ਲੁਧਿਆਣਾ : ਸਾਡੇ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਹਾੜੇ ਮੌਕੇ ਪੰਜਾਬ ਸਰਕਾਰ ਦੀ ਤਰਫੋਂ ਹਲਕਾ ਲੁਧਿਆਣਾ ਕੇਂਦਰੀ ਤੋਂ ਵਿਧਾਇਕ ਸ੍ਰੀ ਅਸ਼ੋਕ ਪਰਾਸ਼ਰ ਪੱਪੀ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਐਸ.ਡੀ.ਐਮ. ਸ੍ਰੀ ਜਗਦੀਪ ਸਹਿਗਲ ਵੱਲੋਂ ਲੁਧਿਆਣਾ ਦੇ ਨੇੜਲੇ ਪਿੰਡ ਸਰਾਭਾ ਵਿਖੇ ਮਹਾਨ ਸ਼ਹੀਦ ਨੂੰ ਉਨ੍ਹਾਂ ਦੇ ਜੱਦੀ ਘਰ ਜਾ ਕੇ ਸ਼ਰਧਾਂਜਲੀ ਭੇਟ ਕੀਤੀ ਗਈ।
ਵਿਧਾਇਕ ਪੱਪੀ ਵੱਲੋਂ ਨਾ ਸਿਰਫ਼ ਪਿੰਡ ਸਰਾਭਾ ਵਿੱਚ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੱਦੀ ਘਰ ਦਾ ਦੌਰਾ ਕੀਤਾ, ਸਗੋਂ ਆਜ਼ਾਦੀ ਸੰਗਰਾਮ ਦੇ ਮਹਾਨ ਸ਼ਹੀਦ ਦੇ ਬੁੱਤ ‘ਤੇ ਸ਼ਰਧਾ ਦੇ ਫੁੱਲ ਵੀ ਭੇਂਟ ਕੀਤੇ। ਵਿਧਾਇਕ ਪੱਪੀ ਨੇ ਕਿਹਾ ਕਿ ਮੁੱਲਾਂਪੁਰ ਦਾਖਾ ਵਿਖੇ ਬੱਸ ਸਟੈਂਡ ਦਾ ਨਾਂ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ‘ਤੇ ਰੱਖਿਆ ਜਾ ਚੁੱਕਾ ਹੈ ।
ਇਸ ਤੋਂ ਇਲਾਵਾ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੀ ਜਲਦ ਹੀ ਕੇਂਦਰ ਸਰਕਾਰ ਨੂੰ ਪ੍ਰਸਤਾਵ ਭੇਜੇਗੀ ਜਿਸ ਵਿੱਚ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਵੀ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ‘ਤੇ ਰੱਖਣ ਦੀ ਤਜ਼ਵੀਜ਼ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਦੇਸ਼ ਦੇ ਸਭ ਤੋਂ ਛੋਟੇ ਸ਼ਹੀਦ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ, ਜਿਨ੍ਹਾਂ ਨੇ 19 ਸਾਲ ਦੀ ਉਮਰ ਵਿੱਚ ਸ਼ਹੀਦੀ ਪ੍ਰਾਪਤ ਕੀਤੀ।
ਵਿਧਾਇਕ ਪੱਪੀ ਨੇ ਕਿਹਾ ਕਿ ਪੰਜਾਬ ਸਰਕਾਰ ਦੇਸ਼ ਦੇ ਮਹਾਨ ਸ਼ਹੀਦ ਦੇ ਪਾਏ ਪੂਰਨਿਆਂ ‘ਤੇ ਚੱਲਣ ਦਾ ਯਤਨ ਕਰੇਗੀ ਅਤੇ ਸ਼ਹੀਦਾਂ ਦੀ ਮਹਾਨ ਕੁਰਬਾਨੀ ਲਈ ਸਦਾ ਰਿਣੀ ਰਹੇਗੀ। ਸ਼ਹੀਦ ਕਰਤਾਰ ਸਿੰਘ ਸਰਾਭਾ ਵੱਲੋਂ ਦਿੱਤੀ ਕੁਰਬਾਨੀ ਨੌਜਵਾਨਾਂ ਨੂੰ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਨ ਲਈ ਇੱਕ ਚਾਨਣ ਮੁਨਾਰੇ ਦਾ ਕੰਮ ਕਰੇਗੀ।