ਨਿੱਜੀ ਹਸਪਤਾਲਾਂ ਵਿਚ ਕਾਰਡੀਓ ਅਤੇ ਨਿਊਰੋ ਨਾਲ ਸਬੰਧਤ ਬੀਮਾਰੀਆਂ ਦਾ ਮਹਿੰਗਾ ਇਲਾਜ ਕਰਵਾਉਣ ਤੋਂ ਅਸਮਰੱਥ ਆਰਥਿਕ ਤੌਰ ’ਤੇ ਕਮਜ਼ੋਰ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਲਦ ਹੀ ਜ਼ਿਲ੍ਹਾ ਹਸਪਤਾਲਾਂ ਵਿਚ ਕਾਰਡੀਅਕ ਅਤੇ ਨਿਊਰੋ ਸਰਜਰੀ ਸ਼ੁਰੂ ਕੀਤੀ ਜਾਵੇਗੀ। ਸਿਹਤ ਮੰਤਰੀ ਅਨੁਸਾਰ ਸੁਪਰ ਸਪੈਸ਼ਲਿਟੀ ਸੇਵਾਵਾਂ ਪ੍ਰਦਾਨ ਕਰਨ ਲਈ ਜਲਦੀ ਹੀ ਕ੍ਰਿਟੀਕਲ ਕੇਅਰ ਯੂਨਿਟ ਸਥਾਪਿਤ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿਚ ਕਾਰਡੀਓਲੋਜੀ, ਨਿਊਰੋ ਸਰਜਰੀ, ਆਰਥੋਪੈਡਿਕਸ, ਆਈ. ਸੀ. ਸੀ. ਅਤੇ ਟਰੌਮਾ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ।
ਉਨ੍ਹਾਂ ਕਿਹਾ ਕਿ ਇਨ੍ਹਾਂ ਕ੍ਰਿਟੀਕਲ ਕੇਅਰ ਯੂਨਿਟਾਂ ਨੂੰ ਮੈਡੀਕਲ ਕਾਲਜਾਂ ਨਾਲ ਜੋੜਿਆ ਜਾਵੇਗਾ, ਜਿਸ ਨਾਲ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮਿਲਣਗੀਆਂ ਅਤੇ ਲੋਕਾਂ ਨੂੰ ਇਲਾਜ ਲਈ ਆਪਣੀ ਬੱਚਤ ਖ਼ਰਚ ਨਹੀਂ ਕਰਨੀ ਪਵੇਗੀ। ਡਾ. ਬਲਬੀਰ ਸਿੰਘ ਨੇ ਇਹ ਵੀ ਐਲਾਨ ਕੀਤਾ ਕਿ ਫਰਿਸ਼ਤੇ ਸਕੀਮ ਅਗਲੇ ਮਹੀਨੇ ਤੋਂ ਸ਼ੁਰੂ ਕੀਤੀ ਜਾ ਰਹੀ ਹੈ ਅਤੇ ਕਿਸੇ ਵੀ ਸੜਕ ਹਾਦਸੇ ਦੇ ਪੀੜਤ ਦਾ 24 ਘੰਟਿਆਂ ਦੇ ਅੰਦਰ-ਅੰਦਰ ਮੁਫ਼ਤ ਇਲਾਜ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਐਮਰਜੈਂਸੀ ਅਤੇ ਐਂਬੂਲੈਂਸ ਸੇਵਾਵਾਂ ਨੂੰ ਵੀ ਪਹਿਲੇ ਘੰਟੇ ਦੌਰਾਨ ਹਾਦਸਾਗ੍ਰਸਤ ਮਰੀਜ਼ ਦੀ ਜਾਨ ਬਚਾਉਣ ਲਈ ਹੋਰ ਪ੍ਰਭਾਵੀ ਬਣਾਇਆ ਜਾਵੇਗਾ, ਜੋ ਕਿ ਮਰੀਜ਼ ਦੀ ਜਾਨ ਬਚਾਉਣ ਲਈ ਬਹੁਤ ਨਾਜ਼ੁਕ ਸਮਾਂ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਾਦਸੇ ਦੇ ਪੀੜਤਾਂ ਨੂੰ ਹਸਪਤਾਲ ਪਹੁੰਚਾਉਣ ਅਤੇ ਦਾਖ਼ਲ ਕਰਵਾਉਣ ਵਾਲੇ ਵਿਅਕਤੀ ਨੂੰ 2000 ਰੁਪਏ ਮਾਣਭੱਤਾ ਦੇਵੇਗੀ।