ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ 24 ਅਤੇ 25 ਮਾਰਚ ਨੂੰ ਲੁਧਿਆਣਾ ਵਿਖੇ ਸਾਉਣੀ ਦੀਆਂ ਫ਼ਸਲਾਂ ਲਈ ਦੋ ਰੋਜ਼ਾ ਕਿਸਾਨ ਮੇਲਾ ਲਗਾਇਆ ਜਾ ਰਿਹਾ ਹੈ। ਪੀਏਯੂ ਦੇ ਵਾਈਸ-ਚਾਂਸਲਰ ਡਾ.ਸਤਿਬੀਰ ਸਿੰਘ ਗੋਸਲ ਨੇ ਕਿਸਾਨ ਮੇਲਿਆਂ ਲਈ ਸੱਦਾ ਦਿੰਦਿਆਂ ਪੰਜਾਬ ਦੇ ਕਿਸਾਨਾਂ, ਕਿਸਾਨ ਔਰਤਾਂ ਅਤੇ ਨੌਜਵਾਨਾਂ ਨੂੰ ਆਪਣੇ ਪਰਿਵਾਰਾਂ ਸਮੇਤ ਮੇਲਿਆਂ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।
ਆਓ ਖੇਤੀ ਖਰਚ ਘਟਾਈਏ, ਵਾਧੂ ਪਾਣੀ ਖਾਦ ਨਾ ਪਾਈਏ ਵਿਸ਼ੇ ‘ਤੇ ਆਧਾਰਿਤ ਇਹ ਮੇਲਾ ਪਾਣੀ ਅਤੇ ਖਾਦਾਂ ਦੀ ਸੁਚੱਜੀ ਵਰਤੋਂ ਕਰਕੇ ਖੇਤੀ ਖਰਚਿਆਂ ਨੂੰ ਘਟਾਉਣ ਦੀ ਲੋੜ ‘ਤੇ ਜ਼ੋਰ ਦੇਵੇਗਾ। ਨਾਲ ਹੀ ਕੁਦਰਤੀ ਸਰੋਤਾਂ ਦੀ ਸੰਭਾਲ, ਪਰਾਲੀ ਪ੍ਰਬੰਧਨ, ਸਹਾਇਕ ਕਿੱਤਿਆਂ ਉੱਤੇ ਜ਼ੋਰ ਅਤੇ ਸੰਯੁਕਤ ਖੇਤੀ ਪ੍ਰਣਾਲੀ ਰਾਹੀਂ ਖੇਤੀਬਾੜੀ ਸਥਿਰਤਾ ਵੱਲ ਕਿਸਾਨੀ ਸਮਾਜ ਨੂੰ ਤੋਰਨਾ ਇਨ੍ਹਾਂ ਮੇਲਿਆਂ ਦਾ ਮੁੱਖ ਮੰਤਵ ਰਹੇਗਾ।
ਨਿਰਦੇਸ਼ਕ ਪਸਾਰ ਸਿੱਖਿਆ ਡਾ ਗੁਰਮੀਤ ਸਿੰਘ ਬੁੱਟਰ ਨੇ ਦੱਸਿਆ ਕਿ ਕਿਸਾਨ ਮੇਲਿਆਂ ਦੇ ਸਫਲ ਆਯੋਜਨ ਲਈ ਪੀਏਯੂ ਵਿਖੇ ਤਿਆਰੀਆਂ ਜ਼ੋਰਾਂ ‘ਤੇ ਹਨ, ਜਿੱਥੇ ਕਿਸਾਨਾਂ ਨੂੰ ਮਿਆਰੀ ਬੀਜ ਅਤੇ ਪੌਦਿਆਂ ਤੋਂ ਬਿਨਾਂ ਜੀਵਾਣੂੰ ਖਾਦ ਅਤੇ ਖੇਤੀ ਸਾਹਿਤ ਵਿਕਰੀ ਲਈ ਉਪਲਬਧ ਕਰਾਏ ਜਾਣਗੇ। ਅਪਰ ਨਿਰਦੇਸ਼ਕ ਸੰਚਾਰ ਡਾ ਤੇਜਿੰਦਰ ਸਿੰਘ ਰਿਆੜ ਨੇ ਵੀ ਕਿਸਾਨਾਂ ਨੂੰ ਇਨ੍ਹਾਂ ਮੇਲਿਆਂ। ਵਿਚ ਪਹੁੰਚਣ ਦੀ ਅਪੀਲ ਕੀਤੀ।