ਲੁਧਿਆਣਾ : ਲੁਧਿਆਣਾ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਸਥਾਨਕ ਆਰ.ਐਸ. ਮਾਡਲ ਸੀਨੀਅਰ ਸੈਕੰਡਰੀ ਸਕੂਲ, ਸ਼ਾਸ਼ਤਰੀ ਨਗਰ ਲੁਧਿਆਣਾ ਵਿਖੇ ਕਰਵਾਏ ਗਏ। ਸਾਹਿਤ ਸਿਰਜਣ ਮੁਕਾਬਲਿਆਂ ਵਿੱਚ ਕਵਿਤਾ ਰਚਨਾ, ਲੇਖ ਰਚਨਾ ਅਤੇ ਕਹਾਣੀ ਰਚਨਾ ਦੇ ਮੁਕਾਬਲੇ ਹੋਏ। ਨਵੀਂ ਪੀੜ੍ਹੀ ਦੇ ਮਨ ਵਿੱਚ ਆਪਣੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਪ੍ਰਤੀ ਸੰਵੇਦਨਸ਼ੀਲਤਾ ਪੈਦਾ ਕਰਨ ਦੇ ਮਕਸਦ ਨਾਲ਼ ਵਿਭਾਗ ਹਰ ਸਾਲ ਸਕੂਲੀ ਵਿਦਿਆਰਥੀਆਂ ਦੇ ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ ਕਰਵਾਉਂਦਾ ਹੈ।
ਕਵਿਤਾ ਗਾਇਨ ਵਿੱਚ ਵਿਭਾਗ ਵੱਲੋਂ ਨਿਰਧਾਰਿਤ ਕੁਝ ਚੋਣਵੇਂ ਪ੍ਰਮੁੱਖ ਪੰਜਾਬੀ ਕਵੀਆਂ ਦੀਆਂ ਕਵਿਤਾਵਾਂ ਦੇ ਗਾਇਨ ਦਾ ਮੁਕਾਬਲਾ ਹੋਇਆ। ਜੇਤੂ ਵਿਦਿਆਰਥੀਆਂ ਨੂੰ ਭਾਸ਼ਾ ਵਿਭਾਗ ਵੱਲੋਂ ਸਰਟੀਫਿਕੇਟ , ਕੈਸ਼ ਇਨਾਮ ਅਤੇ ਕਿਤਾਬਾਂ ਨਾਲ ਸਨਮਾਨਿਤ ਕੀਤਾ ਗਿਆ। ਜ਼ਿਲ੍ਹਾ ਸਿੱਖਿਆ ਅਫਸਰ ਸ਼੍ਰੀਮਤੀ ਡਿੰਪਲ ਮਦਾਨ ਨੇ ਜੇਤੂ ਵਿਦਿਆਰਥੀਆਂ ਅਤੇ ਤਿਆਰੀ ਕਰਾਉਣ ਵਾਲੇ ਅਧਿਆਪਕ ਸਾਹਿਬਾਨ ਨੂੰ ਮੁਬਾਰਕਬਾਦ ਦਿੱਤੀ ਅਤੇ ਭਾਸ਼ਾ ਵਿਭਾਗ ਪੰਜਾਬ ਦੇ ਇਸ ਉਪਰਾਲੇ ਦੀ ਸ਼ਲਾਘਾ ਵੀ ਕੀਤੀ।