ਲੁਧਿਆਣਾ : ਨਸ਼ਾਖੋਰੀ ਅਤੇ ਨਾਜਾਇਜ਼ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ 5 ਕਿਲੋਮੀਟਰ ਦੀ ਮੈਰਾਥਨ ਦੌੜ ਕਰਵਾਈ ਗਈ। ਇਸ ਮੈਰਾਥਨ ਵਿੱਚ ਹਰ ਉਮਰ ਵਰਗ ਅਤੇ ਵੱਖ-ਵੱਖ ਖੇਤਰਾਂ ਨਾਲ ਜੁੜੇ ਇੱਕ ਹਜ਼ਾਰ ਤੋਂ ਵੱਧ ਵਿਅਕਤੀਆਂ ਨੇ ਭਾਗ ਲਿਆ। ਬਾਅਦ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਪਾਲ ਆਡੀਟੋਰੀਅਮ ਵਿੱਚ ਇੱਕ ਸੱਭਿਆਚਾਰਕ ਸਮਾਗਮ ਵੀ ਕਰਵਾਇਆ ਗਿਆ ।
ਇਸ ਮੈਰਾਥਨ ਨੂੰ ਵਿਧਾਇਕ ਸ੍ਰੀਮਤੀ ਰਜਿੰਦਰ ਪਾਲ ਕੌਰ ਛੀਨਾ, ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਅਤੇ ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰਾਹੁਲ ਚਾਬਾ ਅਤੇ ਵਧੀਕ ਡਿਪਟੀ ਕਮਿਸ਼ਨਰ ਖੰਨਾ ਸ੍ਰੀ ਅਮਰਜੀਤ ਬੈਂਸ ਸਮੇਤ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਸਿਹਤਮੰਦ ਜੀਵਨ ਨੂੰ ਉਤਸ਼ਾਹਿਤ ਕਰਨ ਲਈ ਕਰਵਾਈ ਗਈ ਮੈਰਾਥਨ ਵਿੱਚ ਵੱਡੀ ਗਿਣਤੀ ਵਿੱਚ ਲੁਧਿਆਣਾ ਵਾਸੀਆਂ ਨੇ ਭਾਗ ਲਿਆ।
ਇਸ ਸਬੰਧ ਵਿੱਚ ਇੱਕ ਸੱਭਿਆਚਾਰਕ ਸਮਾਗਮ ਪੀ.ਏ.ਯੂ. ਦੇ ਪਾਲ ਆਡੀਟੋਰੀਅਮ ਵਿੱਚ ਕਰਵਾਇਆ ਗਿਆ, ਜਿੱਥੇ ਨਸ਼ਿਆਂ ਤੋਂ ਤੌਬਾ ਕਰਨ ਵਾਲੇ ਨੌਜਵਾਨ ਅਤੇ ਡੀ.ਐਮ.ਸੀ.ਐਚ. ਲੁਧਿਆਣਾ ਦੇ ਇੱਕ ਮਾਹਿਰ ਡਾਕਟਰ ਨੇ ਹਾਜ਼ਰੀਨ ਨਾਲ ਗੱਲਬਾਤ ਕੀਤੀ ਅਤੇ ਆਪਣੇ ਵਿਚਾਰ ਸਾਂਝੇ ਕੀਤੇ। ਡਾ. ਚਰਨ ਕੰਵਲ ਸਿੰਘ ਦੀ ਅਗਵਾਈ ਹੇਠ ਇਸ਼ਮੀਤ ਸਿੰਘ ਸੰਗੀਤ ਸੰਸਥਾ ਦੇ ਵਿਦਿਆਰਥੀਆਂ ਨੇ ਸੱਭਿਆਚਾਰਕ ਸਮਾਗਮ ਪੇਸ਼ ਕੀਤਾ ਗਿਆ।
ਇਸ ਮੌਕੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਗਿੱਧਾ ਪੇਸ਼ ਕੀਤਾ ਗਿਆ ਅਤੇ ਲੋਕਾਂ ਨ{ੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਵਾਲੇ ਨਾਟਕ ਦੀ ਵੀ ਸ਼ਰੋਤਿਆਂ ਵੱਲੋਂ ਸ਼ਲਾਘਾ ਕੀਤੀ ਗਈ। ਇਸ ਮੌਕੇ ਬੋਲਦਿਆਂ ਸ੍ਰੀਮਤੀ ਸੁਰਭੀ ਮਲਿਕ ਨੇ ਕਿਹਾ ਕਿ ਹਰੇਕ ਵਿਅਕਤੀ ਦੇ ਸਾਂਝੇ ਯਤਨਾਂ ਨਾਲ ਹੀ ਸਾਡੇ ਸਮਾਜ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਿਆਂ ਤੋਂ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਕੋਈ ਕਸਰ ਬਾਕੀ ਨਾ ਛੱਡਣ ਦੀ ਵਚਨਬੱਧਤਾ ਨੂੰ ਵੀ ਦੁਹਰਾਇਆ ਤਾਂ ਜੋ ਉਨ੍ਹਾਂ ਨੂੰ ਮੁੜ ਮੁੱਖ ਧਾਰਾ ਨਾਲ ਜੋੜਿਆ ਜਾ ਸਕੇ। ਉਨ੍ਹਾਂ ਕਿਹਾ ਕਿ ਲੁਧਿਆਣਾ ਜ਼ਿਲ੍ਹੇ ਵਿੱਚ ਨਸ਼ਿਆਂ ਵਿਰੁੱਧ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਪ੍ਰਭਾਵਿਤ ਵਿਅਕਤੀਆਂ ਦੀ ਤਨਦੇਹੀ ਨਾਲ ਸਹਾਇਤਾ ਕਰਨ ਲਈ ਪਹਿਲਾਂ ਹੀ ਕਈ ਉਪਰਾਲੇ ਸ਼ੁਰੂ ਕੀਤੇ ਜਾ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਇਸ ਕੋਹੜ ਤੋਂ ਬਚਣ ਲਈ ਕਿਸੇ ਵੀ ਵਿਅਕਤੀ ਨੂੰ ਮਦਦ ਦੀ ਲੋੜ ਹੈ ਤਾਂ ਉਹ ਜ਼ਿਲ੍ਹਾ ਪ੍ਰਸ਼ਾਸਨ ਜਾਂ ਸਾਡੇ ਸਿਹਤ ਸੰਭਾਲ ਅਦਾਰਿਆਂ ਨਾਲ ਸੰਪਰਕ ਕਰ ਸਕਦਾ ਹੈ ਜਿੱਥੇ ਪੀੜ੍ਹਤਾਂ ਨੂੰ ਸਲਾਹ-ਮਸ਼ਵਰਾ ਅਤੇ ਇਲਾਜ ਸਮੇਤ ਵਧੀਆ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।