ਲੁਧਿਆਣਾ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਅਣਦੇਖੀ ‘ਤੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੁੱਧਵਾਰ ਨੂੰ ਚੰਡੀਗੜ੍ਹ ਦੇ ਮੁੱਲਾਂਪੁਰ ਵਿੱਚ ਕੈਂਸਰ ਹਸਪਤਾਲ ਦਾ ਉਦਘਾਟਨ ਕਰਨ ਆਏ ਹਨ। ਪੰਜਾਬ ਅਤੇ ਕੇਂਦਰ ਸਰਕਾਰ ਵੱਲੋਂ ਕੈਂਸਰ ਹਸਪਤਾਲ ਦੇ ਇਸ਼ਤਿਹਾਰ ਦਿੱਤੇ ਗਏ ਸਨ, ਜਿਨ੍ਹਾਂ ਵਿੱਚ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਫੋਟੋ ਨਹੀਂ ਲਗਾਈ ਗਈ ਹੈ। ਕਾਂਗਰਸ ਨੇ ਇਸ ‘ਤੇ ਸਖ਼ਤ ਇਤਰਾਜ਼ ਜਤਾਇਆ ਹੈ।
ਰਾਜਾ ਵੜਿੰਗ ਦਾ ਕਹਿਣਾ ਹੈ ਕਿ ਇਹ ਕੈਂਸਰ ਹਸਪਤਾਲ ਕਾਂਗਰਸ ਦਾ ਤੋਹਫਾ ਹੈ। ਮਨਮੋਹਨ ਸਿੰਘ ਦਾ ਇਸ ਵਿੱਚ ਵੱਡਾ ਯੋਗਦਾਨ ਸੀ। ਮਨਮੋਹਨ ਸਿੰਘ ਨੂੰ ਉਨ੍ਹਾਂ ਦੇ ਕੰਮਾਂ ਲਈ ਪੂਰੀ ਦੁਨੀਆ ਯਾਦ ਕਰਦੀ ਹੈ ਪਰ ਅੱਜ ਉਸ ਨੂੰ ਆਪਣੇ ਹੀ ਦੇਸ਼ ਵਿੱਚ ਨਜ਼ਰਅੰਦਾਜ਼ ਕੀਤਾ ਗਿਆ ਜੋ ਕਿ ਸਰਾਸਰ ਗਲਤ ਹੈ। ਰਾਜਾ ਵੜਿੰਗ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਵੀ ਸਮਾਗਮ ਵਿੱਚ ਸੱਦਿਆ ਜਾਣਾ ਚਾਹੀਦਾ ਸੀ।
ਹਸਪਤਾਲ ਦਾ ਨੀਂਹ ਪੱਥਰ ਤਤਕਾਲੀ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ 30 ਦਸੰਬਰ 2013 ਨੂੰ ਰੱਖਿਆ ਸੀ। ਪ੍ਰਕਾਸ਼ ਸਿੰਘ ਬਾਦਲ ਉਸ ਸਮੇਂ ਪੰਜਾਬ ਦੇ ਮੁੱਖ ਮੰਤਰੀ ਸਨ। ਇਹ ਹਸਪਤਾਲ ਕੇਂਦਰ ਸਰਕਾਰ ਵੱਲੋਂ 660 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਗਿਆ ਹੈ। ਇਸ ਦੀ ਸਮਰੱਥਾ 300 ਬੈੱਡਾਂ ਦੀ ਹੈ। ਇਹ ਹਰ ਤਰ੍ਹਾਂ ਦੇ ਕੈਂਸਰ ਦੇ ਇਲਾਜ ਲਈ ਆਧੁਨਿਕ ਸਹੂਲਤਾਂ ਨਾਲ ਲੈਸ ਹੈ।