ਲੁਧਿਆਣਾ : ਪੀ.ਏ.ਯੂ. ਦੇ ਪਸਾਰ ਸਿੱਖਿਆ ਵਿਭਾਗ ਵੱਲੋਂ ਮੋਗਾ ਜ਼ਿਲੇ ਦੇ ਪਿੰਡ ਪੂਰਨੇਵਾਲਾ ਨਾਬਾਰਡ ਦੀ ਸਹਾਇਤਾ ਨਾਲ ਫਸਲੀ ਰਹਿੰਦ-ਖੂੰਹਦ ਦੀ ਸੰਭਾਲ ਬਾਰੇ ਕਿਸਾਨ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ । ਵਿਭਾਗ ਦੇ ਮੁਖੀ ਡਾ. ਕੁਲਦੀਪ ਸਿੰਘ ਨੇ ਕਿਹਾ ਕਿ ਇਸ ਪ੍ਰੋਗਰਾਮ ਦਾ ਉਦੇਸ਼ ਕਿਸਾਨਾਂ ਨੂੰ ਝੋਨੇ ਦੀ ਕਾਸ਼ਤ ਦੀਆਂ ਵਿਕਸਿਤ ਤਕਨਾਲੋਜੀਆਂ ਤੋਂ ਜਾਣੂੰ ਕਰਵਾਉਣਾ ਸੀ।
ਪਸਾਰ ਮਾਹਿਰ ਡਾ. ਧਰਮਿੰਦਰ ਸਿੰਘ ਨੇ ਧਰਤੀ ਹੇਠਲੇ ਪਾਣੀ ਦੀ ਦਸ਼ਾ ਬਾਰੇ ਫਿਕਰਮੰਦੀ ਜਾਹਿਰ ਕੀਤੀ ਅਤੇ ਉਹਨਾਂ ਨੇ ਕਿਸਾਨਾਂ ਨੂੰ ਝੋਨੇ ਵਿੱਚ ਪਾਣੀ ਦੀ ਬੱਚਤ ਦੇ ਵੱਖ-ਵੱਖ ਤਰੀਕੇ ਦੱਸੇ । ਉਹਨਾਂ ਨੇ ਕਿਹਾ ਕਿ ਘੱਟ ਮਿਆਰ ਵਾਲੀਆਂ ਕਿਸਮਾਂ ਦੀ ਕਾਸ਼ਤ ਦੇ ਨਾਲ-ਨਾਲ ਲੇਜ਼ਰ ਲੈਵਲਿੰਗ ਅਤੇ ਸੁਚੱਜੀ ਸਿੰਚਾਈ ਪ੍ਰਣਾਲੀ ਅਪਣਾ ਕੇ ਪਾਣੀ ਦੀ ਵਰਤੋਂ ਘਟਾਈ ਜਾ ਸਕਦੀ ਹੈ ।
ਨਾਬਾਰਡ ਦੇ ਅਧਿਕਾਰੀ ਸ਼੍ਰੀ ਰਾਸ਼ਿਦ ਲੇਖੀ ਨੇ ਨਾਬਾਰਡ ਵੱਲੋਂ ਕਿਸਾਨਾਂ ਨੂੰ ਦਿੱਤੀਆਂ ਜਾਂਦੀਆਂ ਵੱਖ-ਵੱਖ ਸਹਾਇਤਾ ਯੋਜਨਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਮੁਹੱਈਆ ਕਰਵਾਈ । ਫਸਲ ਵਿਗਿਆਨੀ ਡਾ. ਮਨਪ੍ਰੀਤ ਸਿੰਘ ਜੈਦਕਾ ਨੇ ਝੋਨੇ ਦੀਆਂ ਵਿਕਸਿਤ ਕਾਸ਼ਤ ਤਕਨੀਕਾਂ ਬਾਰੇ ਗੱਲ ਕਰਦਿਆਂ ਤਰ-ਵੱਤਰ ਖੇਤ ਵਿੱਚ ਸਿੱਧੀ ਬਿਜਾਈ ਵਾਲੇ ਝੋਨੇ ਬਾਰੇ ਗੱਲ ਕੀਤੀ ।