ਪੰਜਾਬ ਨਿਊਜ਼
ਲੁਧਿਆਣਾ ਵਿੱਚ ਵੇਰਕਾ ਦਾ ਅਤਿ-ਆਧੁਨਿਕ ਦੁੱਧ ਪ੍ਰਾਸੈਸਿੰਗ ਤੇ ਬਟਰ ਪਲਾਂਟ ਲੋਕਾਂ ਨੂੰ ਕੀਤਾ ਸਮਰਪਿਤ
Published
2 years agoon
ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਆਖਿਆ ਕਿ ਸੂਬਾ ਸਰਕਾਰ ਰਾਜ ਦੀ ਮੋਹਰੀ ਸਹਿਕਾਰੀ ਸੰਸਥਾ ਮਿਲਕਫੈੱਡ ਦੀ ਦਿੱਲੀ ਨੂੰ ਹੁੰਦੀ ਦੁੱਧ ਦੀ ਸਪਲਾਈ ਨੂੰ ਮੌਜੂਦਾ 30 ਹਜ਼ਾਰ ਲੀਟਰ ਤੋਂ ਵਧਾ ਕੇ ਦੋ ਲੱਖ ਲੀਟਰ ਕਰਨ ਲਈ ਅਣਥੱਕ ਕੋਸ਼ਿਸ਼ਾਂ ਕਰ ਰਹੀ ਹੈ ਤਾਂ ਕਿ ਪੰਜਾਬ ਦੇ ਕਿਸਾਨਾਂ/ਦੁੱਧ ਉਤਪਾਦਕਾਂ ਨੂੰ ਵੱਡਾ ਲਾਭ ਮਿਲੇ। ਇੱਥੇ ਵੇਰਕਾ ਪਲਾਂਟ ਵਿੱਚ ਨਵੇਂ ਬਣੇ ਮਿਲਕ ਪ੍ਰਾਸੈਸਿੰਗ ਅਤੇ ਬਟਰ ਪਲਾਂਟ ਦਾ ਉਦਘਾਟਨ ਕਰਨ ਮਗਰੋਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਇਕ ਕ੍ਰਾਂਤੀਕਾਰੀ ਕਦਮ ਹੈ, ਜਿਸ ਦਾ ਉਦੇਸ਼ ਕਿਸਾਨਾਂ ਨੂੰ ਖੇਤੀ ਸੰਕਟ ਵਿੱਚੋਂ ਕੱਢਣ ਲਈ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਕਰਨਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਸਬੰਧ ਵਿੱਚ ਦਿੱਲੀ ਸਰਕਾਰ ਨਾਲ ਸਮਝੌਤਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਸਮਝੌਤੇ ਤਹਿਤ ਵੇਰਕਾ ਦੁੱਧ ਅਤੇ ਦੁੱਧ ਉਤਪਾਦਾਂ ਦੀ ਸਪਲਾਈ ਲਈ ਦਿੱਲੀ ਦੇ ਹਰ ਕੋਨੇ ਵਿੱਚ ਨਵੇਂ ਬੂਥ ਖੋਲ੍ਹੇਗਾ। ਭਗਵੰਤ ਮਾਨ ਨੇ ਸਪੱਸ਼ਟ ਤੌਰ `ਤੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਇੱਕੋ ਇੱਕ ਮੰਤਵ ਸਹਿਕਾਰਤਾ ਦੀ ਅਸਲ ਭਾਵਨਾ ਉਤੇ ਚੱਲਦਿਆਂ ਪੰਜਾਬ ਦੇ ਡੇਅਰੀ ਕਿਸਾਨਾਂ ਨੂੰ ਵੱਧ ਤੋਂ ਵੱਧ ਸਹਿਯੋਗ ਅਤੇ ਵਧੀਆ ਭਾਅ ਦੇਣਾ ਹੈ।
ਮੁੱਖ ਮੰਤਰੀ ਨੇ ਆਖਿਆ ਕਿ ਨੌਜਵਾਨਾਂ ਵਿੱਚ ਡੇਅਰੀ ਧੰਦੇ ਨੂੰ ਹੁਲਾਰਾ ਦੇਣ ਲਈ ਕਿਸਾਨ ਪੱਖੀ ਸਕੀਮਾਂ ਲਾਗੂ ਕੀਤੀਆਂ ਜਾਣੀਆਂ ਚਾਹੀਦੀਆਂ ਹਨ ਤਾਂ ਜੋ ਉਨ੍ਹਾਂ ਨੂੰ ਆਰਥਿਕ ਤੌਰ `ਤੇ ਆਤਮ ਨਿਰਭਰ ਬਣਾਇਆ ਜਾ ਸਕੇ। ਭਗਵੰਤ ਮਾਨ ਨੇ ਮਿਲਕਫੈੱਡ ਨੂੰ ਨਾ ਸਿਰਫ਼ ਸੂਬੇ ਵਿੱਚ, ਸਗੋਂ ਦੇਸ਼ ਤੇ ਵਿਦੇਸ਼ਾਂ ਵਿੱਚ ਖਪਤ ਮੰਡੀ ਦੇ ਵੱਡੇ ਹਿੱਸੇ ਨੂੰ ਆਪਣੀਆਂ ਸੇਵਾਵਾਂ ਮੁਹੱਈਆ ਕਰਨ ਲਈ ਵਧੀਆ ਮਾਰਕੀਟਿੰਗ ਮੁਹਿੰਮ ਸ਼ੁਰੂ ਕਰਨ ਲਈ ਕਿਹਾ।
ਮੁੱਖ ਮੰਤਰੀ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਾਉਣ ਤੋਂ ਗੁਰੇਜ਼ ਕਰਨ ਦਾ ਸੱਦਾ ਦਿੱਤਾ ਕਿਉਂਕਿ ਇਸ ਨਾਲ ਵਾਤਾਵਰਨ ਪ੍ਰਦੂਸ਼ਣ ਹੋਣ ਕਰ ਕੇ ਮਨੁੱਖੀ ਜੀਵਨ ਲਈ ਗੰਭੀਰ ਖ਼ਤਰਾ ਪੈਦਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਦੇ ਖ਼ਤਰੇ ਨਾਲ ਨਜਿੱਠਣ ਲਈ ਸੰਗਰੂਰ ਵਿੱਚ 20 ਏਕੜ ਰਕਬੇ ਵਿੱਚ 230 ਕਰੋੜ ਰੁਪਏ ਦੀ ਲਾਗਤ ਨਾਲ ਭਾਰਤ ਦਾ ਸਭ ਤੋਂ ਵੱਡਾ ਬਾਇਓ ਐਨਰਜੀ ਪਲਾਂਟ ਲਾਇਆ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ 33 ਟੀ.ਪੀ.ਡੀ. (ਟਨ ਪ੍ਰਤੀ ਦਿਨ) ਦੀ ਸਮਰੱਥਾ ਨਾਲ ਭਾਰਤ ਵਿੱਚ ਸਭ ਤੋਂ ਵੱਡਾ ਬਾਇਓ ਫਿਊਲ (ਬਾਇਓ ਮਿਥੇਨ/ਬਾਇਓ-ਸੀ.ਐਨ.ਜੀ.) ਉਤਪਾਦਨ ਯੂਨਿਟ ਹੈ ਅਤੇ ਇਸ ਯੂਨਿਟ ਵਿੱਚ ਸਾਲਾਨਾ 1.30 ਲੱਖ ਟਨ ਪਰਾਲੀ ਦੀ ਖਪਤ ਹੋਵੇਗੀ ਅਤੇ ਇਸ ਨਾਲ ਪਰਾਲੀ ਦੀ ਸਮੱਸਿਆ ਨੂੰ ਹੱਲ ਕਰਨ ਵਿੱਚ ਵੱਡੇ ਪੱਧਰ ਉਤੇ ਮਦਦ ਮਿਲੇਗੀ।
You may like
-
ਵੇਰਕਾ ਮਿਲਕ ਪਲਾਂਟ ਹੜ੍ਹ ਪ੍ਰਭਾਵਿਤ ਵਸਨੀਕਾਂ ਲਈ ਰੋਜ਼ਾਨਾ ਭੋਜਨ ਦੇ ਪੈਕੇਟ ਕਰੇਗਾ ਤਿਆਰ
-
CM ਭਗਵੰਤ ਮਾਨ ਨੇ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਮਨਾਈ ਵਿਆਹ ਦੀ ਪਹਿਲੀ ਵਰ੍ਹੇਗੰਢ
-
ਲੁਧਿਆਣਾ ‘ਚ 50 ਏਕੜ ‘ਚ ਬਣੇਗੀ ਹਾਈ ਸਕਿਓਰਿਟੀ ਡਿਜੀਟਲ ਜੇਲ੍ਹ
-
ਪੰਜਾਬ ਦੇ 3 ਮੌਜੂਦਾ ਮੰਤਰੀਆਂ ਦੇ ਵਿਭਾਗਾਂ ‘ਚ ਫੇਰਬਦਲ, ਬਲਕਾਰ ਸਿੰਘ ਸਥਾਨਕ ਸਰਕਾਰਾਂ ਤੇ ਖੁੱਡੀਆਂ ਖੇਤੀਬਾੜੀ ਮੰਤਰੀ
-
ਲੁਧਿਆਣਾ ‘ਚ 80 ਨਵੇਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਹੋਵੇਗੀ ਭਲਕੇ
-
ਚੰਨੀ ਤੋਂ ਬਾਅਦ CM ਭਗਵੰਤ ਮਾਨ ਨੇ ਲੁਧਿਆਣਾ ‘ਚ ਰੱਖੀ ਪੰਜਾਬ ਕੈਬਨਿਟ ਦੀ ਮੀਟਿੰਗ