ਲੁਧਿਆਣਾ : ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਦੀ ਪ੍ਰਧਾਨਗੀ ਹੇਠ ਖੁਰਾਕ ਅਤੇ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।
ਇਸ ਦੌਰਾਨ ਵਿਧਾਇਕ ਗਰੇਵਾਲ ਵੱਲੋਂ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਕਿ ਹਲਕਾ ਵਾਸੀਆਂ ਨੂੰ ਵਿਭਾਗ ਨਾਲ ਸਬੰਧਤ ਕਿਸੇ ਵੀ ਕੰਮ ਵਿੱਚ ਮੁਸ਼ਕਲ ਨਾ ਆਵੇ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਜਾਣੂੰ ਕਰਵਾਇਆ ਕਿ ਕੁਝ ਡਿਪੂ ਹੋਲਡਰਾਂ ਵੱਲੋਂ ਕਾਰਡ ਧਾਰਕਾਂ ਨੂੰ ਪਰੇਸ਼ਾਨ ਕਰਨ ਦੇ ਮਾਮਲੇ ਉਨ੍ਹਾਂ ਦੇ ਧਿਆਨ ਵਿਚ ਆਏ ਹਨ, ਜਿਨ੍ਹਾਂ ਨੂੰ ਕੀਸੇ ਵੀ ਹੀਲੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਖੁਰਾਕ ਅਤੇ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਹਲਕਾ ਪੂਰਬੀ ਦਾ ਕੋਈ ਵੀ ਡਿਪੂ ਹੋਲਡਰ ਜੇ ਕਿਸੇ ਕਾਰਡ ਧਾਰਕ ਨੂੰ ਪਰੇਸ਼ਾਨ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ ਬਣਦੀ ਸਖ਼ਤ ਕਾਰਵਾਈ ਕੀਤੀ ਜਾਵੇ।
ਖੁਰਾਕ ਅਤੇ ਸਪਲਾਈ ਵਿਭਾਗ ਦੇ ਅਧਿਕਾਰੀਆਂ ਵਲੋਂ ਵੀ ਵਿਧਾਇਕ ਗਰੇਵਾਲ ਨੂੰ ਭਰੋਸਾ ਦਿਵਾਇਆ ਗਿਆ ਕਿ ਹਲਕੇ ਦੇ ਕਿਸੇ ਵੀ ਕਾਰਡ ਧਾਰਕ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇ ਕੋਈ ਡਿਪੂ ਹੋਲਡਰ ਕਿਸੇ ਵੀ ਕਾਰਡ ਧਾਰਕ ਨਾਲ ਧੱਕੇਸ਼ਾਹੀ ਕਰਦਾ ਹੈ ਤਾਂ ਉਸ ਖਿਲਾਫ਼ ਵਿਭਾਗੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਹੋਰ ਵੀ ਹਾਜਰ ਸਨ।