ਲੁਧਿਆਣਾ : ਅੱਜ ਹਲਕਾ ਲੁਧਿਆਣਾ ਉੱਤਰੀ ਦੇ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਸਥਾਨਕ ਚੰਨਣ ਦੇਵੀ ਸਰਕਾਰੀ ਕੰਨਿਆ ਹਾਈ ਸਕੂਲ, ਸਲੇਮ ਟਾਬਰੀ ਦਾ ਵਿਸ਼ੇਸ਼ ਦੌਰਾ ਕੀਤਾ ਅਤੇ ਸਕੂਲ ਦੇ ਨਵੀਨੀਕਰਣ ਸਬੰਧੀ ਚੱਲ ਰਹੇ ਕਾਰਜ਼ਾਂ ਦੀ ਸਮੀਖਿਆ ਕੀਤੀ। ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ, ਪ੍ਰਿੰਸੀਪਲ ਸ੍ਰੀਮਤੀ ਪੂਨਮ ਕਲੀ ਅਤੇ ਸਮੂਹ ਸਕੂਲ ਸਟਾਫ ਵੱਲੋਂ ਵਿਧਾਇਕ ਬੱਗਾ ਦਾ ਭਰਵਾਂ ਸੁਆਗਤ ਕੀਤਾ ਗਿਆ। ਪ੍ਰਿੰਸੀਪਲ ਸ੍ਰੀਮਤੀ ਪੂਨਮ ਕਲੀ ਵੱਲੋਂ ਵਿਧਾਇਕ ਬੱਗਾ ਨੂੰ ਸਨਮਾਨ ਚਿੰਨ੍ਹ ਵੀ ਭੇਂਟ ਕੀਤਾ।
ਇਸ ਮੌਕੇ ਪ੍ਰਿੰਸੀਪਲ ਸ੍ਰੀਮਤੀ ਪੂਨਮ ਕਲੀ ਵੱਲੋਂ ਵਿਧਾਇਕ ਬੱਗਾ ਨੂੰ ਸਾਲਾਨਾ ਪ੍ਰਗਤੀ ਰਿਪੋਰਟ ਬਾਰੇ ਜਾਣੂੰ ਕਰਵਾਇਆ ਅਤੇ ਚੱਲ ਰਹੀ ਨਵੀਂ ਉਸਾਰੀ ਬਾਰੇ ਵੀ ਚਾਨਣਾ ਪਾਇਆ। ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਕੂਲ ਦੇ ਨਵੀਨੀਕਰਣ ਸਬੰਧੀ ਜਿਹੜੇ ਕੰਮ ਚੱਲ ਰਹੇ ਹਨ ਉਹ ਨਿਰਵਿਘਨ ਨੇਪਰੇ ਚੜ੍ਹਨਗੇ ਅਤੇ ਫੰਡਾਂ ਦੀ ਕੋਈ ਘਾਟ ਨਹੀਂ ਆਉਂਣ ਦਿੱਤੀ ਜਾਵੇਗੀ।
ਵਿਧਾਇਕ ਬੱਗਾ ਨੇ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਬੇਹੱਦ ਸੰਵੇਦਨਸ਼ੀਲ ਹੈ। ਉਨ੍ਹਾਂ ਕਿਹਾ ਕਿ ਇਹ ਠੀਕ ਕਿਹਾ ਜਾਂਦਾ ਹੈ ਕਿ ਵਿੱਦਿਆ ਹੀ ਦੌਲਤ ਹੈ ਜੋ ਹਰ ਦੇਸ਼ ਦੇ ਭਵਿੱਖ ਦਾ ਫੈਸਲਾ ਕਰਦੀ ਹੈ। ਇਸੇ ਕਰਕੇ ਆਮ ਆਦਮੀ ਪਾਰਟੀ ਦੇ ਕੰਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦੀ ਸੋਚ ‘ਤੇ ਚੱਲ ਕੇ ਹੀ ਸਰਕਾਰੀ ਸਕੂਲਾਂ ਦਾ ਮਿਆਰ ਉੱਚਾ ਚੁੱਕਿਆ ਜਾ ਰਿਹਾ ਹੈ ਤਾਂਕਿ ਉਨ੍ਹਾਂ ਦੇ ਹਲਕੇ ਦੇ ਲੋਕ ਹੋਰ ਅਮੀਰ ਬਣ ਸਕਣ।
ਉਨ੍ਹਾਂ ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਚੰਗੀ ਸਿੱਖਿਆ ਦਾ ਕੋਈ ਮੇਲ ਨਹੀਂ ਹੈ ਕਿਉਂਕਿ ਇਹ ਸਾਡੀ ਨੌਜਵਾਨ ਪੀੜ੍ਹੀ ਨੂੰ ਵਧੀਆ ਤਰੀਕਿਆਂ ਨਾਲ ਤਿਆਰ ਕਰਕੇ ਉਨ੍ਹਾਂ ਨੂੰ ਜਾਗਰੂਕ ਅਤੇ ਚੰਗੇ ਨਾਗਰਿਕ ਬਣਾਉਂਦੀ ਹੈ। ਸਾਨੂੰ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨੂੰ ਬਿਹਤਰ ਸਿੱਖਿਆ ਪ੍ਰਦਾਨ ਕਰਨ ਲਈ ਸਮੂਹਿਕ ਤੌਰ ‘ਤੇ ਕੰਮ ਕਰਨਾ ਚਾਹੀਦਾ ਹੈ ਕਿਉਂਕਿ ਇਹ ਮਨੁੱਖਤਾ ਦੀ ਸਭ ਤੋਂ ਉੱਤਮ ਸੇਵਾ ਹੈ।
ਇਸ ਮੌਕੇ ਐਸ.ਡੀ.ਓ. (ਬੀ. ਐਂਡ ਆਰ.) ਅਕਸ਼ੇ ਬਾਂਸਲ, ਬਿੱਟੂ ਭਨੋਟ, ਅਮਨ ਬੱਗਾ,ਸੰਤੋਸ਼ ਕੁਮਾਰ, ਸੁਰਿੰਦਰ ਸਿੰਘ, ਦਿਨੇਸ਼ ਸ਼ਰਮਾ, ਸ਼ਾਮ ਚਿਤਕਾਰਾ, ਦਲਜੀਤ ਸਿੰਘ ਬਿੱਟੂ, ਧਰਮਿੰਦਰ ਪਾਲ, ਗੁਰਪ੍ਰੀਤ ਸਿੰਘ ਭੁੱਲਰ, ਹਰੀਸ਼ ਚਿਤਕਾਰਾ, ਸੰਜੀਵ ਮਹਿਮੀ, ਨਵੀਨ ਕਠਪਾਲ, ਸੁਰਿੰਦਰ ਅਰੋੜਾ, ਸ੍ਰੀ ਕੇਵਲ ਮਾਂਗਟ, ਸਮੂਹ ਸਕੂਲ ਸਟਾਫ ਤੋਂ ਇਲਾਵਾ ਹੋਰ ਵੀ ਮੌਜੂਦ ਸਨ।