ਲੁਧਿਆਣਾ : ਪ੍ਰਾਈਵੇਟ ਏਡਿਡ ਅਤੇ ਅਨਏਡਿਡ ਕਾਲਜ ਨਾਨ ਟੀਚਿੰਗ ਇੰਪਲਾਈਜ਼ ਯੂਨੀਅਨ ਦੀ ਇੱਕ ਹੰਗਾਮੀ ਮੀਟਿੰਗ ਸੂਬਾ ਪ੍ਰਧਾਨ ਰਾਜੀਵ ਸ਼ਰਮਾ ਦੀ ਪ੍ਰਧਾਨਗੀ ਹੇਠ ਖਾਲਸਾ ਕਾਲਜ, ਆਨੰਦਪੁਰ ਸਾਹਿਬ ਵਿਖੇ ਹੋਈ। ਇਸ ਮੀਟਿੰਗ ਵਿੱਚ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਆਪਣੇ ਆਪ ਨੂੰ ਆਮ ਜਨਤਾ ਦੀ ਹਿਤੈਸ਼ੀ ਹੋਣ ਦਾ ਦਾਅਵਾ ਕਰਨ ਵਾਲੀ ਸਥਾਨਕ ਸੂਬਾ ਸਰਕਾਰ ਦੀਆਂ ਬੰਦ ਅੱਖਾਂ ਖੋਲ੍ਹਣ ਲਈ 7 ਅਗਸਤ ਨੂੰ ਸੂਬਾ ਪੱਧਰੀ ਧਰਨਾ ਅਤੇ ਅਰਥੀ ਫੂਕ ਮਾਰਚ ਕੀਤਾ ਜਾਵੇਗਾ।
ਇਸ ਮੌਕੇ ਜਨਰਲ ਸਕੱਤਰ ਜਗਦੀਪ ਸਿੰਘ ਨੇ ਦੱਸਿਆ ਕਿ ਪਹਿਲਾਂ ਵੀ ਰੋਸ ਪ੍ਰਦਰਸ਼ਨ ਦਾ ਪ੍ਰੋਗਰਾਮ ਬਣਾਇਆ ਗਿਆ ਸੀ ਪਰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਨਾਨ-ਟੀਚਿੰਗ ਸਟਾਫ਼ ਨੂੰ ਛੇਵਾਂ ਤਨਖਾਹ ਸਕੇਲ ਲਾਗੂ ਕਰਨ ਸਬੰਧੀ ਮੀਟਿੰਗ ਕੀਤੀ ਸੀ, ਪਰ ਮੰਤਰੀ ਨੇ ਕੁਝ ਦਿਨਾਂ ਦਾ ਸਮਾਂ ਮੰਗਿਆ ਸੀ। ਕਾਫੀ ਸਮਾਂ ਬੀਤ ਜਾਣ ਤੋਂ ਬਾਅਦ ਵੀ ਝੂਠੇ ਬਿਆਨ ਤੋਂ ਇਲਾਵਾ ਕੁਝ ਨਹੀਂ ਦਿੱਤਾ ਗਿਆ।