ਸੰਗਰੂਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਥਾਣਾ ਸਿਟੀ-1 ਸੰਗਰੂਰ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ ਭੋਲਾ ਸਿੰਘ (ਨੰਬਰ 27/ਸੰਗਰੂਰ) ਨੂੰ 21,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਜਗਦੀਪ ਸਿੰਘ ਦੀ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕਰਕੇ ਦੱਸਿਆ ਕਿ ਉਸ ਨੇ ਆਪਣੇ ਦੋਸਤ ਜਗਰਾਜ ਸਿੰਘ ਨੂੰ ਟਰੱਕ ਖਰੀਦਣ ਲਈ 5,50,000 ਰੁਪਏ ਵਿਆਜ ‘ਤੇ ਦਿੱਤੇ ਸਨ, ਜਿਸ ਤੋਂ ਬਾਅਦ ਸ਼ਿਕਾਇਤਕਰਤਾ ਨੇ ਜਗਰਾਜ ਸਿੰਘ ਨੂੰ ਉਧਾਰ ਲਏ ਪੈਸੇ ਵਾਪਸ ਕਰਨ ਲਈ ਕਿਹਾ ਤਾਂ ਪਤਾ ਲੱਗਾ ਕਿ ਜਗਰਾਜ ਸਿੰਘ ਨੇ ਉਕਤ ਟਰੱਕ ਬਲਜੀਤ ਸਿੰਘ ਵਾਸੀ ਪਿੰਡ ਅੰਧੇਰੀ, ਸੰਗਰੂਰ ਦੇ ਨਾਂ ’ਤੇ ਪਹਿਲਾਂ ਹੀ ਤਬਦੀਲ ਕਰ ਦਿੱਤਾ ਹੈ। ਇਸ ਤੋਂ ਬਾਅਦ ਟਰੱਕ ਦੇ ਨਵੇਂ ਮਾਲਕ ਨੇ ਉਕਤ ਥਾਣੇ ‘ਚ ਸ਼ਿਕਾਇਤ ਦਰਜ ਕਰਵਾਈ ਅਤੇ ਏ.ਐੱਸ.ਆਈ. ਭੋਲਾ ਸਿੰਘ ਨੇ ਮਾਮਲੇ ਦੀ ਜਾਂਚ ਲਈ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ।
ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ 40,000 ਰੁਪਏ ਦੀ ਰਿਸ਼ਵਤ ਲੈਣ ਲਈ ਰਾਜ਼ੀ ਹੋ ਗਿਆ ਅਤੇ 19,000 ਰੁਪਏ ਦੀ ਐਡਵਾਂਸ ਰਕਮ ਲੈ ਚੁੱਕਾ ਹੈ ਅਤੇ ਹੁਣ 21,000 ਰੁਪਏ ਬਕਾਇਆ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਏ.ਐਸ.ਆਈ. ਭੋਲਾ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਪਾਸੋਂ 21,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਪਟਿਆਲਾ ਰੇਂਜ ਥਾਣੇ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਕੇਸ ਦੀ ਅਗਲੇਰੀ ਕਾਰਵਾਈ ਜਾਰੀ ਹੈ।