ਲੁਧਿਆਣਾ : ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵਲੋਂ ਪਹਿਲੀ ਜੁਲਾਈ ਤੋਂ ਸਿੰਗਲ ਯੂਜ਼ ਪਲਾਸਟਿਕ਼ ਦੀ ਵਰਤੋਂ ‘ਤੇ ਸੂਬੇ ਭਰ ਵਿੱਚ ਸਖ਼ਤੀ ਨਾਲ ਰੋਕ ਲਗਾਈ ਗਈ ਹੈ ਜਿਸਦੇ ਤਹਿਤ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਭਲਕੇ 05 ਅਗਸਤ, 2022 ਨੂੰ ਪੰਜਾਬ ਭਰ ਦੇ ਲੋਕਾਂ ਨੂੰ ਵੀਡੀਓ ਕਾਨਫਰੰਸ ਰਾਹੀਂ ਸੰਬੋਧਨ ਕਰਨਗੇ। ਇਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਸਥਾਨਕ ਸਰਕਾਰੀ ਕਾਲਜ਼ (ਲੜਕੀਆਂ) ਭਾਰਤ ਨਗਰ ਚੌਂਕ ਵਿਖੇ ਕੱਲ ਸਵੇਰੇ 11:15 ਤੋਂ 12:00 ਵਜੇ ਤੱਕ ਆਯੋਜਿਤ ਕੀਤਾ ਜਾ ਰਿਹਾ ਹੈ।
ਜ਼ਿਲ੍ਹਾ ਪੱਧਰੀ ਸਮਾਗਮ ਦੇ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਅਧਿਕਾਰੀਆਂ ਨਾਲ ਬੈਠਕ ਦੌਰਾਨ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਵੱਲੋਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਜ਼ਿੰਮੇਵਾਰੀਆਂ ਸੌਂਪ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਲੁਧਿਆਣਾ ਵਲੋਂ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾ ਕੇ 19 ਤਰ੍ਹਾਂ ਦੇ ਸਿੰਗਲ ਯੂਜ਼ ਪਲਾਸਟਿਕ ਦਾ ਵਰਤੋਂ ਨਾ ਕਰਨ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ .
ਪਲਾਸਟਿਕ ਦੀਆਂ ਸਟਿਕਸ ਵਾਲੀਆਂ ਈਅਰ ਬੱਡਜ਼, ਗੁਬਾਰਿਆਂ ਲਈ ਪਲਾਸਟਿਕ ਦੀਆਂ ਸਟਿਕਸ, ਪਲਾਸਟਿਕ ਦੇ ਝੰਡੇ, ਕੈਂਡੀ ਸਟਿਕਸ, ਆਈਸ-ਕ੍ਰੀਮ ਸਟਿਕਸ, ਸਜਾਵਟ ਲਈ ਪੋਲੀਸਟੀਰੀਨ (ਥਰਮੋਕੋਲ), ਪਲੇਟਾਂ, ਕੱਪ, ਗਲਾਸ, ਕਟਲਰੀ ਜਿਵੇਂ ਕਿ ਕਾਂਟੇ, ਚਮਚੇ, ਚਾਕੂ, ਪਾਈਪ, ਮਿਠਾਈਆਂ ਦੇ ਡੱਬਿਆਂ, ਇਨਵੀਟੇਸ਼ਨ ਕਾਰਡ, ਸਿਗਰੇਟ ਪੈਕੇਟ ਦੇ ਆਲੇ ਦੁਆਲੇ ਲਪੇਟਣ ਜਾਂ ਪੈਕਿੰਗ ਕਰਨ ਵਾਲੀਆਂ ਫਿਲਮਾਂ, 100 ਮਾਈਕਰੋਨ ਤੋਂ ਘੱਟ ਪਲਾਸਟਿਕ ਜਾਂ ਪੀ.ਵੀ.ਸੀ. ਬੈਨਰ, ਸਟਿੱਕਰ ਦੀ ਮੈਨੂਫੈਕਚਰਿੰਗ, ਆਯਾਤ, ਭੰਡਾਰ ਆਦਿ ਸ਼ਾਮਲ ਹਨ ਜਿਨ੍ਹਾਂ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾਈ ਜਾ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਇਸ ਮੌਕੇ ਜ਼ਿਲ੍ਹੇ ਦੇ ਸਮੂਹ ਅਧਿਕਾਰੀ/ਕਰਮਚਾਰੀ ਹਾਜ਼ਰ ਹੋਣਗੇ। ਇਸ ਤੋਂ ਇਲਾਵਾ ਲੋਕਾਂ ਨੂੰ ਜੂਟ ਦੇ ਬਣੇ ਬੈਗ ਵੀ ਮੁਫ਼ਤ ਵੰਡੇ ਜਾਣਗੇ .ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਵੱਲੋਂ ਜ਼ਿਲ੍ਹੇ ਦੇ ਵਸਨੀਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਲਾਸਟਿਕ ਦੀ ਵਰਤੋਂ ਰੋਕਣ ਵਾਲੀ ਮੁਹਿੰਮ ਦਾ ਹਿੱਸਾ ਬਣਨ।