ਲੁਧਿਆਣਾ : ਡਿਪਟੀ ਕਮਿਸ਼ਨਰ ਲੁਧਿਆਦਾ ਸ੍ਰੀਮਤੀ ਸੁਰਭੀ ਮਲਿਕ ਵੱਲੋਂ ਅੱਜ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਰਾਜ ਪੱਧਰੀ ਆਜ਼ਾਦੀ ਦਿਵਸ ਸਮਾਗਮ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਿੱਥੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ 15 ਅਗਸਤ, 2022 ਨੂੰ ਕੌਮੀ ਝੰਡਾ ਲਹਿਰਾਉਣਗੇ।
ਸਮਾਗਮ ਵਾਲੀ ਥਾਂ ‘ਤੇ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨੂੰ ਅਜ਼ਾਦੀ ਦਿਵਸ ਸਮਾਰੋਹ ਦੇ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਦਿਸ਼ਾ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਬੈਠਣ, ਵਾਹਨਾਂ ਦੀ ਪਾਰਕਿੰਗ, ਮੈਡੀਕਲ ਅਤੇ ਫਾਇਰ ਫਾਈਟਿੰਗ ਟੀਮਾਂ ਦੀ ਤਾਇਨਾਤੀ, ਸੁਰੱਖਿਆ ਅਤੇ ਹੋਰਾਂ ਸਬੰਧੀ ਸਾਰੇ ਪ੍ਰਬੰਧਾਂ ਦੀ ਸੁਚੱਜੀ ਯੋਜਨਾਬੰਦੀ ਅਤੇ ਪਾਲਣਾ ਕੀਤੀ ਜਾਣੀ ਚਾਹੀਦੀ ਹੈ।
ਸ੍ਰੀਮਤੀ ਸੁਰਭੀ ਮਲਿਕ ਨੇ ਦੱਸਿਆ ਕਿ ਟ੍ਰੈਫਿਕ ਡਾਇਵਰਸ਼ਨ, ਵਾਹਨਾਂ ਦੀ ਪਾਰਕਿੰਗ, ਸੁਰੱਖਿਆ, ਮੈਡੀਕਲ ਅਤੇ ਹੋਰ ਸਹੂਲਤਾਂ ਦੇ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਨੋਡਲ ਅਫਸਰ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਗਤੀਵਿਧੀਆਂ ਕਰਵਾਈਆਂ ਜਾਣਗੀਆਂ ਜਦਕਿ ਪੰਜਾਬ ਪੁਲਿਸ, ਪੀ.ਏ.ਪੀ., ਐਨ.ਸੀ.ਸੀ. ਦੀਆਂ ਵੱਖ-ਵੱਖ ਟੀਮਾਂ ਮਾਰਚ ਪਾਸਟ ਦਾ ਹਿੱਸਾ ਹੋਣਗੀਆਂ .
ਪਿਛਲੇ ਕੁਝ ਦਿਨਾਂ ਤੋਂ ਰਿਹਰਸਲਾਂ ਸੁਚਾਰੂ ਢੰਗ ਨਾਲ ਚੱਲ ਰਹੀਆਂ ਹਨ। ਉਨ੍ਹਾਂ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਸਮਾਗਮ ਵਿੱਚ ਦਾਖਲੇ ਦੌਰਾਨ ਪਤਵੰਤਿਆਂ, ਵਿਦਿਆਰਥੀਆਂ ਅਤੇ ਜਨਤਾ ਆਦਿ ਨੂੰ ਕਿਸੇ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਇਸ ਮੈਗਾ ਈਵੈਂਟ ਦੀ ਫੁੱਲ ਡਰੈੱਸ ਰਿਹਰਸਲ 13 ਅਗਸਤ, 2022 ਨੂੰ ਹੋਵੇਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦਾ ਫਰਜ਼ ਬਣਦਾ ਹੈ ਕਿ ਲੋਕ ਇਸ ਰਾਸ਼ਟਰੀ ਤਿਉਹਾਰ ਨੂੰ ਦੇਸ਼ ਭਗਤੀ ਦੀ ਭਾਵਨਾ ਅਤੇ ਉਤਸ਼ਾਹ ਨਾਲ ਮਨਾਉਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀਮਤੀ ਅਨੀਤਾ ਦਰਸ਼ੀ, ਨਗਰ ਸੁਧਾਰ ਟਰੱਸਟ ਦੇ ਐਲ.ਏ.ਸੀ. ਸ੍ਰੀਮਤੀ ਨੀਰੂ ਕਤਿਆਲ ਗੁਪਤਾ ਤੇ ਹੋਰ ਹਾਜ਼ਰ ਸਨ।