ਲੁਧਿਆਣਾ: ਨਗਰ ਨਿਗਮ ਕਮਿਸ਼ਨਰ ਅਦਿੱਤਿਆ ਡੇਚਲਵਾਲ ਨੇ ਵੀਰਵਾਰ ਨੂੰ ਸ਼ਿੰਗਾਰ ਸਿਨੇਮਾ ਨੇੜੇ ਨਗਰ ਨਿਗਮ ਜ਼ੋਨ ਬੀ ਦਫ਼ਤਰ ਦਾ ਅਚਨਚੇਤ ਨਿਰੀਖਣ ਕੀਤਾ। ਇਸ ਦਾ ਉਦੇਸ਼ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪਾਰਦਰਸ਼ਤਾ ਅਤੇ ਕੁਸ਼ਲਤਾ ਨਾਲ ਜਨਤਾ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਨਾ ਸੀ।ਡੇਚਲਵਾਲ ਨੇ ਸਮੁੱਚੀ ਇਮਾਰਤ ਦਾ ਮੁਆਇਨਾ ਕੀਤਾ ਅਤੇ ਸਾਫ਼-ਸਫ਼ਾਈ ਨੂੰ ਯਕੀਨੀ ਬਣਾਉਣ ਲਈ ਹਦਾਇਤਾਂ ਜਾਰੀ ਕੀਤੀਆਂ। ਇਸ ਤੋਂ ਇਲਾਵਾ ਉਨ੍ਹਾਂ ਜ਼ੋਨਲ ਸੁਵਿਧਾ ਕੇਂਦਰ ਦਾ ਨਿਰੀਖਣ ਕੀਤਾ ਅਤੇ ਸਟਾਫ਼ ਨੂੰ ਹਦਾਇਤ ਕੀਤੀ ਕਿ ਉਹ ‘ਪਹਿਲਾਂ ਆਓ, ਪਹਿਲਾਂ ਪਾਓ’ ਦੇ ਆਧਾਰ ’ਤੇ ਲੋਕਾਂ ਦੀ ਸੇਵਾ ਕਰਨ।
ਡੇਚਲਵਾਲ ਨੇ ਸਟਾਫ਼ ਨੂੰ ਹਦਾਇਤ ਕੀਤੀ ਕਿ ਉਹ ਪਬਲਿਕ ਡੀਲਿੰਗ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ, ਜੇਕਰ ਕੋਈ ਹਨ, ਦਾ ਜਲਦੀ ਤੋਂ ਜਲਦੀ ਨਿਪਟਾਰਾ ਕੀਤਾ ਜਾਵੇ। ਇਸ ਤੋਂ ਪਹਿਲਾਂ ਡੇਚਲਵਾਲ ਨੇ ਸਰਾਭਾ ਨਗਰ ਸਥਿਤ ਨਗਰ ਨਿਗਮ ਜ਼ੋਨ ਡੀ ਦੇ ਦਫ਼ਤਰ ਵਿੱਚ ਸਮਾਰਟ ਸਿਟੀ ਮਿਸ਼ਨ ਤਹਿਤ ਸਥਾਪਿਤ ਨਗਰ ਨਿਗਮ ਦੇ ਇੰਟੈਗਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ (ਆਈ.ਸੀ.ਸੀ.ਸੀ.) ਦਾ ਨਿਰੀਖਣ ਵੀ ਕੀਤਾ।ਸਬੰਧਤ ਸਟਾਫ਼ ਨੂੰ ਸੀ.ਸੀ.ਟੀ.ਵੀ ਕੈਮਰਿਆਂ ਰਾਹੀਂ ਕਿੱਤਿਆਂ ਆਦਿ ਸਬੰਧੀ ਸਹੀ ਨਿਗਰਾਨੀ ਰੱਖਣ ਲਈ ਲੋੜੀਂਦੀਆਂ ਹਦਾਇਤਾਂ ਦਿੱਤੀਆਂ ਗਈਆਂ।