ਲੁਧਿਆਣਾ : ਬੁੱਢੇ ਨਾਲੇ ਦੀ ਸਫ਼ਾਈ ਲਈ ਚੱਲ ਰਹੇ 650 ਕਰੋੜ ਰੁਪਏ ਦੇ ਪ੍ਰਾਜੈਕਟ ਤਹਿਤ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵਿਧਾਨ ਸਭਾ ਕਮੇਟੀ ਦੀ ਮੀਟਿੰਗ ਹਲਕਾ ਲੁਧਿਆਣਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਪ੍ਰਧਾਨਗੀ ਹੇਠ ਹੋਈ | ਸੂਬਾ ਸਰਕਾਰ ਵਲੋਂ ਬੁੱਢੇ ਨਾਲੇ ਅਤੇ ਘੱਗਰ ਦਰਿਆ ਨਾਲ ਸੰਬੰਧਤ ਮੁੱਦਿਆਂ ਲਈ ਉਕਤ ਕਮੇਟੀ ਬਣਾਈ ਗਈ ਹੈ | ਕਮੇਟੀ ਦੇ ਮੈਂਬਰ ਹੋਣ ਦੇ ਨਾਤੇ ਵਿਧਾਇਕ ਮਦਨ ਲਾਲ ਬੱਗਾ, ਗੁਰਪ੍ਰੀਤ ਬੱਸੀ ਗੋਗੀ, ਅਸ਼ੋਕ ਪਰਾਸ਼ਰ ਪੱਪੀ ਅਤੇ ਕੁਲਵੰਤ ਸਿੰਘ ਸਿੱਧੂ ਨੇ ਵੀ ਮੀਟਿੰਗ ਵਿਚ ਸ਼ਾਮਿਲ ਹੋਏ ਅਤੇ ਅਧਿਕਾਰੀਆਂ ਨੂੰ ਇਸ ਪ੍ਰਾਜੈਕਟ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ |
ਕਮੇਟੀ ਦੇ ਚੇਅਰਮੈਨ ਵਿਧਾਇਕ ਗਰੇਵਾਲ ਨੇ ਪ੍ਰਾਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਕੰਮਾਂ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਦੀ ਸਮੀਖਿਆ ਕਰਨ ਲਈ ਰਾਜ ਪੱਧਰ ‘ਤੇ ਨਿਯਮਤ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਇਹ ਲੁਧਿਆਣਾ ਵਿਖੇ ਪਹਿਲੀ ਮੀਟਿੰਗ ਹੈ | ਪੀ.ਪੀ.ਸੀ.ਬੀ. ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਕਿ ਉਹ ਰੰਗਾਈ ਉਦਯੋਗ ‘ਤੇ ਨਿਯਮਤ ਤੌਰ ‘ਤੇ ਨਜ਼ਰ ਰੱਖਣ ਅਤੇ ਉਨ੍ਹਾਂ ਯੂਨਿਟਾਂ ਵਿਰੁੱਧ ਸਖ਼ਤ ਕਾਰਵਾਈ ਕਰਨ, ਜਿੱਥੋਂ ਵੀ ਨਗਰ ਨਿਗਮ ਦੀਆਂ ਸੀਵਰ ਲਾਈਨਾਂ ਵਿਚ ਗੰਦਾ ਪਾਣੀ ਸੁੱਟਿਆ ਜਾਂਦਾ ਹੈ |
ਪੀ.ਪੀ.ਸੀ.ਬੀ. ਦੇ ਅਧਿਕਾਰੀਆਂ ਨੂੰ ਇਸ ਸਬੰਧ ਵਿੱਚ ਨਿਰੀਖਣ ਕਰਨ ਅਤੇ ਰਿਪੋਰਟ ਪੇਸ਼ ਕਰਨ ਦੇ ਵੀ ਨਿਰਦੇਸ਼ ਦਿੱਤੇ ਗਏ ਹਨ, ਕਿਉਂਕਿ ਸੀਵਰੇਜ ਲਾਈਨਾਂ ਵਿਚ ਡਾਇੰਗ ਉਦਯੋਗ ਦਾ ਗੰਦਾ ਪਾਣੀ ਸੁੱਟਣ ਨਾਲ ਬੁੱਢੇ ਨਾਲੇ ਵਿਚ ਪ੍ਰਦੂਸ਼ਣ ਵੱਧਦਾ ਹੈ | ਉਨ੍ਹਾਂ ਦੱਸਿਆ ਕਿ ਕਮੇਟੀ ਵਲੋਂ ਆਉਣ ਵਾਲੇ ਸਮੇਂ ਵਿਚ ਇਸ ਪ੍ਰਾਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਫੀਲਡ ਨਿਰੀਖਣ ਵੀ ਕੀਤੇ ਜਾਣਗੇ | ਪੀ.ਪੀ.ਸੀ.ਬੀ. ਦੇ ਅਧਿਕਾਰੀਆਂ ਨੂੰ ਡਾਇੰਗ ਉਦਯੋਗ ਦੇ ਗੰਦਾ ਪਾਣੀ ਨੂੰ ਸੋਧਨ ਲਈ ਸਥਾਪਤ ਕੀਤੇ ਗਏ ਤਿੰਨ ਕਾਮਨ ਐਫਲੂਐਂਟ ਟਰੀਟਮੈਂਟ ਪਲਾਂਟਾਂ ਦੇ ਕੰਮਕਾਜ ਦੀ ਨਿਯਮਤ ਤੌਰ ‘ਤੇ ਨਿਗਰਾਨੀ ਕਰਨ ਲਈ ਵੀ ਨਿਰਦੇਸ਼ ਦਿੱਤੇ ਗਏ ਹਨ |