Connect with us

ਪੰਜਾਬੀ

ਲੁਧਿਆਣਾ ‘ਚ 37 ਨਵੇਂ ਓਟ ਕਲੀਨਿਕਾਂ ਦੀ ਸ਼ੁਰੂਆਤ ਨਾਲ ਨਸ਼ਾ ਵਿਰੋਧੀ ਮੁਹਿੰਮ ਨੂੰ ਮਿਲਿਆ ਹੁਲਾਰਾ – ਡਿਪਟੀ ਕਮਿਸ਼ਨਰ ਸੁਰਭੀ ਮਲਿਕ

Published

on

Launch of 37 new oat clinics in Ludhiana gives impetus to anti-drug drive: Deputy Commissioner Surbhi Malik

ਲੁਧਿਆਣਾ : ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਨਸ਼ਾ ਵਿਰੋਧੀ ਮੁਹਿੰਮ ਨੂੰ ਹੋਰ ਹੁਲਾਰਾ ਦੇਣ ਲਈ ਹਾਲ ਹੀ ਵਿੱਚ 37 ਨਵੇਂ ਆਊਟਪੇਸ਼ੈਂਟ ਓਪੀਔਡ ਅਸਿਸਟਡ ਟ੍ਰੀਟਮੈਂਟ (ਓਟ) ਸੈਂਟਰ ਸਥਾਪਿਤ ਕੀਤੇ ਗਏ ਹਨ।

ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਨਵੇਂ ਕਲੀਨਿਕਾਂ ਦੀ ਸ਼ੁਰੂਆਤ ਤੋਂ ਬਾਅਦ ਲੁਧਿਆਣਾ ਵਿੱਚ ਓਟ ਕੇਂਦਰਾਂ ਦੀ ਕੁੱਲ ਗਿਣਤੀ 54 ਹੋ ਗਈ ਹੈ, ਜੋ ਸਮਾਜ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਵਿੱਚ ਮਦਦਗਾਰ ਸਿੱਧ ਹੋਣਗੇ। ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਨੇ ਕੁੱਲ 17 ਓਟ ਸੈਂਟਰਾਂ ਦੇ ਮੌਜੂਦਾ ਬੁਨਿਆਦੀ ਢਾਂਚੇ ਨੂੰ ਬੇਹੱਦ ਮਜ਼ਬੂਤ ਕੀਤਾ ਹੈ।

ਲੋਕਾਂ ਨੂੰ ਨਸ਼ਿਆਂ ਦੇ ਕੋਹੜ ਨਾਲ ਨਜਿੱਠਣ ਲਈ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨਾਲ ਮੋਢੇ ਨਾਲ ਮੋਢਾ ਜੋੜਨ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਕੇਂਦਰ ਵੱਧ ਤੋਂ ਵੱਧ ਨਸ਼ੇ ਦੇ ਆਦੀ ਲੋਕਾਂ ਨੂੰ ਨਸ਼ੇ ਦੀ ਦਲਦਲ ਵਿੱਚੋਂ ਬਾਹਰ ਕੱਢਣ ਲਈ ਸਹਿਯੋਗ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੋਈ ਵੀ ਮੁਹਿੰਮ ਲੋਕਾਂ ਦੀ ਸ਼ਮੂਲੀਅਤ ਤੋਂ ਬਿਨਾਂ ਕਦੇ ਵੀ ਸਫਲ ਨਹੀਂ ਹੋ ਸਕਦੀ, ਇਸ ਲਈ ਸਾਨੂੰ ਸਾਰਿਆਂ ਨੂੰ ਨਸ਼ਿਆਂ ਵਿਰੁੱਧ ਇਸ ਜੰਗ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ ।

ਡਿਪਟੀ ਕਮਿਸ਼ਨਰ ਨੇ ਦੁਹਰਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਿਆਂ ਤੋਂ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਵਚਨਬੱਧ ਹੈ ਤਾਂ ਜੋ ਉਨ੍ਹਾਂ ਨੂੰ ਮੁੜ ਮੁੱਖ ਧਾਰਾ ਨਾਲ ਜੋੜਿਆ ਜਾ ਸਕੇ। ਉਨ੍ਹਾਂ ਕਿਹਾ ਕਿ ਲੁਧਿਆਣਾ ਜ਼ਿਲ੍ਹੇ ਵਿੱਚ ਨਸ਼ਿਆਂ ਵਿਰੁੱਧ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਪ੍ਰਭਾਵਿਤ ਵਿਅਕਤੀਆਂ ਦੀ ਤਨਦੇਹੀ ਨਾਲ ਸਹਾਇਤਾ ਕਰਨ ਲਈ ਪਹਿਲਾਂ ਹੀ ਵੱਖ-ਵੱਖ ਉਪਰਾਲੇ ਸ਼ੁਰੂ ਕੀਤੇ ਜਾ ਚੁੱਕੇ ਹਨ।

Facebook Comments

Trending