ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਵੇਂ ਸਾਲ ਵਿੱਚ ਆਪਣੀ ਕੈਬਨਿਟ ਦੀ ਪਹਿਲੀ ਮੀਟਿੰਗ 6 ਫਰਵਰੀ ਨੂੰ ਸਵੇਰੇ 11 ਵਜੇ ਚੰਡੀਗੜ੍ਹ ਵਿੱਚ ਸੱਦ ਲਈ ਹੈ। ਦਿੱਲੀ ਵਿਧਾਨ ਸਭਾ ਦੀਆਂ ਆਮ ਚੋਣਾਂ ਲਈ ਵੋਟਿੰਗ 5 ਫਰਵਰੀ ਨੂੰ ਹੋਣੀ ਹੈ ਅਤੇ ਮੁੱਖ ਮੰਤਰੀ 3 ਫਰਵਰੀ ਤੱਕ ਦਿੱਲੀ ਵਿੱਚ ਰੁੱਝੇ ਰਹਿਣਗੇ।ਮੁੱਖ ਮੰਤਰੀ ਤੋਂ ਇਲਾਵਾ ਪੰਜਾਬ ਦੇ ਕੈਬਨਿਟ ਮੰਤਰੀ ਵੀ ਦਿੱਲੀ ਵਿੱਚ ਚੋਣ ਪ੍ਰਚਾਰ ਵਿੱਚ ਜੁਟੇ ਹੋਏ ਹਨ।
ਪੰਜਾਬ ਕੈਬਨਿਟ ਦੀ ਮੀਟਿੰਗ ਸੱਦਣ ਸਬੰਧੀ ਅੱਜ ਸਰਕਾਰੀ ਪੱਤਰ ਜਾਰੀ ਕੀਤਾ ਗਿਆ। ਸਰਕਾਰੀ ਹਲਕਿਆਂ ਮੁਤਾਬਕ ਔਰਤਾਂ ਨੂੰ 1000 ਰੁਪਏ ਦੀ ਵਿੱਤੀ ਸਹਾਇਤਾ ਦੇਣ ਬਾਰੇ ਕੈਬਨਿਟ ਮੀਟਿੰਗ ਵਿੱਚ ਫੈਸਲਾ ਲਿਆ ਜਾ ਸਕਦਾ ਹੈ ਅਤੇ ਬਜਟ ਸੈਸ਼ਨ ਬੁਲਾਉਣ ਬਾਰੇ ਵੀ ਫੈਸਲਾ ਲਿਆ ਜਾਵੇਗਾ।ਇਸ ਤੋਂ ਇਲਾਵਾ ਮੀਟਿੰਗ ਵਿੱਚ ਪੰਜਾਬ ਨਾਲ ਸਬੰਧਤ ਕੁਝ ਹੋਰ ਅਹਿਮ ਮੁੱਦਿਆਂ ’ਤੇ ਵੀ ਚਰਚਾ ਹੋਣ ਦੀ ਸੰਭਾਵਨਾ ਹੈ। ਪੰਜਾਬ ‘ਚ ਸਰਕਾਰ ਨੇ ਬਜਟ ਸੈਸ਼ਨ ਬੁਲਾ ਕੇ ਸੂਬੇ ਦਾ ਸਾਲਾਨਾ ਬਜਟ ਪੇਸ਼ ਕਰਨਾ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਵੱਲੋਂ ਪੰਜਾਬ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਹੁਲਾਰਾ ਦੇਣ ਸਬੰਧੀ ਵੀ ਫੈਸਲੇ ਲਏ ਜਾਣੇ ਹਨ।