ਹਾਥਰਸ: ਹਾਥਰਸ ਵਿੱਚ ਸਤਿਸੰਗ ਦੌਰਾਨ ਮਚੀ ਭਗਦੜ ਕਾਰਨ ਹੁਣ ਤੱਕ 27 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸੀਐਮਓ ਮੁਤਾਬਕ 27 ਲਾਸ਼ਾਂ ਨੂੰ ਪੋਸਟਮਾਰਟਮ ਲਈ ਲਿਆਂਦਾ ਗਿਆ ਹੈ। ਭਗਦੜ ਵਿੱਚ ਮਰਨ ਵਾਲੀਆਂ ਔਰਤਾਂ ਦੀ ਗਿਣਤੀ ਸਭ ਤੋਂ ਵੱਧ ਹੈ। ਘਟਨਾ ਤੋਂ ਬਾਅਦ ਚਾਰੇ ਪਾਸੇ ਹਾਹਾਕਾਰ ਮੱਚ ਗਈ ਹੈ। ਪੁਲਸ ਪ੍ਰਸ਼ਾਸਨ ਰਾਹਤ ਅਤੇ ਬਚਾਅ ਕਾਰਜਾਂ ‘ਚ ਲੱਗਾ ਹੋਇਆ ਹੈ। ਸੂਚਨਾ ਤੋਂ ਬਾਅਦ ਪ੍ਰਸ਼ਾਸਨਿਕ ਅਧਿਕਾਰੀ ਘਟਨਾ ਵਾਲੀ ਥਾਂ ਲਈ ਰਵਾਨਾ ਹੋ ਗਏ ਹਨ। ਇਹ ਸਤਿਸੰਗ ਹਾਥਰਸ ਦੇ ਫੁਲਰਾਏ ਮੁਗਲਗੜ੍ਹੀ ਵਿਖੇ ਕਰਵਾਇਆ ਗਿਆ। ਇਹ ਸਤਿਸੰਗ ਸਰਕਾਰ ਨਾਰਾਇਣ ਵਿਸ਼ਵ ਹਰੀ ਭੋਲੇ ਬਾਬਾ ਦਾ ਦੱਸਿਆ ਜਾ ਰਿਹਾ ਹੈ।
ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਹਾਥਰਸ ਵਿੱਚ ਹੋਏ ਹਾਦਸੇ ਦਾ ਨੋਟਿਸ ਲਿਆ ਹੈ। ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਹੈ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਤੁਰੰਤ ਮੌਕੇ ‘ਤੇ ਪਹੁੰਚ ਕੇ ਰਾਹਤ ਕਾਰਜ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਹਨ ਅਤੇ ਜ਼ਖਮੀਆਂ ਦੇ ਸਹੀ ਇਲਾਜ ਲਈ ਵੀ ਨਿਰਦੇਸ਼ ਦਿੱਤੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਏਟਾ ਰਾਜੇਸ਼ ਕੁਮਾਰ ਸਿੰਘ ਨੇ ਦੱਸਿਆ ਕਿ ਭਗਦੜ ਵਿੱਚ ਲੋਕਾਂ ਦੀ ਮੌਤ ਹੋਈ ਹੈ। 27 ਲਾਸ਼ਾਂ ਪੋਸਟਮਾਰਟਮ ਲਈ ਆਈਆਂ ਹਨ, ਜਿਨ੍ਹਾਂ ਵਿੱਚੋਂ 23 ਔਰਤਾਂ, 3 ਬੱਚੇ ਅਤੇ ਇੱਕ ਮਰਦ ਹੈ।