ਚੰਡੀਗੜ੍ਹ : ਪੰਜਾਬ ‘ਚ ਨਵੀਂ ਐਕਸਾਈਜ਼ ਪਾਲਿਸੀ ਨੂੰ ਲੈ ਕੇ ਸੂਬਾ ਸਰਕਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਾ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਦੀ ਐਕਸਾਈਜ਼ ਪਾਲਿਸੀ ਖ਼ਿਲਾਫ਼ ਦਾਇਰ ਪਟੀਸ਼ਨਾਂ ‘ਤੇ ਅੱਜ ਸੁਣਵਾਈ ਕੀਤੀ। ਅਦਾਲਤ ਨੇ ਸੁਣਵਾਈ ਤੋਂ ਬਾਅਦ ਸ਼ਰਾਬ ਦੇ ਠੇਕਿਆਂ ਦੀ ਅਲਾਟਮੈਂਟ ‘ਤੇ ਰੋਕ ਲਾ ਦਿੱਤੀ ਹੈ। ਇਸ ਦੇ ਨਾਲ ਹੀ ਅਦਾਲਤ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਦਿਆਂ 5 ਜੁਲਾਈ ਤੱਕ ਇਸ ਮਾਮਲੇ ਸਬੰਧੀ ਸਟੇ ਲਾ ਦਿੱਤੀ ਹੈ।
ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਹਾਲ ਹੀ ’ਚ ਜਾਰੀ ਕੀਤੀ ਗਈ ਐਕਸਾਈਜ਼ ਪਾਲਿਸੀ 2022-23 ਨੂੰ 4 ਲੋਕਾਂ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਪਟੀਸ਼ਨਾਂ ਦਾਖ਼ਲ ਕਰ ਕੇ ਚੁਣੌਤੀ ਦਿੱਤੀ ਹੈ। ਹਾਈਕੋਰਟ ਦੀ ਰਜਿਸਟਰੀ ’ਚ ਸਾਰੀਆਂ ਪਟੀਸ਼ਨਾਂ ਮਨਜ਼ੂਰ ਕਰ ਲਈਆਂ ਗਈਆਂ ਹਨ, ਜਿਨ੍ਹਾਂ ‘ਤੇ ਮੰਗਲਵਾਰ ਨੂੰ ਇਕੱਠਿਆਂ ਸੁਣਵਾਈ ਹੋਈ।
ਇਨ੍ਹਾਂ ਪਟੀਸ਼ਨਾਂ ’ਚ ਦੋਸ਼ ਲਗਾਏ ਗਏ ਹਨ ਕਿ ਨਵੀਂ ਐਕਸਾਈਜ਼ ਪਾਲਿਸੀ ਰਾਹੀਂ ਪੰਜਾਬ ’ਚ ਸ਼ਰਾਬ ਕਾਰੋਬਾਰ ’ਚ ਮਨੋਪਲੀ ਨੂੰ ਬੜ੍ਹਾਵਾ ਦਿੱਤਾ ਗਿਆ ਹੈ, ਜਿਸ ਨਾਲ ਛੋਟੇ ਸ਼ਰਾਬ ਕਾਰੋਬਾਰੀਆਂ ਨੂੰ ਨੁਕਸਾਨ ਹੋਵੇਗਾ।