀਦਵਾਰ ਅਤੇ ਕੁਝ ਪ੍ਰਮੁੱਖ ਅਹੁਦੇਦਾਰ ਸ਼ਾਮਲ ਹੋਏ। ਇਸ ਦੌਰਾਨ ਸੰਗਠਨ ਦੇ ਵਿਸਥਾਰ ਅਤੇ ਆਉਣ ਵਾਲੀਆਂ ਚੋਣਾਂ ਬਾਰੇ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਗਏ।