ਲੁਧਿਆਣਾ : ਕੌਮੀ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਰਿੰਚੇਨ ਲਹਾਮੋ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਘੱਟ ਗਿਣਤੀਆਂ ਦੇ ਹਿੱਤਾਂ ਦੀ ਰਾਖੀ ਲਈ ਭਲਾਈ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਇੱਕ ਢੁਕਵੀਂ ਵਿਧੀ ਤਿਆਰ ਕਰਨ ਲਈ ਕਿਹਾ। ਜ਼ਿਲ੍ਹਾ ਪ੍ਰਸ਼ਾਸਨ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੈਂਬਰ ਕਮਿਸ਼ਨ ਨੇ ਕਿਹਾ ਕਿ ਸਮਾਜ ਦੇ ਇਸ ਵਰਗ ਦੇ ਹਿੱਤਾਂ ਦੀ ਰਾਖੀ ਕਰਨਾ ਸਮੇਂ ਦੀ ਮੁੱਖ ਲੋੜ ਹੈ।
ਉਨ੍ਹਾਂ ਕਿਹਾ ਕਿ ਘੱਟ ਗਿਣਤੀਆਂ ਦੀ ਭਲਾਈ ਲਈ ਪ੍ਰਧਾਨ ਮੰਤਰੀ ਦੇ 15 ਨੁਕਾਤੀ ਏਜੰਡੇ ਨੂੰ ਲਾਗੂ ਕਰਕੇ ਘੱਟ ਗਿਣਤੀਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਹਰ ਕੋਸ਼ਿਸ਼ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਕਮਿਸ਼ਨ ਦਾ ਮੰਤਵ ਘੱਟ ਗਿਣਤੀ ਲੋਕਾਂ ਨੂੰ ਸਿੱਖਿਆ ਪ੍ਰਦਾਨ ਕਰਨਾ, ਸਕੂਲੀ ਬੁਨਿਆਦੀ ਢਾਂਚੇ ਵਿੱਚ ਸੁਧਾਰ, ਉਰਦੂ ਪੜ੍ਹਾਉਣ ਲਈ ਵਧੇਰੇ ਸਰੋਤ, ਮਦਰੱਸਾ ਸਿੱਖਿਆ ਦਾ ਆਧੁਨਿਕੀਕਰਨ, ਘੱਟ ਗਿਣਤੀ ਭਾਈਚਾਰਿਆਂ ਦੇ ਹੋਣਹਾਰ ਵਿਦਿਆਰਥੀਆਂ ਲਈ ਵਜ਼ੀਫ਼ੇ, ਆਰਥਿਕ ਗਤੀਵਿਧੀਆਂ, ਰੁਜ਼ਗਾਰ ਅਤੇ ਆਵਾਸ ਯੋਜਨਾਵਾਂ ਵਿੱਚ ਬਰਾਬਰ ਦੀ ਹਿੱਸੇਦਾਰੀ ਯਕੀਨੀ ਬਣਾਉਣਾ, ਸਮਾਜ ਦੇ ਘੱਟ ਗਿਣਤੀ ਵਰਗਾਂ ਲਈ ਹੁਨਰ ਅਤੇ ਜੀਵਨਸ਼ੈਲੀ ਵਿੱਚ ਸੁਧਾਰ ਲਿਆਉਣਾ ਹੈ।
ਉਨ੍ਹਾਂ ਕਿਹਾ ਕਿ ਘੱਟ ਗਿਣਤੀਆਂ ਦੇ ਹਿੱਤਾਂ ਨੂੰ ਸੁਰੱਖਿਅਤ ਕਰਨ ਦੀ ਲੋੜ ਹੈ, ਜਿਸ ਲਈ ਕਮਿਸ਼ਨ ਪਹਿਲਾਂ ਹੀ ਸਮਰਪਿਤ ਹੋ ਕੇ ਕੰਮ ਕਰ ਰਿਹਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਉਹ ਘੱਟ-ਗਿਣਤੀਆਂ ਨੂੰ ਭਲਾਈ ਸਕੀਮਾਂ ਬਾਰੇ ਜਾਗਰੂਕ ਕਰਨ ਤਾਂ ਜੋ ਉਨ੍ਹਾਂ ਦੀ ਭਲਾਈ ਲਈ ਬਣਾਈਆਂ ਗਈਆਂ ਸਕੀਮਾਂ ਦਾ ਲਾਭ ਉਨ੍ਹਾਂ ਤੱਕ ਪਹੁੰਚ ਸਕੇ। ਕਮਿਸ਼ਨ ਦੇ ਮੈਂਬਰ ਵਲੋਂ ਅਧਿਕਾਰੀਆਂ ਨੂੰ ਸੂਬੇ ਵਿੱਚ ਘੱਟ ਗਿਣਤੀਆਂ ਦੇ ਰਾਖੇ ਵਜੋਂ ਕੰਮ ਕਰਨ ਲਈ ਕਿਹਾ।
ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਜ਼ਿਲ੍ਹੇ ਵਿੱਚ ਵਰਗ ਦੇ ਹਿੱਤਾਂ ਦੀ ਰਾਖੀ ਲਈ ਆਪਣੇ ਆਪ ਨੂੰ ਸੰਵੇਦਨਸ਼ੀਲ ਬਣਾਉਣ ਦੀ ਲੋੜ ਹੈ। ਇਸ ਤੋਂ ਪਹਿਲਾਂ ਮੈਂਬਰ ਕਮਿਸ਼ਨ ਦਾ ਸਵਾਗਤ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਿਤ ਕੁਮਾਰ ਪੰਚਾਲ ਅਤੇ ਹੋਰਨਾਂ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਪ੍ਰਸ਼ਾਸਨ ਵੱਲੋਂ ਘੱਟ ਗਿਣਤੀਆਂ ਲਈ ਸਕੀਮਾਂ ਅਤੇ ਪ੍ਰੋਗਰਾਮਾਂ ਨੂੰ ਲਾਗੂ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।