ਲੁਧਿਆਣਾ : ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸੂਬੇ ਵਿੱਚ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਫਾਈ ਸੇਵਕਾਂ/ਸੀਵਰਮੈਨਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਆਉਣ ਵਾਲੇ ਕੁੱਝ ਦਿਨਾਂ ਵਿੱਚ ਉਨ੍ਹਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ।
ਸੀਵਰਮੈਨ ਸਫ਼ਾਈ ਕਰਮਚਾਰੀ ਸੰਘਰਸ਼ ਕਮੇਟੀ ਵੱਲੋਂ ਕੈਬਨਿਟ ਮੰਤਰੀ ਦੇ ਹੱਥੋਂ ਜੂਸ ਪੀਣ ਤੋਂ ਬਾਅਦ ਭੁੱਖ ਹੜਤਾਲ ਖ਼ਤਮ ਕਰਨ ਮੌਕੇ ਨਗਰ ਨਿਗਮ ਜ਼ੋਨ-ਏ ਦਫ਼ਤਰ ਦੇ ਬਾਹਰ ਇੱਕ ਐਲਾਨ ਕਰਦਿਆਂ ਡਾ. ਨਿੱਝਰ ਨੇ ਕਿਹਾ ਕਿ ਨਗਰ ਨਿਗਮ ਲੁਧਿਆਣਾ ਵੱਲੋਂ ਪਹਿਲਾਂ ਪਾਸ ਕੀਤੇ ਗਏ ਮਤੇ ਵਿੱਚ ਤਕਨੀਕੀ ਖਾਮੀ ਸੀ ਜਿਹੜੀ ਕਿ ਉਨ੍ਹਾਂ ਦੀਆਂ ਸੇਵਾਵਾਂ ਨੂੰ ਨਿਯਮਤ ਕਰਨ ਵਿੱਚ ਮੁੱਖ ਰੁਕਾਵਟ ਸੀ।
ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਰੈਗੂਲਰ ਨੌਕਰੀ ਸਫ਼ਾਈ ਸੇਵਕਾਂ/ਸੀਵਰਮੈਨਾਂ ਦਾ ਅਧਿਕਾਰ ਹੈ ਅਤੇ ਇਸ ਨੂੰ ਹਰ ਕੀਮਤ ‘ਤੇ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੀ ਭਲਾਈ ਲਈ ਹਰ ਲੋੜੀਂਦਾ ਕਦਮ ਚੁੱਕਿਆ ਜਾਵੇਗਾ। ਕੋਵਿਡ-19 ਦੌਰਾਨ ਸਫ਼ਾਈ ਕਰਮਚਾਰੀਆਂ ਦੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੀ ਜਾਨ ਜੋਖ਼ਮ ਵਿੱਚ ਪਾ ਕੇ ਸਾਫ਼ ਸੁਥਰਾ ਮਾਹੌਲ ਯਕੀਨੀ ਬਣਾਇਆ।
ਸਥਾਨਕ ਸਰਕਾਰਾਂ ਮੰਤਰੀ ਨੇ ਵਿਧਾਇਕਾਂ ਦੇ ਨਾਲ ਰੇਲਵੇ ਸਟੇਸ਼ਨ ਨੇੜੇ ਸਥਾਨਕ ਫਾਇਰ ਬ੍ਰਿਗੇਡ ਸਟੇਸ਼ਨ ਤੋਂ ਆਧੁਨਿਕ ਅਤੇ ਉੱਨਤ ਦਸ ਫਾਇਰ ਟੈਂਡਰਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਉਨ੍ਹਾਂ ਕਿਹਾ ਕਿ ਲੁਧਿਆਣਾ ਵਿੱਚ ਅੱਗ ਬੁਝਾਊ ਸਮਰੱਥਾ ਨੂੰ ਮਜ਼ਬੂਤ ਕਰਨ ਲਈ ਇਨ੍ਹਾਂ ਉੱਚ ਗੁਣਵੱਤਾ ਵਾਲੇ ਵਾਹਨਾਂ ‘ਤੇ 6.44 ਕਰੋੜ ਰੁਪਏ ਖਰਚ ਕੀਤੇ ਗਏ ਹਨ ਅਤੇ ਇਹ ਅੱਗ ਲੱਗਣ ਦੀਆਂ ਘਟਨਾਵਾਂ ਵਿੱਚ ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ ਸਹਾਈ ਸਿੱਧ ਹੋਣਗੇ।
ਇਸੇ ਤਰ੍ਹਾਂ ਵਿਧਾਇਕਾ ਰਜਿੰਦਰਪਾਲ ਕੌਰ ਛੀਨਾ, ਮਦਨ ਲਾਲ ਬੱਗਾ, ਅਸ਼ੋਕ ਪਰਾਸ਼ਰ ਪੱਪੀ, ਡਾ. ਇੰਦਰਬੀਰ ਸਿੰਘ ਨਿੱਝਰ ਦੇ ਨਾਲ ਸ਼ਹਿਰ ਦੇ ਸਾਰੇ 95 ਵਾਰਡਾਂ ਵਿੱਚ ਘਰ-ਘਰ ਕੂੜਾ ਇਕੱਠਾ ਕਰਨ ਲਈ 9.36 ਕਰੋੜ ਰੁਪਏ ਦੇ ਈ-ਰੇਹੜਾ ਪ੍ਰੋਜੈਕਟ ਦੀ ਸ਼ੁਰੂਆਤ ਵੀ ਵਾਹਨਾਂ ਨੂੰ ਝੰਡੀ ਦੇ ਕੇ ਕੀਤੀ ਗਈ। ਉਨ੍ਹਾਂ ਕਿਹਾ ਕਿ 350 ਈ-ਰੇਹੜਿਆਂ ਵਿੱਚ ਗਿੱਲੇ ਅਤੇ ਸੁੱਕੇ ਕੂੜੇ ਦੇ ਡੱਬੇ ਹੋਣਗੇ ਜੋ ਕੂੜੇ ਨੂੰ ਵੱਖ-ਵੱਖ ਕਰਨ ਲਈ ਰਾਹ ਪੱਧਰਾ ਕਰਨਗੇ।