ਲੁਧਿਆਾਣਾ : ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਵੱਲੋਂ ਸਬ ਤਹਿਸੀਲ ਗਿੱਲ ਵਿਖੇ ਅੱਜ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਰਜਿਸਟਰੀ ਕਰਵਾਉਣ ਆਏ ਲੋਕਾਂ ਨੂੰ ਹੱਥੋ-ਹੱਥ ਰਜਿਸਟਰੀਆਂ ਵੀ ਸੌਂਪੀਆਂ।
ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਨੇ ਦੱਸਿਆ ਕਿ ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਬਿਨ੍ਹਾਂ ਕਿਸੇ ਖੱਜਲ-ਖੁਆਰੀ ਦੇ ਪਾਰਦਰਸ਼ੀ ਢੰਗ ਨਾਲ ਪ੍ਰਸ਼ਾਸ਼ਕੀ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਸਬ-ਤਹਿਸੀਲ ਗਿੱਲ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦਫ਼ਤਰ ਵਿੱਚ ਆਪੋ ਆਪਣੇ ਕੰਮ ਕਰਵਾਉਣ ਆਏ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਬਹੁਤ ਹੀ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਦਾ ਮੌਕੇ ‘ਤੇ ਹੀ ਹੱਲ ਵੀ ਕਰਵਾਇਆ।
ਉਨ੍ਹਾਂ ਦੱਸਿਆ ਕਿ ਇਹ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਰਜਿਸ਼ਟਰੀਆਂ ਕਰਵਾਉਣ ਆਏ ਲੋਕਾਂ ਨੂੰ ਰਜਿਸਟਰੀ ਕਰਵਾਉਣ ਤੋਂ ਬਾਅਦ ਹੱਥੋ-ਹੱਥ ਰਜਿਸਟਰੀਆਂ ਵੀ ਸੌਂਪੀਆਂ ਗਈਆਂ, ਅਕਸਰ ਜਿਹੜੀਆਂ ਖਰੀਦਦਾਰ ਨੂੰ ਟਾਲ-ਮਟੌਲ ਕਰਕੇ ਕੁੱਝ ਦਿਨਾਂ ਬਾਅਦ ਦਿੱਤੀਆਂ ਜਾਂਦੀਆਂ ਸਨ।
ਇਸ ਮੌਕੇ ਉਨ੍ਹਾਂ ਦਫ਼ਤਰ ਵਿੱਚ ਕੰਮ ਕਰਵਾਉਣ ਲਈ ਆਉਂਦੇ ਲੋਕਾਂ ਲਈ ਬਿਜਲੀ, ਪਾਣੀ ਤੇ ਬੈਠਣ ਲਈ ਕੀਤੇ ਪ੍ਰਬੰਧਾਂ ਦਾ ਵੀ ਜਾਇਜਾ ਲਿਆ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਸਨੀਕਾਂ ਲਈ ਪ੍ਰਸ਼ਾਸ਼ਨਿਕ ਸੇਵਾਂਵਾਂ ਪ੍ਰਦਾਨ ਕਰਨ ਲਈ ਸੁਖਾਵਾਂ ਮਾਹੌਲ ਬਣਾਇਆ ਜਾਵੇ ਅਤੇ ਕਿਹਾ ਕਿ ਲੋਕਾਂ ਦੇ ਕੰਮ ਪਹਿਲ ਦੇ ਆਧਾਰ ‘ਤੇ ਕੀਤੇ ਜਾਣ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਝੱਲਣੀ ਪਵੇ।
ਵਿਧਾਇਕ ਸਿੱਧੁ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸਰਕਾਰੀ ਦਫ਼ਤਰਾਂ ਚੋਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਦਾ ਬੀੜਾ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਹੁਣ ਬਗੈਰ ਰਿਸ਼ਵਤ ਦੇ ਕੰਮ ਹੋਇਆ ਕਰਨਗੇ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਵੀ ਅਧਿਕਾਰੀ/ਕਰਮਚਾਰੀ ਉਨ੍ਹਾਂ ਪਾਸੋਂ ਕੰਮ ਕਰਵਾਉਣ ਦੇ ਬਦਲੇ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਐਂਟੀ ਕਰੱਪਸ਼ਨ ਵਟਸਐਪ ਨੰਬਰ 95012-00200 ‘ਤੇ ਵੀਡੀਓ/ਆਡੀਓ ਕਲਿੱਪ ਪਾ ਕੇ ਸ਼ਿਕਾਇਤ ਕੀਤੀ ਜਾ ਸਕਦੀ ਹੈ।