ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਲੁਧਿਆਣਾ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਦੀ ਖ਼ਬਰ ਹੈ। ਉਨ੍ਹਾਂ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵੱਖ-ਵੱਖ ਵਿਭਾਗਾਂ ਵਿੱਚ ਆ ਰਹੀਆਂ ਮੁਸ਼ਕਲਾਂ ਦੇ ਮੱਦੇਨਜ਼ਰ ਇਹ ਮੀਟਿੰਗ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਉਨ੍ਹਾਂ ਦਾ ਕਹਿਣਾ ਹੈ ਕਿ ਲਾਲ ਲਕੀਰ ਦੇ ਅੰਦਰ ਆਉਣ ਵਾਲੇ ਮਕਾਨਾਂ ਸਬੰਧੀ ਗੱਲਬਾਤ ਹੋਈ ਹੈ। ਪੰਜਾਬ ਦੀ ਤਰੱਕੀ ਲਈ ਸਰਕਾਰ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਪੰਜਾਬ ਸਰਕਾਰ ਬਿਨਾਂ ਕਿਸੇ ਸਿਆਸੀ ਦਬਾਅ ਦੇ ਰੁਜ਼ਗਾਰ ਵੀ ਮੁਹੱਈਆ ਕਰਵਾ ਰਹੀ ਹੈ। ਅਕਾਲੀ ਦਲ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦੀ ਪਾਰਟੀ ਦਾ ਮਾਮਲਾ ਹੈ। ਲਾਰੈਂਸ ਬੈਸ਼ਨੋਈ ਬਾਰੇ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਉਨ੍ਹਾਂ ਪ੍ਰਤੀ ਸਖ਼ਤ ਰਵੱਈਆ ਅਪਣਾ ਰਹੇ ਹਨ ਅਤੇ ਇਸ ਕਾਰਨ ਪੰਜਾਬ ਦੀਆਂ ਜੇਲ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਗੈਂਗਸਟਰ ਬੰਦ ਹਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਜਾਂ ਕੋਈ ਗੈਂਗਸਟਰ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।