ਲੁਧਿਆਣਾ, 10 ਮਈ – ਜਨਤਕ ਥਾਵਾਂ ‘ਤੇ ਵੋਟਰ ਜਾਗਰੂਕਤਾ ਮੁਹਿੰਮ ਨੂੰ ਤੇਜ਼ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਨੇ ਵੀਰਵਾਰ ਨੂੰ ਬੱਸ ਸਟੈਂਡ ਵਿਖੇ ਜਾ ਕੇ ਵੋਟਰਾਂ ਨੂੰ ਲੋਕਤੰਤਰ ਦੀ ਮਜ਼ਬੂਤੀ ਲਈ 1 ਜੂਨ 2024 ਨੂੰ ਆਪਣੀ ਵੋਟ ਪਾਉਣ ਦੀ ਅਪੀਲ ਕੀਤੀ।
ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ (ਸਵੀਪ) ਪ੍ਰੋਗਰਾਮ ਤਹਿਤ ਕੰਮ ਕਰਦੇ ਹੋਏ, ਟੀਮਾਂ ਨੇ ਇੱਕ ਜਾਗਰੂਕਤਾ ਰੈਲੀ ਕੱਢੀ ਅਤੇ ਵੋਟਰਾਂ ਨੂੰ ਲੋਕ ਸਭਾ ਚੋਣਾਂ -2024 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ।
ਯੋਗ ਵੋਟਰਾਂ ਨੂੰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕਰਨ ਲਈ ਸੰਦੇਸ਼ ਵਾਲੇ ਬੈਨਰ ਵੀ ਬੱਸ ਸਟੈਂਡ ਦੇ ਵੱਖ-ਵੱਖ ਪੁਆਇੰਟਾਂ ‘ਤੇ ਲਗਾਏ ਗਏ। ਟੀਮਾਂ ਨੇ ਬੱਸ ਸਟੈਂਡ ‘ਤੇ ਸਵਾਰੀਆਂ ਅਤੇ ਦੁਕਾਨਦਾਰਾਂ ਨਾਲ ਗੱਲਬਾਤ ਵੀ ਕੀਤੀ।
ਜ਼ਿਲ੍ਹਾ ਚੋਣ ਅਫ਼ਸਰ -ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ ਭਰ ਵਿੱਚ ਵੱਡੀ ਗਿਣਤੀ ਵਿੱਚ ਵੋਟਰ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਟੀਮਾਂ ਵੱਲੋਂ ਯੋਗ ਵੋਟਰਾਂ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਜਨਤਕ ਥਾਵਾਂ ਦਾ ਦੌਰਾ ਵੀ ਕੀਤਾ ਜਾ ਰਿਹਾ ਹੈ।
ਜ਼ਿਲ੍ਹਾ ਪ੍ਰਸ਼ਾਸਨ ਦਾ ਉਦੇਸ਼ ਲੋਕ ਸਭਾ-2024 ਦੀਆਂ ਚੋਣਾਂ ਦੌਰਾਨ ਵੱਧ ਤੋਂ ਵੱਧ ਭਾਗੀਦਾਰੀ ਨੂੰ ਯਕੀਨੀ ਬਣਾਉਣਾ ਅਤੇ ਲੋਕ ਸਭਾ ਚੋਣਾਂ ਦੌਰਾਨ 70 ਪ੍ਰਤੀਸ਼ਤ (ਇਸ ਵਾਰ, 70 ਪਾਰ) ਤੋਂ ਵੱਧ ਵੋਟਰਾਂ ਦੇ ਮਤਦਾਨ ਦੇ ਟੀਚੇ ਨੂੰ ਪ੍ਰਾਪਤ ਕਰਨਾ ਹੈ।
ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਵਚਨਬੱਧ ਹੈ ਅਤੇ ਜ਼ਿਲ੍ਹਾ ਵਾਸੀਆਂ ਨੂੰ ਆਪਣੀ ਵੋਟ ਬਿਨਾਂ ਕਿਸੇ ਡਰ ਭੈਅ ਅਤੇ ਬਗੈਰ ਕਿਸੇ ਦੇ ਪ੍ਰਭਾਵ ਹੇਠ ਆ ਕੇ ਪਾਉਣੀ ਚਾਹੀਦੀ ਹੈ।
ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਅੱਗੇ ਦੱਸਿਆ ਕਿ ਪੋਲਿੰਗ ਵਾਲੇ ਦਿਨ (1 ਜੂਨ) ਨੂੰ ਪੋਲਿੰਗ ਸਟੇਸ਼ਨਾਂ ‘ਤੇ ਵੋਟਰਾਂ ਦੀ ਸਹੂਲਤ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।