Connect with us

ਪੰਜਾਬ ਨਿਊਜ਼

ਹਸਪਤਾਲਾਂ ‘ਚ ਜ਼ਰੂਰੀ ਦਵਾਈਆਂ ਦੀ ਉਪਲਬਧਤਾ ਸਬੰਧੀ ਸਿਵਲ ਸਰਜਨਾਂ ਨੂੰ ਹਦਾਇਤਾਂ

Published

on

ਚੰਡੀਗੜ੍ਹ, 24 ਦਸੰਬਰ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਸਮੂਹ ਸਿਵਲ ਸਰਜਨਾਂ ਨੂੰ ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ ਹਨ। ਸਰਕਾਰੀ ਸਿਹਤ ਸੰਸਥਾਵਾਂ ਵਿੱਚ ਜ਼ਰੂਰੀ ਦਵਾਈਆਂ ਦੀ ਉਪਲਬਧਤਾ ਯਕੀਨੀ ਬਣਾਈ ਜਾਵੇ ਤਾਂ ਜੋ ਇਲਾਜ ਲਈ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਅੱਜ ਇੱਥੇ ਸਿਵਲ ਸਰਜਨਾਂ ਲਈ ਇੱਕ ਕਾਨਫਰੰਸ-ਕਮ-ਸਿਖਲਾਈ ਵਰਕਸ਼ਾਪ ਦੀ ਪ੍ਰਧਾਨਗੀ ਕਰਦਿਆਂ ਸਿਹਤ ਮੰਤਰੀ ਨੇ ਸਾਰੇ ਸਿਵਲ ਸਰਜਨਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ।ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਡਾਕਟਰਾਂ ਅਤੇ ਹਸਪਤਾਲ ਦੇ ਸਟਾਫ਼ ਨੂੰ ਮਰੀਜ਼ਾਂ ਅਤੇ ਉਨ੍ਹਾਂ ਦੀ ਦੇਖਭਾਲ ਲਈ ਆਉਣ ਵਾਲੇ ਵਿਅਕਤੀਆਂ ਪ੍ਰਤੀ ਨਿਮਰਤਾ ਨਾਲ ਪੇਸ਼ ਆਉਣਾ ਚਾਹੀਦਾ ਹੈ ਤਾਂ ਜੋ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਲੋਕਾਂ ਦਾ ਭਰੋਸਾ ਹੋਰ ਮਜ਼ਬੂਤ ​​ਹੋ ਸਕੇ।

ਉਨ੍ਹਾਂ ਕਿਹਾ ਕਿ ਨਰਸਿੰਗ ਦੀਆਂ ਵਿਦਿਆਰਥਣਾਂ ਨੂੰ ਬਲੱਡ ਪ੍ਰੈਸ਼ਰ, ਐਚ.ਬੀ. ਪੱਧਰ ਅਤੇ ਅੱਖਾਂ ਦੀ ਜਾਂਚ ਦੀ ਸਿਖਲਾਈ ਦਿੱਤੀ ਜਾਣੀ ਚਾਹੀਦੀ ਹੈ ਅਤੇ ਉਨ੍ਹਾਂ ਦੀਆਂ ਸੇਵਾਵਾਂ ਦੀ ਵਰਤੋਂ ਹਸਪਤਾਲਾਂ ਵਿੱਚ ਮਰੀਜ਼ਾਂ ਅਤੇ ਉਨ੍ਹਾਂ ਦੇ ਸੇਵਾਦਾਰਾਂ ਦੀ ਸਹਾਇਤਾ ਲਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਕਿਸੇ ਵੀ ਦੁਰਘਟਨਾ ਜਾਂ ਐਮਰਜੈਂਸੀ ਦੀ ਸਥਿਤੀ ਵਿੱਚ ਦੂਜਿਆਂ ਦੀ ਮਦਦ ਕਰਨ ਦੇ ਯੋਗ ਬਣਾਉਣ ਲਈ ਫਸਟ ਏਡ ਦੀ ਸਿਖਲਾਈ ਦਿੱਤੀ ਜਾਵੇਗੀ।

ਇਸ ਤੋਂ ਇਲਾਵਾ, ਨਰਸਿੰਗ ਦੇ ਵਿਦਿਆਰਥੀਆਂ ਨੂੰ ਮੱਛਰ ਦੇ ਲਾਰਵੇ ਦੀ ਪਛਾਣ ਕਰਨ ਲਈ ਬ੍ਰੀਡਿੰਗ ਚੈਕਰ ਵਜੋਂ ਸਿਖਲਾਈ ਦਿੱਤੀ ਜਾਵੇਗੀ, ਜੋ ਕਿ ਅਗਲੇ ਮਾਨਸੂਨ ਸੀਜ਼ਨ ਵਿੱਚ ਡੇਂਗੂ ਦੇ ਮਾਮਲਿਆਂ ਨੂੰ ਕੰਟਰੋਲ ਕਰਨ ਵਿੱਚ ਮਦਦ ਕਰੇਗਾ।

ਚੰਗੀ ਕਾਰਗੁਜ਼ਾਰੀ ਵਾਲੇ ਜ਼ਿਲ੍ਹਿਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਹੋਰਨਾਂ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੂੰ ਆਪਣੇ ਜ਼ਿਲ੍ਹਿਆਂ ਵਿੱਚ ਸਿਹਤ ਅਤੇ ਪ੍ਰਸ਼ਾਸਨਿਕ ਢਾਂਚੇ ਦਾ ਪੱਧਰ ਉੱਚਾ ਚੁੱਕਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪੂਰੀ ਤਨਦੇਹੀ ਨਾਲ ਕੰਮ ਕਰਨ ਵਾਲੇ ਸਿਹਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ।

ਪੀਐਚਐਸਸੀ ਦੇ ਚੇਅਰਮੈਨ ਰਮਨ ਬਹਿਲ ਨੇ ਸਰਕਾਰੀ ਸਿਹਤ ਸੰਸਥਾਵਾਂ ਦੀ ਦੇਖਭਾਲ ਅਤੇ ਸਾਫ਼-ਸਫ਼ਾਈ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸਾਫ਼-ਸੁਥਰਾ ਅਤੇ ਸੁਚੱਜਾ ਵਾਤਾਵਰਨ ਬੇਹੱਦ ਜ਼ਰੂਰੀ ਹੈ।

ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਸ਼ਾਸਕੀ ਸਕੱਤਰ ਕੁਮਾਰ ਰਾਹੁਲ ਨੇ ਦੱਸਿਆ ਕਿ ਪੰਜਾਬ ਵਿੱਚ ਮਿਆਰੀ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਮਰੀਜ਼ਾਂ ਦੀ ਫੀਡਬੈਕ ਦੇ ਆਧਾਰ ’ਤੇ ਇਹ ਸਰਵੇਖਣ ਕੀਤਾ ਗਿਆ ਹੈ। ਉਨ੍ਹਾਂ ਸਿਵਲ ਸਰਜਨਾਂ ਨੂੰ ਹਦਾਇਤ ਕੀਤੀ ਕਿ ਹਸਪਤਾਲਾਂ ਵਿੱਚ ਮਿਆਰੀ ਸੇਵਾਵਾਂ ਪ੍ਰਦਾਨ ਕਰਨ ਲਈ ਮਾਪਦੰਡਾਂ ਵਿੱਚ ਸੁਧਾਰ ਕੀਤਾ ਜਾਵੇ।

ਅਨੁਰਾਗ ਕੁੰਡੂ, ਮੈਂਬਰ, ਪੰਜਾਬ ਵਿਕਾਸ ਕਮਿਸ਼ਨ ਨੇ ਰਾਜ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਦੇ ਮਰੀਜ਼ਾਂ ਦੇ ਫੀਡਬੈਕ ਦੇ ਆਧਾਰ ‘ਤੇ ਕੀਤੇ ਗਏ ਵਿਸਤ੍ਰਿਤ ਸਰਵੇਖਣ ਦੇ ਨਤੀਜੇ ਪੇਸ਼ ਕੀਤੇ। ਇਸ ਦੇ ਜਵਾਬ ਵਿੱਚ ਸਿਹਤ ਮੰਤਰੀ ਨੇ ਸਿਵਲ ਸਰਜਨਾਂ ਨੂੰ ਸਰਵੇਖਣ ਵਿੱਚ ਪਾਈਆਂ ਗਈਆਂ ਕਮਜ਼ੋਰੀਆਂ ਨੂੰ ਦੂਰ ਕਰਨ ਦੇ ਨਿਰਦੇਸ਼ ਦਿੱਤੇ।

Facebook Comments

Trending