ਲੁਧਿਆਣਾ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ 77ਵੇਂ ਸੁਤੰਤਰਤਾ ਦਿਵਸ ਮੌਕੇ ਸਤੀਸ਼ ਚੰਦਰ ਧਵਨ ਸਰਕਾਰੀ ਕਾਲਜ ਦੀ ਗਰਾਊਂਡ ਵਿੱਚ ਰਾਸ਼ਟਰੀ ਝੰਡਾ ਲਹਿਰਾਇਆ। ਡਿਪਟੀ ਕਮਿਸ਼ਨਰ ਸੁਰਭੀ ਮਲਿਕ ਅਤੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਦੇ ਨਾਲ ਕੈਬਨਿਟ ਮੰਤਰੀ ਵਲੋਂ ਤਿਰੰਗਾ ਲਹਿਰਾਉਣ ਉਪਰੰਤ ਪਰੇਡ ਦਾ ਨਿਰੀਖਣ ਕੀਤਾ ਅਤੇ ਸਲਾਮੀ ਲਈ।
ਕੈਬਨਿਟ ਮੰਤਰੀ ਬੈਂਸ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ, ਸਰਦਾਰ ਕਰਤਾਰ ਸਿੰਘ ਸਰਾਭਾ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ ਸਮੇਤ ਮਹਾਨ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਨੇ ਆਜ਼ਾਦੀ ਦੀ ਖਾਤਰ ਲਾਸਾਨੀ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਇਹ ਵੀ ਬੜੇ ਮਾਣ ਵਾਲੀ ਗੱਲ ਹੈ ਕਿ ਆਜ਼ਾਦੀ ਦੇ ਸੰਘਰਸ਼ ਦੌਰਾਨ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਦੀਆਂ ਸਨ, ਜੋ ਦੇਸ਼ ਦੇ ਹਿੱਤਾਂ ਦੀ ਰਾਖੀ ਲਈ ਹਮੇਸ਼ਾ ਮੋਹਰੀ ਰਹੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਸਾਰੇ ਵਾਅਦਿਆਂ ਨੂੰ ਮਿੱਥੇ ਸਮੇਂ ਵਿੱਚ ਪੂਰਾ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ ਜਿਸਦੇ ਤਹਿਤ ਉਨ੍ਹਾਂ ਪਿਛਲੇ ਡੇਢ ਸਾਲ ਵਿੱਚ ਕਈ ਇਤਿਹਾਸਕ ਫੈਸਲੇ ਲਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪਹਿਲਕਦਮੀ ਕਰਕੇ ਰੰਗਲਾ ਪੰਜਾਬ ਦੀ ਸਿਰਜਣਾ ਲਈ ਕੰਮ ਕਰ ਰਹੀ ਹੈ।
ਸਿੱਖਿਆ ਦੇ ਖੇਤਰ ਵਿੱਚ ਕੀਤੀਆਂ ਪਹਿਲਕਦਮੀਆਂ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਯਕੀਨੀ ਬਣਾਉਣ ਲਈ ਰਾਜ ਵਿੱਚ ਸਕੂਲੀ ਸਿੱਖਿਆ ਵਿੱਚ ਬਹੁਤ ਸੁਧਾਰ ਕੀਤੇ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਵਿਦਿਆਰਥੀ ਸਾਡੇ ਦੇਸ਼ ਦਾ ਭਵਿੱਖ ਹਨ ਅਤੇ ਸਕੂਲੀ ਸਿੱਖਿਆ ਨੂੰ ਹੋਰ ਬੁਲੰਦੀਆਂ ‘ਤੇ ਲਿਜਾਣ ਲਈ ਜਲਦ ਹੀ ਕਈ ਹੋਰ ਕਦਮ ਚੁੱਕੇ ਜਾਣਗੇ
ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਜ਼ਿਲ੍ਹੇ ਨੇ ਜੀਵਨ ਦੇ ਹਰ ਖੇਤਰ ਵਿੱਚ ਵੱਡੀਆਂ ਪੁਲਾਂਘਾਂ ਪੁੱਟੀਆਂ ਹਨ। ਉਨ੍ਹਾਂ ਕਿਹਾ ਕਿ ਲੁਧਿਆਣਾ ਨੂੰ ਸਾਫ਼-ਸੁਥਰਾ, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਸ਼ਹਿਰ ਬਣਾਉਣ ਲਈ ਸਰਕਾਰ ਨੇ ਕਈ ਪ੍ਰੋਜੈਕਟ ਸ਼ੁਰੂ ਕੀਤੇ ਹਨ, ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਵੱਡੀਆਂ ਨੌਕਰੀਆਂ ਪ੍ਰਦਾਨ ਕਰਨ ਲਈ ਰੁਜ਼ਗਾਰ ਦੇ ਵੱਖ-ਵੱਖ ਮੌਕੇ ਪੈਦਾ ਕੀਤੇ ਜਾ ਰਹੇ ਹਨ।
ਸ. ਬੈਂਸ ਨੇ ਅਧਿਕਾਰੀਆਂ, ਡਾਕਟਰਾਂ, ਐਨ.ਜੀ.ਓਜ਼ ਅਤੇ ਜੀਵਨ ਦੇ ਵੱਖ-ਵੱਖ ਖੇਤਰਾਂ ਨਾਲ ਸਬੰਧਤ ਵਿਅਕਤੀਆਂ ਸਮੇਤ ਵੱਖ-ਵੱਖ ਸ਼ਖ਼ਸੀਅਤਾਂ ਨੂੰ ਸਮਾਜ ਪ੍ਰਤੀ ਉਨ੍ਹਾਂ ਦੇ ਯੋਗਦਾਨ ਲਈ ਸਨਮਾਨਿਤ ਵੀ ਕੀਤਾ। ਉਨ੍ਹਾਂ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਅਤੇ ਵ੍ਹੀਲ ਚੇਅਰ ਵੀ ਵੰਡੀਆਂ। ਬਾਅਦ ਵਿੱਚ ਕੈਬਨਿਟ ਮੰਤਰੀ ਨੇ ਸੁਤੰਤਰਤਾ ਦਿਵਸ ਦੇ ਜਸ਼ਨਾਂ ਵਿੱਚ ਭਾਗ ਲੈਣ ਵਾਲੇ ਅਧਿਆਪਕਾਂ ਅਤੇ ਵਿਦਿਆਰਥੀਆਂ ਲਈ 16 ਅਗਸਤ ਨੂੰ ਛੁੱਟੀ ਦਾ ਐਲਾਨ ਕੀਤਾ।
ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਸਿੱਧੂ, ਅਸ਼ੋਕ ਪਰਾਸ਼ਰ ਪੱਪੀ, ਮਦਨ ਲਾਲ ਬੱਗਾ, ਹਰਦੀਪ ਸਿੰਘ ਮੁੰਡੀਆਂ, ਹਾਕਮ ਸਿੰਘ ਠੇਕੇਦਾਰ ਤੇ ਰਜਿੰਦਰਪਾਲ ਕੌਰ ਛੀਨਾ, ਮਾਰਕਫੈੱਡ ਦੇ ਚੇਅਰਮੈਨ ਅਮਨਦੀਪ ਸਿੰਘ ਮੋਹੀ, ਚੇਅਰਮੈਨ ਸੁਰੇਸ਼ ਗੋਇਲ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ਼ਰਨਪਾਲ ਸਿੰਘ ਮੱਕੜ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ.ਕੇ.ਐਨ.ਐਸ. ਕੰਗ, ਅਹਿਬਾਬ ਸਿੰਘ ਗਰੇਵਾਲ, ਗੁਰਜੀਤ ਸਿੰਘ ਗਿੱਲ, ਸਪੈਸ਼ਲ ਡੀ.ਜੀ.ਪੀ. ਅਰਪਿਤ ਸ਼ੁਕਲਾ, ਜ਼ਿਲ੍ਹਾ ਤੇ ਸੈਸ਼ਨ ਜੱਜ ਮੁਨੀਸ਼ ਸਿੰਘਲ ਤੋਂ ਇਲਾਵਾ ਕਈ ਉੱਘੀਆਂ ਸਖ਼ਸ਼ੀਅਤਾਂ ਵੀ ਮੌਜੂਦ ਸਨ।