Connect with us

ਪੰਜਾਬੀ

ਪੰਜਾਬ ਨੂੰ ਨਸ਼ਾ ਮੁਕਤ ਕਰਨਾ ਹੀ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ: ਸਿਹਤ ਮੰਤਰੀ ਡਾ. ਬਲਬੀਰ ਸਿੰਘ

Published

on

Making Punjab drug free is the true tribute to the martyrs: Health Minister Dr. Balbir Singh

ਲੁਧਿਆਣਾ : ਪੰਜਾਬ ਦੇ CM ਭਗਵੰਤ ਮਾਨ ਅਨੁਸਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਹਾੜੇ ਮੌਕੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਅਹਿਦ ਲਿਆ। ਸ਼ਹੀਦ ਕਰਤਾਰ ਸਿੰਘ ਦੇ ਪਿੰਡ ਸਰਾਭਾ, ਲੁਧਿਆਣਾ ਵਿਖੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦਾ ਖਾਤਮਾ ਕਰਨਾ ਹੀ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਬਹਾਦਰੀ ਨਾਲ ਲੜਨ ਵਾਲੇ ਸਾਡੇ ਪੁਰਖਿਆਂ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਨਸ਼ਾਖੋਰੀ ਇੱਕ ਗੰਭੀਰ ਰੁਕਾਵਟ ਹੈ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਨਸ਼ਿਆਂ ਵਿਰੁੱਧ ਜੰਗ ਨੂੰ ਜਨ ਅੰਦੋਲਨ ਵਿੱਚ ਤਬਦੀਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਭਰ ਵਿੱਚ ‘ਪਰਿਵਰਤਨ ਕੇਂਦਰ’ ਖੋਲ੍ਹੇਗੀ ਜਿੱਥੇ ਨਸ਼ਾ ਪੀੜਤਾਂ ਦਾ ਇਲਾਜ, ਕਾਊਂਸਲਿੰਗ ਅਤੇ ਮੁੜ ਵਸੇਬਾ ਵਰਗੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ

ਉਨ੍ਹਾਂ ਅੱਗੇ ਕਿਹਾ ਕਿ ਇਸ ਤੋਂ ਇਲਾਵਾ ਸਿਹਤ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ ਜੋ ਕਿ ਆਪਣੇ ਖੇਤਰਾਂ ਵਿੱਚ ਨਸ਼ਿਆਂ ਦੀ ਅਲਾਮਤ ‘ਤੇ ਚੌਕਸੀ ਰੱਖਣ ਦਾ ਕੰਮ ਕਰਨਗੀਆਂ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਦੇਸ਼ ਦੇ ਸਭ ਤੋਂ ਛੋਟੀ ਉਮਰ ਦੇ ਸ਼ਹੀਦ ਸਨ, ਜਿਨ੍ਹਾਂ ਨੇ ਸਿਰਫ਼ 19 ਸਾਲ ਦੀ ਉਮਰ ਵਿੱਚ ਸ਼ਹੀਦੀ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਵੱਲੋਂ ਦਿੱਤੀ ਗਈ ਕੁਰਬਾਨੀ ਨੌਜਵਾਨਾਂ ਨੂੰ ਦੇਸ਼ ਦੀ ਸੇਵਾ ਲਈ ਪ੍ਰੇਰਿਤ ਕਰਦੀ ਰਹੇਗੀ।

ਉਨ੍ਹਾਂ ਇਹ ਵੀ ਯਾਦ ਕੀਤਾ ਕਿ ਸਾਡੇ ਮਹਾਨ ਆਜ਼ਾਦੀ ਘੁਲਾਟੀਆਂ ਨੇ ਆਉਣ ਵਾਲੀਆਂ ਪੀੜ੍ਹੀਆਂ ਦੀ ਬਿਹਤਰੀ ਅਤੇ ਦੇਸ਼ ਤੇ ਸੂਬੇ ਦੀ ਸਰਵਪੱਖੀ ਤਰੱਕੀ ਨੂੰ ਯਕੀਨੀ ਬਣਾਉਣ ਲਈ ਮਹਾਨ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਆਪਣੇ ਸੁਤੰਤਰਤਾ ਸੈਨਾਨੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਖ਼ਤ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਸਥਾਨਕ ਲੋਕਾਂ ਵੱਲੋਂ ਉਠਾਏ ਸਾਰੇ ਮਸਲੇ ਹੱਲ ਕਰਨ ਦਾ ਭਰੋਸਾ ਵੀ ਦਿੱਤਾ।

ਵਿਧਾਇਕ ਹਾਕਮ ਸਿੰਘ ਠੇਕੇਦਾਰ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਨੂੰ ਖ਼ਤਮ ਕਰਕੇ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਵਚਨਬੱਧ ਹੈ। ਮਾਰਕਫੈੱਡ ਦੇ ਚੇਅਰਮੈਨ ਅਮਨਦੀਪ ਸਿੰਘ ਮੋਹੀ ਨੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਚਲਾਉਣ ਦਾ ਸੱਦਾ ਦਿੱਤਾ। ਕੈਬਨਿਟ ਮੰਤਰੀ ਨੇ ਸ਼ਹੀਦ ਦੇ ਬੁੱਤ ‘ਤੇ ਫੁੱਲ ਮਾਲਾਵਾਂ ਭੇਟ ਕਰਕੇ ਉਨ੍ਹਾਂ ਦੀ ਯਾਦ ‘ਚ ਲਗਾਏ ਗਏ ਖੂਨਦਾਨ ਕੈਂਪ ਦਾ ਉਦਘਾਟਨ ਵੀ ਕੀਤਾ।

ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਨ ਨੂੰ ਸਮਰਪਿਤ ਵਾਕਾਥਨ ਅਤੇ ਸਾਈਕਲ ਰੈਲੀ ਵੀ ਕਰਵਾਈ ਗਈ, ਜਿਸ ਵਿੱਚ ਸ਼ਹੀਦ ਕਰਤਾਰ ਸਿੰਘ ਸਰਾਭਾ ਗਰੁੱਪ ਆਫ਼ ਮੈਡੀਕਲ ਇੰਸਟੀਚਿਊਟ ਦੇ ਸੈਂਕੜੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਮੁਖੀ ਸ਼ਰਨਪਾਲ ਸਿੰਘ ਮੱਕੜ, ਆਪ ਆਗੂ ਡਾ. ਕੇ.ਐਨ.ਐਸ. ਕੰਗ, ਅਹਿਬਾਬ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਸਰੀਨ, ਸਿਵਲ ਸਰਜਨ ਡਾ. ਹਿਤਿੰਦਰ ਕੌਰ ਅਤੇ ਕਰਨਲ (ਸੇਵਾਮੁਕਤ) ਮਨਦੀਪ ਸਿੰਘ ਗਰੇਵਾਲ ਹਾਜ਼ਰ ਸਨ।

Facebook Comments

Trending