ਲੁਧਿਆਣਾ: ਸਨਅਤੀ ਸ਼ਹਿਰ ਵਿੱਚ ਪ੍ਰਾਈਵੇਟ ਹਸਪਤਾਲਾਂ ਵਿੱਚ ਆਯੂਸ਼ਮਾਨ ਸਕੀਮ ਦੇ ਤਹਿਤ ਹੋਣ ਵਾਲੇ ਇਲਾਜ ਨੂੰ ਬੰਦ ਕਰ ਦਿੱਤਾ ਗਿਆ ਹੈ। ਇਸ ਦੇ ਪਿੱਛੇ ਦਾ ਕਾਰਨ ਹੈ ਕਿ ਇਸ ਸਬੰਧੀ ਪ੍ਰਾਈਵੇਟ ਤੇ ਸਰਕਾਰੀ ਹਸਪਤਾਲਾਂ ਵਿੱਚ ਪੈਡਿੰਗ ਪਏ ਫੰਡ ਜਾਰੀ ਨਹੀਂ ਕੀਤੇ ਗਏ ਹਨ। ਲੁਧਿਆਣਾ ਵਿੱਚ ਪ੍ਰਾਈਵੇਟ ਤੇ ਸਰਕਾਰੀ ਹਸਪਤਾਲਾਂ ਦਾ ਸਰਕਾਰ ਵੱਲ 60 ਕਰੋੜ ਰੁਪਏ ਬਕਾਇਆ ਹੈ।
ਇੰਡੀਅਨ ਮੈਡੀਕਲ ਐਸੋਸੇਈਸ਼ੇਨ (ਆਈਏਐਮ) ਦੇ ਲੁਧਿਆਣਾ ਪ੍ਰਧਾਨ ਡਾ. ਬਿਮਲ ਨੇ ਦੱਸਿਆ ਕਿ ਪ੍ਰਾਈਵੇਟ ਤੇ ਸਰਕਾਰ ਹਸਪਤਾਲਾਂ ਵਿੱਚ ਆਯੂਸ਼ਮਾਨ ਸਕੀਮ ਤਹਿਤ ਕਾਫ਼ੀ ਬਿਮਾਰੀਆਂ ਦਾ ਇਲਾਜ ਕੀਤਾ ਜਾਂਦਾ ਹੈ। ਪਰ ਸਰਕਾਰ ਵੱਲੋਂ ਲੰਬੇ ਸਮੇਂ ਤੋਂ ਪੂਰੇ ਪੰਜਾਬ ਵਿੱਚ ਇਸ ਸਕੀਮ ਤਹਿਤ ਇਲਾਜ ਕਰਨ ਵਾਲੇ ਹਸਪਤਾਲਾਂ ਨੂੰ ਪੈਸੇ ਨਹੀਂ ਦਿੱਤੇ ਜਾ ਰਹੇ। ਇਸ ਕਰ ਕੇ ਹੁਣ ਹਸਪਤਾਲਾਂ ਵੱਲੋਂ ਇਲਾਜ ਕਰਨਾ ਮੁਸ਼ਕਲ ਹੁੰਦਾ ਜਾ ਰਿਹਾ ਹੈ।
ਇਸੇ ਨੂੰ ਲੈ ਕੇ ਲੁਧਿਆਣਾ ਵਿੱਚ ਪ੍ਰਾਈਵੇਟ ਹਸਪਤਾਲਾਂ ਨੇ ਮਰੀਜ਼ਾਂ ਦਾ ਇਲਾਜ ਬੰਦ ਕਰ ਦਿੱਤਾ ਗਿਆ ਹੈ। ਸਨਅਤੀ ਸ਼ਹਿਰ ਵਿੱਚ ਚਾਰ ਲੱਖ ਤੋਂ ਵੱਧ ਲੋਕਾਂ ਦੇ ਕਾਰਡ ਬਣੇ ਹੋਏ ਹਨ। ਉਨ੍ਹਾਂ ਦਾ ਪ੍ਰਾਈਵੇਟ ਤੇ ਸਰਕਾਰੀ ਦੋਵੇਂ ਹਸਪਤਾਲਾਂ ਵਿੱਚ ਪੰਜ ਲੱਖ ਤੱਕ ਦਾ ਮੁਫ਼ਤ ਇਲਾਜ ਹੁੰਦਾ ਸੀ। ਉਨ੍ਹਾਂ ਕਿਹਾ ਕਿ ਜਿੰਨੇ ਸਮੇਂ ਤੱਕ ਸਰਕਾਰ ਪੁਰਾਣਾ ਬਕਾਇਆ ਜਾਰੀ ਨਹੀਂ ਕਰਦੀ, ਉਦੋਂ ਤੱਕ ਪ੍ਰਾਈਵੇਟ ਹਸਪਤਾਲ ਇਸ ਸਕੀਮ ਦੇ ਤਹਿਤ ਮਰੀਜ਼ਾਂ ਦਾ ਮੁਫ਼ਤ ਇਲਾਜ ਨਹੀਂ ਕਰਨਗੇ।