ਲੁਧਿਆਣਾ : ਹਲਕਾ ਆਤਮ ਨਗਰ ਤੋਂ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਵੱਲੋਂ ਆਪਣੇ ਸਥਾਨਕ ਦਫ਼ਤਰ ਸਿੱਧਵਾਂ ਨਹਿਰ ਨੇੜੇ ਗਿੱਲ ਪੁਲ ਵਿਖੇ ਵੱਖ-ਵੱਖ ਸਕੀਮਾਂ ਦੇ ਲਾਭਪਾਤਰੀਆਂ ਨੂੰ ਕਾਰਡ ਸਪੁਰਦ ਕੀਤੇ। ਉਨ੍ਹਾਂ ਸਥਾਨਕ ਬੱਚਤ ਭਵਨ ਵਿਖੇ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲਾਂ ਨਾਲ ਮੀਟਿੰਗ ਵੀ ਕੀਤੀ।
ਵਿਧਾਇਕ ਸਿੱਧੂ ਵੱਲੋਂ ਆਪਣੇ ਦਫ਼ਤਰ ਵਿਖੇ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦੇ ਲਾਭਪਾਤਰੀਆਂ ਨੂੰ ਕਾਰਡ ਸਪੁਰਦ ਕਰਦਿਆਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਹਰ ਸੰਭਵ ਸਹੂਲਤਾਂ ਮੁਹੱਈਆਂ ਕਰਵਾਉਣ ਲਈ ਜ਼ਮੀਨੀ ਪੱਧਰ ‘ਤੇ ਕੰਮ ਕਰ ਰਹੀ ਹੈ।
ਉਨ੍ਹਾਂ ਸਪੱਸ਼ਟ ਕੀਤਾ ਕਿ ਹਲਕੇ ਦੇ ਵਸਨੀਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਖੱਜਲ ਖੁਆਰ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਦੁਹਰਾਇਆ ਕਿ ਆਮ ਲੋਕਾਂ ਦੇ ਕੰਮ ਪਹਿਲ ਦੇ ਆਧਾਰ ‘ਤੇ ਹੋਣਗੇ। ਇਸ ਤੋਂ ਬਾਅਦ ਉਨ੍ਹਾਂ ਸਥਾਨਕ ਬੱਚਤ ਭਵਨ ਵਿਖੇ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲਾਂ ਨਾਲ ਮੀਟਿੰਗ ਵੀ ਕੀਤੀ।
ਇਸ ਮੌਕੇ ਹਾਜ਼ਰ ਪ੍ਰਿੰਸੀਪਲ ਵੱਲੋਂ ਵਿਧਾਇਕ ਸਿੱਧੂ ਨੂੰ ਆਪਣੀਆ ਮੁਸ਼ਕਿਲਾਂ ਬਾਰੇ ਵੀ ਜਾਣੂੰ ਕਰਵਾਇਆ ਜਿਨ੍ਹਾਂ ਜਲਦ ਹੱਲ ਕਰਨ ਦਾ ਵੀ ਭਰੋਸਾ ਦਿੱਤਾ। ਉਨ੍ਹਾਂ ਵਿਸ਼ੇਸ਼ ਤੌਰ ‘ਤੇ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਵਿਧਾਇਕ ਨੇ ਸਾਨੂੰ ਆਪਣੇ ਕੋਲ ਬੁਲਾਇਆ ਅਤੇ ਸਾਡੀਆਂ ਮੁਸ਼ਕਿਲਾਂ ਨੂੰ ਨੇੜਿਂਓ ਸੁਣਿਆ।
ਵਿਧਾਇਕ ਸਿੱਧੂ ਨੇ ਕਿਹਾ ਕਿ ਸੂਬਾ ਸਰਕਾਰ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਬੇਹੱਦ ਸੰਵੇਦਨਸ਼ੀਲ ਹੈ ਜਿਸ ਲਈ ਉਨ੍ਹਾਂ ਅੱਜ ਸਕੂਲ ਮੁਖੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ।