ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵਿਖੇ ਅੱਜ 74ਵਾਂ ਗਣਤੰਤਰ ਦਿਵਸ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ । ਇਸ ਮੌਕੇ ਵਾਈਸ ਚਾਂਸਲਰ ਡਾ ਸਤਿਬੀਰ ਸਿੰਘ ਗੋਸਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਉਹਨਾਂ ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ।
ਇਸ ਤੋਂ ਬਾਅਦ ਆਪਣੇ ਸੰਦੇਸ਼ ਵਿਚ ਗਣਤੰਤਰ ਦਿਵਸ ਦੀ ਮਹੱਤਤਾ ਅਤੇ ਸੰਵਿਧਾਨਕ ਮੁੱਲਾਂ ਦੀ ਸਥਾਪਤੀ ਬਾਰੇ ਬੋਲਦਿਆਂ ਉਹਨਾਂ ਸਭ ਨੂੰ ਇਸ ਦਿਹਾੜੇ ਦੀ ਵਧਾਈ ਦਿੱਤੀ। ਡਾ ਗੋਸਲ ਨੇ ਨੌਜਵਾਨਾਂ ਨੂੰ ਅਜ਼ਾਦੀ ਤੇ ਗਣਤੰਤਰ ਦੀ ਮਹੱਤਤਾ ਨੂੰ ਸਮਝਣ ਤੇ ਇਸ ਦੀ ਬਿਹਤਰੀ ਲਈ ਲਗਾਤਾਰ ਯਤਨਸ਼ੀਲ ਰਹਿਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਪੀ ਏ ਯੂ ਨੇ ਦੇਸ਼ ਨੂੰ ਭੁੱਖਮਰੀ ਵਿੱਚੋਂ ਬਾਹਰ ਕਢਣ ਲਈ ਪੰਜਾਬ ਦੇ ਕਿਸਾਨਾਂ ਨਾਲ ਮਿਲ ਕੇ ਬੇਮਿਸਾਲ ਕਾਰਜ ਕੀਤਾ ਹੈ।
ਉਹਨਾਂ ਕਿਹਾ ਕਿ ਵਰਤਮਾਨ ਸਮੇਂ ਕੁਦਰਤੀ ਸਰੋਤਾਂ ਦੀ ਸੰਭਾਲ ਅਤੇ ਮੌਸਮੀ ਬਦਲਾਅ ਫ਼ਿਕਰਮੰਦੀ ਦੇ ਸਭ ਤੋਂ ਅਹਿਮ ਵਿਸ਼ੇ ਹਨ । ਇਸ ਲਈ ਮੌਜੂਦਾ ਦੌਰ ਵਿੱਚ ਖੇਤੀ ਵਿਭਿੰਨਤਾ, ਕੁਦਰਤੀ ਸਰੋਤਾਂ ਵੱਲ ਧਿਆਨ, ਵਾਤਾਵਰਨ ਦੀ ਸੰਭਾਲ ਅਤੇ ਕਿਸਾਨੀ ਆਮਦਨ ਵਿੱਚ ਵਾਧੇ ਦੇ ਨਾਲ-ਨਾਲ ਘੱਟ ਪਾਣੀ ਖਪਤ ਕਰਨ ਵਾਲੀਆਂ ਵਾਤਾਵਰਨ ਪੱਖੀ ਕਿਸਮਾਂ ਦਾ ਵਿਕਾਸ, ਫ਼ਸਲੀ ਰਹਿੰਦ ਖੂੰਹਦ ਦੀ ਸੁਚੱਜੀ ਸੰਭਾਲ ਅਤੇ ਸਹਾਇਕ ਧੰਦਿਆਂ ਉੱਪਰ ਜ਼ੋਰ ਦਿੱਤਾ ਜਾ ਰਿਹਾ ਹੈ ।
ਇਸਦੇ ਨਾਲ ਹੀ ਖੇਤੀ ਪ੍ਰੋਸੈਸਿੰਗ ਅਤੇ ਮੁੱਲ ਵਾਧਾ, ਸ਼ਹਿਦ ਮੱਖੀ ਪਾਲਣ, ਖੁੰਬਾਂ ਦੀ ਕਾਸ਼ਤ, ਮੁਰਗੀ ਪਾਲਣ, ਮੱਛੀ ਪਾਲਣ ਅਤੇ ਪਸ਼ੂ ਪਾਲਣ ਵੀ ਖੇਤੀ ਦੇ ਅਹਿਮ ਪਸਾਰ ਬਣੇ ਹਨ । ਉਨ੍ਹਾਂ ਨੇ ਆਉਂਦੇ ਸਾਉਣੀ ਸੀਜ਼ਨ ਲਈ ਪਾਣੀ ਦੀ ਸੰਭਾਲ ਕਰਨ ਲਈ ਸਮੂਹ ਕਿਸਾਨਾਂ ਨੂੰ ਪ੍ਰੇਰਿਤ ਕਰਦਿਆਂ ਪੀ ਏ ਯੂ ਦੀਆਂ ਕਿਸਮਾਂ ਅਪਣਾਉਣ ਲਈ ਪ੍ਰੇਰਿਤ ਕੀਤਾ।
ਡਾ ਗੋਸਲ ਨੇ ਕਿਹਾ ਕਿ ਮਾਹਿਰਾਂ ਦੀਆਂ ਖੋਜਾਂ, ਸਰਕਾਰ ਦੀਆਂ ਯੋਜਨਾਵਾਂ ਅਤੇ ਕਿਸਾਨਾਂ ਦੀ ਪਹਿਲਕਦਮੀ ਨਾਲ ਪਰਾਲੀ ਸੰਭਾਲ ਦੀ ਮੁਹਿੰਮ ਅਸਰਦਾਇਕ ਹੋਈ ਹੈ। ਵਾਈਸ ਚਾਂਸਲਰ ਨੇ ਅੰਤ ਵਿਚ ਸਭ ਦੀ ਚੜ੍ਹਦੀ ਕਲਾ ਲਈ ਸ਼ੁਭਕਾਮਨਾਵਾਂ ਦਿੱਤੀਆਂ। ਵਾਈਸ ਚਾਂਸਲਰ ਨੇ ਰਾਸ਼ਟਰੀ ਝੰਡਾ ਚੜ੍ਹਾਇਆ ਤੇ ਮਾਰਚ ਪਾਸਟ ਤੋਂ ਸਲਾਮੀ ਵੀ ਲਈ।
ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਨਿਰਮਲ ਜੌੜਾ ਨੇ ਆਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਮਨੁੱਖੀ ਜੀਵਨ ਵਿੱਚ ਅਨੁਸ਼ਾਸ਼ਨ ਦੀ ਲੋੜ ਹੈ। ਨਾਲ ਹੀ ਉਹਨਾਂ ਕਿਹਾ ਕਿ ਵਿਦਿਆਰਥੀਆਂ ਨੂੰ ਗਣਤੰਤਰ ਦੇ ਤੌਰ ਤੇ ਭਾਰਤ ਦੀ ਮਜ਼ਬੂਤੀ ਲਈ ਯਤਨ ਕਰਨੇ ਚਾਹੀਦੇ ਹਨ ਅਤੇ ਸਮਾਜ ਨੂੰ ਇੱਕ ਮਜ਼ਬੂਤ ਇਕਾਈ ਵਿੱਚ ਬੰਨ ਕੇ ਰੱਖਣਾ ਸਮੇਂ ਦੀ ਲੋੜ ਹੈ ।
ਇਸ ਮੌਕੇ ਪੀ.ਏ.ਯੂ. ਦੇ ਰਜਿਸਟਰਾਰ ਡਾ ਸ਼ੰੰਮੀ ਕਪੂਰ, ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ, ਨਿਰਦੇਸ਼ਕ ਪਸਾਰ ਸਿੱਖਿਆ ਡਾ. ਅਸ਼ੋਕ ਕੁਮਾਰ, ਡੀਨ ਪੋਸਟ ਗ੍ਰੈਜੂਏਟ ਸਟੱਡੀਜ਼ ਡਾ. ਸੰਦੀਪ ਬੈਂਸ, ਅਪਰ ਨਿਰਦੇਸ਼ਕ ਸੰਚਾਰ ਡਾ ਤੇਜਿੰਦਰ ਸਿੰਘ ਰਿਆੜ ਸਮੂਹ ਡੀਨ ਡਾਇਰੈਕਟਰ ਅਤੇ ਹੋਰ ਅਧਿਕਾਰੀ, ਅਧਿਆਪਕ, ਕਰਮਚਾਰੀ ਅਤੇ ਵਿਦਿਆਰਥੀ ਮੌਜੂਦ ਸਨ।