Connect with us

ਪੰਜਾਬ ਨਿਊਜ਼

ਆਸ਼ਰਿਤਾਂ ਨੂੰ 2 ਲੱਖ ਰੁਪਏ, ਪੀੜ੍ਹਤਾਂ ਲਈ 50 ਹਜ਼ਾਰ ਤੇ ਮੁਫ਼ਤ ਇਲਾਜ ਦਾ ਐਲਾਨ :ਸਿਹਤ ਮੰਤਰੀ 

Published

on

2 lakh rupees to the dependents of the deceased, 50 thousand rupees to the sick victims and free treatment announced - Health Minister

ਲੁਧਿਆਣਾ :  ਪੰਜਾਬ ਸਰਕਾਰ ਵਲੋਂ ਸਥਾਨਕ ਗਿਆਸਪੁਰਾ ਇਲਾਕੇ ਵਿੱਚ ਗੈਸ ਲੀਕ ਹੋਣ ਕਾਰਨ ਵਾਪਰੀ ਮੰਦਭਾਗੀ ਘਟਨਾ ਵਿੱਚ ਮ੍ਰਿਤਕਾਂ ਦੇ ਆਸ਼ਰਿਤਾਂ ਨੂੰ ਦੋ-ਦੋ ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਗੰਭੀਰ ਰੂਪ ਵਿੱਚ ਬਿਮਾਰ ਹੋਏ ਅਤੇ ਇਲਾਜ ਅਧੀਨ ਪੀੜਤਾਂ ਨੂੰ 50,000 ਰੁਪਏ ਦੀ ਰਾਸ਼ੀ ਅਤੇ ਮੁਫ਼ਤ ਇਲਾਜ ਦਿੱਤਾ ਜਾਵੇਗਾ।

ਘਟਨਾ ਸਥੱਲ ਅਤੇ ਸਿਵਲ ਹਸਪਤਾਲ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਉਹ ਹਸਪਤਾਲ ਵਿੱਚ ਦਾਖਲ ਪੀੜ੍ਹਤਾਂ ਦੇ ਵਧੀਆ ਇਲਾਜ ਨੂੰ ਯਕੀਨੀ ਬਣਾਉਣ ਲਈ ਇੱਥੇ ਪੁੱਜੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਮ੍ਰਿਤਕਾਂ ਦੇ ਪਰਿਵਾਰਾਂ ਅਤੇ ਹੋਰ ਪ੍ਰਭਾਵਿਤ ਪਰਿਵਾਰਾਂ ਦੇ ਸਹਿਯੋਗ ਲਈ ਤੱਤਪਰ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਦੁਖਦਾਈ ਘਟਨਾ ਲਈ ਜਿੰਮੇਵਾਰ ਵਿਅਕਤੀਆਂ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾਵੇਗੀ। ਬਾਅਦ ਵਿੱਚ ਸਿਹਤ ਮੰਤਰੀ ਨੇ ਗਿਆਸਪੁਰਾ ਵਿੱਚ ਪ੍ਰਭਾਵਿਤ ਖੇਤਰ ਦਾ ਦੌਰਾ ਵੀ ਕੀਤਾ। ਇਸ ਦੌਰਾਨ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ ਦੱਸਿਆ ਕਿ ਸਵੇਰੇ ਗੈਸ ਚੜ੍ਹਨ ਕਰਕੇ ਕੁੱਲ ਗਿਆਰਾਂ ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਬੀਮਾਰ ਹੋਏ ਹਨ।

ਉਨ੍ਹਾਂ ਕਿਹਾ ਕਿ ਹਸਪਤਾਲਾਂ ਵਿੱਚ ਇਲਾਜ ਅਧੀਨ ਪੀੜਤਾਂ ਦੇ ਵਧੀਆ ਇਲਾਜ ਨੂੰ ਯਕੀਨੀ ਬਣਾਉਣ ਲਈ ਸਮਰਪਿਤ ਯਤਨ ਕੀਤੇ ਜਾ ਰਹੇ ਹਨ। ਇਸ ਘਟਨਾ ਦਾ ਪਤਾ ਲੱਗਦਿਆਂ ਹੀ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਦੇ ਨਾਲ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ, ਨਗਰ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ, ਸਿਹਤ ਵਿਭਾਗ ਦੇ ਸੀਨੀਅਰ ਅਧਿਕਾਰੀ, ਐਨ.ਡੀ.ਆਰ.ਐਫ., ਪੀ.ਪੀ.ਸੀ.ਬੀ., ਲੁਧਿਆਣਾ ਦੇ ਹੋਰ ਅਧਿਕਾਰੀ ਮੌਕੇ ‘ਤੇ ਪੁੱਜੇ।

ਐਨ.ਡੀ.ਆਰ.ਐਫ. ਟੀਮ ਵੱਲੋਂ ਵਰਤੇ ਗਏ ਏਅਰ ਕੁਆਲਿਟੀ ਸੈਂਸਰਾਂ ਵਿੱਚ ਹਾਈਡ੍ਰੋਜਨ ਸਲਫਾਈਡ ਗੈਸ ਦੇ ਉੱਚ ਪੱਧਰ ਦਾ ਪਤਾ ਲਗਾਇਆ ਗਿਆ ਹੈ ਅਤੇ ਇਹ ਵੀ ਘੋਖ ਪੜ੍ਹਤਾਲ ਕੀਤੀ ਜਾ ਰਹੀ ਹੈ ਕਿ ਇਸੇ ਗੈਸ ਕਾਰਨ ਹੀ ਇਹ ਦੁਖਦਾਈ ਘਟਨਾ ਵਾਪਰੀ ਹੈ। ਨਗਰ ਨਿਗਮ ਲੁਧਿਆਣਾ ਦੀ ਟੀਮ ਵੀ ਇਸ ਗੱਲ ਨੂੰ ਯਕੀਨੀ ਬਣਾਉਣ ਲਈ ਸਖ਼ਤ ਮਿਹਨਤ ਕਰ ਰਹੀ ਹੈ ਕਿ ਅੱਗੇ ਤੋਂ ਕੋਈ ਰਸਾਇਣਕ ਗੰਦਗੀ ਨਾ ਹੋਵੇ।

ਡੀ.ਐਮ, ਏ.ਡੀ.ਐਮ. ਅਤੇ ਐਸ.ਡੀ.ਐਮ. ਦੇ ਨਾਲ ਨਗਰ ਨਿਗਮ ਅਤੇ ਪੁਲਿਸ ਅਧਿਕਾਰੀਆਂ ਨੇ ਬਚਾਅ, ਸਫਾਈ, ਘੇਰਾਬੰਦੀ ਅਤੇ ਨਿਕਾਸੀ ਦੀ ਸਮੁੱਚੀ ਪ੍ਰਕਿਰਿਆ ਦੀ ਨਿਗਰਾਨੀ ਕੀਤੀ ਹੈ ਅਤੇ ਤੁਰੰਤ ਸਥਿਤੀ ਦੇ ਨਿਯੰਤਰਣ ਲਈ ਐਨ.ਡੀ.ਆਰ.ਐਫ. ਅਤੇ ਐਨ.ਡੀ.ਐਮ.ਏ. ਨਾਲ ਤਾਲਮੇਲ ਕੀਤਾ ਹੈ। ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਅੱਜ ਦੀ ਸਥਿਤੀ ਨਾਲ ਨਜਿੱਠਣ ਲਈ ਸਿਹਤ ਵਿਭਾਗ ਦੀ ਭੂਮਿਕਾ ਦੀ ਵੀ ਸ਼ਲਾਘਾ ਕੀਤੀ।

Facebook Comments

Trending