ਲੁਧਿਆਣਾ : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਕੇਂਦਰੀ ਹੱਥਾਂ ‘ਚ ਦੇਣ ਦੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਫ਼ੈਸਲੇ ਖ਼ਿਲਾਫ਼ ਪੰਜਾਬ ਦੀਆਂ 9 ਵਿਦਿਆਰਥੀ ਜਥੇਬੰਦੀਆਂ ਦੀ ਇਕ ਅਹਿਮ ਮੀਟਿੰਗ ਹੋਈ, ਜਿਸ ‘ਚ ਵਿਦਿਆਰਥੀ ਜਥੇਬੰਦੀਆਂ ਵਲੋਂ 8 ਜੂਨ ਨੂੰ ਚੰਡੀਗੜ੍ਹ ‘ਚ ਕੇਂਦਰ ਸਰਕਾਰ ਖ਼ਿਲਾਫ਼ ਰੋਸ ਮਾਰਚ ਕਰਨ ਦਾ ਫੈਸਲਾ ਕੀਤਾ ਗਿਆ।
ਪੀ. ਐਸ. ਯੂ. (ਸ਼ਹੀਦ ਰੰਧਾਵਾ), ਪੀ. ਐਸ. ਯੂ. (ਲਲਕਾਰ), ਪੀ. ਐਸ. ਯੂ., ਪੀ. ਆਰ. ਐਸ. ਯੂ., ਐਸ. ਐਫ. ਐਸ., ਡੀ. ਐਸ. ਓ., ਪੀ. ਐਸ. ਐਫ., ਏ. ਆਈ. ਐਸ. ਐਫ. ਅਤੇ ਐਸ. ਐਫ. ਆਈ. ਦੇ ਆਗੂਆਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਕੇਂਦਰੀਕਰਨ ਕਰਨਾ ਬੰਦ ਕਰਨ, ਪੰਜਾਬ ਯੂਨੀਵਰਸਿਟੀ ਨੂੰ ਪੰਜਾਬ ਦੀ ਰਾਜ ਯੂਨੀਵਰਸਿਟੀ ਦਾ ਦਰਜਾ ਦੇਣ ਦੀ ਮੰਗ ਕੀਤੀ।
ਇਸੇ ਤਰ੍ਹਾਂ ਨਵੀਂ ਸਿੱਖਿਆ ਨੀਤੀ ਰਾਹੀਂ ਸਿੱਖਿਆ ਦੇ ਨਿੱਜੀਕਰਨ, ਕਾਰਪੋਰੇਟੀਕਰਨ ਤੇ ਭਗਵਾਂਕਰਨ ਕਰਨ ਦੀ ਨੀਤੀ ਰੱਦ ਕਰਨ ਅਤੇ ਪੰਜਾਬ ਦੀਆਂ ਸਰਕਾਰੀ ਯੂਨੀਵਰਸਿਟੀਆਂ ਦੀਆਂ ਕੁੱਲ ਵਿੱਤੀ ਜ਼ਿੰਮੇਵਾਰੀਆਂ ਪੰਜਾਬ ਸਰਕਾਰ ਵਲੋਂ ਚੁੱਕੇ ਜਾਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਉਹ ਆਪਣੀਆਂ ਮੰਗਾਂ ਮਨਵਾਉਣ ਲਈ ਸੰਘਰਸ਼ ਇਸੇ ਤਰ੍ਹਾਂ ਜਾਰੀ ਰੱਖਣਗੇ।