ਲੁਧਿਆਣਾ : ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਦੇ ਵਾਰਡ ਨੰਬਰ 6 ਵਿਖੇ ਨਵੇਂ ਬਣ ਰਹੇ ਆਮ ਆਦਮੀ ਕਲੀਨਿਕ ਦਾ ਜਾਇਜ਼ਾ ਲੈਣ ਲਈ ਵਿਧਾਇਕ ਗਰੇਵਾਲ ਵਿਸ਼ੇਸ਼ ਤੌਰ ਤੇ ਪਹੁੰਚੇ ਜਿੱਥੇ ਵੱਖ-ਵੱਖ ਪਹਿਲੂਆਂ ਦੀ ਬਰੀਕੀ ਨਾਲ ਜਾਂਚ ਕੀਤੀ। ਉਨ੍ਹਾਂ ਕਿਹਾ ਕਿ ਕਲੀਨਿਕ ਦੀ ਉਸਾਰੀ ਵਿੱਚ ਵਰਤੀ ਜਾਣ ਵਾਲੀ ਸਮੱਗਰੀ ਦੀ ਗੁਣਵੱਤਾ ਨਾਲ ਸਮਝੌਤਾ ਨਹੀਂ ਕੀਤਾ ਜਾਵੇਗਾ।
ਵਿਧਾਇਕ ਗਰੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਚੋਣਾਂ ਸਮੇਂ ਜੋ ਸੂਬਾ ਵਾਸੀਆਂ ਨੂੰ ਗਾਰੰਟੀਆਂ ਦਿੱਤੀਆਂ ਸਨ, ਉਨ੍ਹਾਂ ਨੂੰ ਪਹਿਲ ਦੇ ਅਧਾਰ ‘ਤੇ ਪੂਰਾ ਕੀਤਾ ਰਿਹਾ ਹੈ । ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਖੋਲ੍ਹੇ ਗਏ ਮੁਹੱਲਾ ਕਲੀਨਿਕਾਂ ਵਿੱਚ ਲਗਾਤਾਰ ਇਜਾਫਾ ਕੀਤਾ ਜਾ ਰਿਹਾ ਹੈ ਜਿਸਦੇ ਤਹਿਤ ਵਾਰਡ ਨੰਬਰ 6 ਅਧੀਨ ਇੱਕ ਹੋਰ ਨਵਾਂ ਕਲੀਨਿਕ ਤਿਆਰ ਕੀਤਾ ਜਾ ਰਿਹਾ ਹੈ ਜੋ ਜਲਦ ਹੀ ਇਲਾਕੇ ਦੇ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਇਸ ਕਲੀਨਿਕ ਦੇ ਖੁੱਲ੍ਹਣ ਨਾਲ ਆਸ ਪਾਸ ਦੇ ਇਲਾਕੇ ਦੇ ਲੋਕਾਂ ਨੂੰ ਮੁਫ਼ਤ ਇਲਾਜ ਦੇ ਨਾਲ-ਨਾਲ ਮੁਫ਼ਤ ਟੈਸਟਾਂ ਦੀ ਸੁਵਿਧਾ ਵੀ ਮਿਲੇਗੀ। ਵਿਧਾਇਕ ਗਰੇਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਬੌਖਲਾਈਆਂ ਵਿਰੋਧੀ ਪਾਰਟੀਆਂ ਅਫਵਾਹਾਂ ਫੈਲਾ ਰਹੀਆਂ ਹਨ ਲੋਕਾਂ ਨੂੰ ਉਹਨਾਂ ਦੀਆਂ ਅਫਵਾਹਾਂ ਤੋਂ ਬਚਣ ਦੀ ਲੋੜ ਹੈ । ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਹਾਜ਼ਰ ਸਨ ।