ਲੁਧਿਆਣਾ : ਅਗਨੀਪਥ ਸਕੀਮ ਦੇ ਵਿਰੋਧ ’ਚ ਦਿੱਤਾ ਗਿਆ ਭਾਰਤ ਬੰਦ ਦਾ ਸੱਦਾ ਸ਼ਹਿਰ ’ਚ ਪੂਰੀ ਤਰ੍ਹਾਂ ਬੇਅਸਰ ਦਿਸਿਆ ਹੈ। ਇੱਥੇ ਸਾਰੇ ਬਾਜ਼ਾਰ ਖੁੱਲ੍ਹੇ ਹੋਏ ਹਨ ਅਤੇ ਲੋਕ ਲਗਾਤਾਰ ਆਪਣਾ ਕੰਮ ਨਿੰਰਤਰ ਕਰ ਰਹੇ ਹਨ। ਦੂਜੇ ਪਾਸੇ ਸੁਰੱਖਿਆ ਦੇ ਨਜ਼ਰੀਏ ਤੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਪੁਲਿਸ ਵੱਲੋਂ ਸ਼ਹਿਰ ’ਚ ਗਸ਼ਤ ਵੀ ਵਧਾ ਦਿੱਤੀ ਗਈ ਹੈ।
ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਨੂੰ ਲੈ ਕੇ ਪੂਰੇ ਦੇਸ਼ ’ਚ ਹੰਗਾਮਾ ਮਚਿਆ ਹੋਇਆ ਹੈ। ਇਸ ਖ਼ਿਲਾਫ਼ ਲਗਾਤਾਰ ਪ੍ਰਦਰਸ਼ਨ ਹੋ ਰਹੇ ਹਨ। ਵੱਖ-ਵੱਖ ਥਾਵਾਂ ’ਤੇ ਭੰਨਤੋੜ ਤੇ ਅੱਗਜਨੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਪਿਛਲੇ ਦੋ ਦਿਨਾਂ ਤੋਂ ਇਸ ਦਾ ਸੇਕ ਪੰਜਾਬ ਵਿਚ ਵੀ ਪਹੁੰਚ ਗਿਆ ਹੈ। ਲੁਧਿਆਣਾ, ਜਲੰਧਰ ਤੋਂ ਬਾਅਦ ਫਤਿਹਗੜ੍ਹ ਸਾਹਿਬ ’ਚ ਵੀ ਪ੍ਰਦਰਸ਼ਨ ਹੋਏ ਹਨ।
ਸ਼ਨਿਚਰਵਾਰ ਨੂੰ ਲੁਧਿਆਣਾ ’ਚ ਪੁਲਿਸ ਦੀਆਂ ਗੱਡੀਆਂ ਦੀ ਭੰਨਤੋੜ ਕਰਨ ਦੇ ਨਾਲ-ਨਾਲ ਰੇਲਵੇ ਸਟੇਸ਼ਨ ’ਤੇ ਵੀ ਭੰਨਤੋੜ ਕੀਤੀ ਗਈ। ਪੁਲਿਸ ਵੱਲੋਂ ਇਸ ਸਬੰਧੀ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਸੋਮਵਾਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਸੀ ਪਰ ਇਸ ਦਾ ਕੋਈ ਅਸਰ ਦਿਖਾਈ ਨਹੀਂ ਦਿੱਤਾ।