ਪਟਿਆਲਾ : ਅੱਜ ਪਟਿਆਲਾ ਵਿੱਚ ਕਿਸਾਨਾਂ ਅਤੇ ਪੁਲੀਸ ਅਧਿਕਾਰੀਆਂ ਦੀ ਮੀਟਿੰਗ ਹੋਈ ਹੈ। ਦੱਸ ਦਈਏ ਕਿ ਸ਼ੰਭੂ ਬਾਰਡਰ ‘ਤੇ ਕਿਸਾਨ ਲੰਬੇ ਸਮੇਂ ਤੋਂ ਧਰਨੇ ‘ਤੇ ਬੈਠੇ ਹਨ। ਇਸ ਦੌਰਾਨ ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਸਰਕਾਰਾਂ ਨੂੰ ਸਰਹੱਦਾਂ ਨੂੰ ਅੰਸ਼ਕ ਤੌਰ ‘ਤੇ ਖੋਲ੍ਹਣ ਦੇ ਹੁਕਮ ਦਿੱਤੇ ਹਨ। ਬਾਰਡਰ ਬੰਦ ਹੋਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਕਾਰਨ ਅੱਜ ਪਟਿਆਲਾ ਵਿੱਚ ਮੀਟਿੰਗ ਕੀਤੀ ਗਈ ਹੈ।ਦੱਸਿਆ ਗਿਆ ਹੈ ਕਿ ਇਸ ਮੀਟਿੰਗ ਵਿੱਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਸਰਵਣ ਸਿੰਘ ਪੰਧੇਰ ਸ਼ਾਮਲ ਹੋ ਸਕਦੇ ਹਨ। ਇਸ ਮੀਟਿੰਗ ਵਿੱਚ ਉਹ 31 ਅਗਸਤ ਨੂੰ ਕੀਤੇ ਜਾਣ ਵਾਲੇ ਪ੍ਰਦਰਸ਼ਨ ਦੀ ਰਣਨੀਤੀ ਵੀ ਬਣਾਉਣਗੇ। ਦੱਸ ਦੇਈਏ ਕਿ ਸੁਪਰੀਮ ਕੋਰਟ ਨੇ ਹਾਈਵੇਅ ਦੀ ਇੱਕ ਲੇਨ ਖੋਲ੍ਹਣ ਦਾ ਹੁਕਮ ਦਿੱਤਾ ਸੀ। ਇਸ ਦੇ ਲਈ ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਦੇ ਡੀ.ਜੀ.ਪੀ. ਆਦਿ ਨੂੰ ਇਸ ਸਬੰਧੀ ਮੀਟਿੰਗ ਕਰਕੇ ਫੈਸਲਾ ਲੈਣ ਲਈ ਕਿਹਾ ਗਿਆ।ਇਸ ਮਾਮਲੇ ‘ਤੇ ਸੁਪਰੀਮ ਕੋਰਟ ‘ਚ 22 ਅਗਸਤ ਨੂੰ ਸੁਣਵਾਈ ਹੋਣੀ ਤੈਅ ਹੈ। ਇਸ ਬਾਰੇ ਸੁਪਰੀਮ ਕੋਰਟ ਨੇ ਕਿਹਾ ਸੀ ਕਿ ਜੇਕਰ ਪੰਜਾਬ ਅਤੇ ਹਰਿਆਣਾ ਵਿਚਾਲੇ ਕੋਈ ਸਮਝੌਤਾ ਹੋ ਜਾਂਦਾ ਹੈ ਤਾਂ ਅਦਾਲਤ ਵਿੱਚ ਸੁਣਵਾਈ ਦੀ ਤਰੀਕ ਦਾ ਇੰਤਜ਼ਾਰ ਕਰਨ ਦੀ ਲੋੜ ਨਹੀਂ ਹੈ।