ਪੰਜਾਬ ਐਗਰੀਕਚਰਲ ਯੂਨੀਵਰਸਿਟੀ ਦੇ ਖੇਤਰੀ ਖੋਜ ਸਟੇਸ਼ਨ, ਬਠਿੰਡਾ ਵਿਖੇ ਸਾਉਣੀ ਦੀਆਂ ਫ਼ਸਲਾਂ ਲਈ ਕਿਸਾਨ ਮੇਲਾ ਲਗਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਸ਼ਿਰਕਤ ਕੀਤੀ | ਇਸ ਮੌਕੇ ਯੂਨੀਵਰਸਿਟੀ ਵੱਲੋਂ ਕਿਸਾਨ ਮੇਲੇ ਦੇ ਮੁੱਖ ਮਹਿਮਾਨ ਸ੍ਰੀਮਤੀ ਕਿਰਨਜੀਤ ਕੌਰ ਗਿੱਲ ਅਤੇ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ |
ਇਸ ਮੌਕੇ ਡਾ. ਸਤਿਬੀਰ ਸਿੰਘ ਗੋਸਲ, ਵਾਈਸ ਚਾਂਸਲਰ ਪੀ.ਏ.ਯੂ. ਨੇ ਕਿਸਾਨ ਮੇਲੇ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਅਨੇਕਾਂ ਚੁਣੌਤੀਆਂ ਦੇ ਬਾਵਜੂਦ ਨਰਮਾ ਉਤਪਾਦਨ ਵਿੱਚ ਪੰਜਾਬ ਨੇ ਪਿਛਲੇ ਲਗਾਤਾਰ ਤਿੰਨ ਸਾਲਾਂ ਦੌਰਾਨ ਬਾਕਮਾਲ ਉਤਪਾਦਨ ਹਾਸਲ ਕੀਤਾ, ਜਿਸਦਾ ਸਮੁੱਚਾ ਸਿਹਰਾ ਸਾਡੇ ਕਿਸਾਨਾਂ ਅਤੇ ਖੇਤੀ ਵਿਗਿਆਨੀਆਂ ਦੀ ਅਣਥੱਕ ਮਿਹਨਤ ਨੂੰ ਜਾਂਦਾ ਹੈ |
ਧਰਤੀ ਹੇਠਲੇ ਪਾਣੀ ਦੇ ਪੱਧਰ ਦੀ ਨਿਰੰਤਰ ਹੋ ਰਹੀ ਗਿਰਾਵਟ ਤੇ ਚਿੰਤਾ ਪ੍ਰਗਟ ਕਰਦਿਆਂ ਉਹਨਾਂ ਖੇਤੀ ਵਿਭਿੰਨਤਾ ਨੂੰ ਅਪਨਾਉਣ, ਤੁਪਕਾ ਪ੍ਰਣਾਲੀ ਦੀ ਵਰਤੋਂ ਕਰਨ, ਝੋਨੇ ਦੀ ਵੱਧ ਝਾੜ ਦੇਣ ਵਾਲੀ ਅਤੇ ਜਲਦੀ ਪੱਕ ਕੇ ਤਿਆਰ ਹੋਣ ਵਾਲੀ ਪੀ ਆਰ 126 ਕਿਸਮ ਦੀ ਕਾਸ਼ਤ ਕਰਨ ਤੇ ਜ਼ੋਰ ਦਿੱਤਾ | ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ 33 ਫੀਸਦੀ ਸਬਸਿਡੀ ਉਨ੍ਹਾਂ ਸਾਰੇ ਨਰਮਾ ਉਤਪਾਦਕਾਂ ਨੂੰ ਦਿੱਤੀ ਜਾਵੇਗੀ, ਜੋ ਯੂਨੀਵਰਸਿਟੀ ਵਲੋਂ ਸਿਫ਼ਾਰਸ਼ ਕੀਤੇ ਹਾਈਬ੍ਰਿਡ ਨਰਮੇ ਦੇ ਬੀਜ ਵਰਤਣਗੇ |