ਲੁਧਿਆਣਾ : ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਪਿੰਡ ਈਸੜੂ (ਖੰਨਾ) ਵਿਖੇ 15 ਅਗਸਤ ਨੂੰ ਪਹੁੰਚ ਕੇ ਗੋਆ ਦੀ ਅਜ਼ਾਦੀ ਦੇ ਮਹਾਨ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਜੀ ਦੇ ਆਦਮਕੱਦ ਬੁੱਤ ਤੇ ਫੁੱਲ ਮਾਲਾਵਾਂ ਭੇਂਟ ਕਰਕੇ ਸ਼ਹੀਦ ਨੂੰ ਸ਼ਰਧਾਂਜਲੀ ਅਰਪਿਤ ਕਰਨਗੇ। ਵਿਧਾਇਕ ਸ੍ਰੀ ਤਰੁਨਪ੍ਰੀਤ ਸਿੰਘ ਸੌਦ ਵੱਲੋਂ ਇਸ ਰਾਜ ਪੱਧਰੀ ਸਮਾਗਮ ਦੇ ਪ੍ਰਬੰਧ ਕਰਨ ਸਬੰਧੀ ਸਿਵਲ ਤੇ ਪੁਲਿਸ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਪਿੰਡ ਈਸੜੂ ਵਿਖੇ ਰਿਵਿਊ ਮੀਟਿੰਗ ਕੀਤੀ ਗਈ।
ਵਿਧਾਇਕ ਸੌਦ ਨੇ ਕਿਹਾ ਕਿ ਇਸ ਰਾਜ ਪੱਧਰੀ ਸਮਾਗਮ ਦੇ ਓਵਰਆਲ ਇੰਚਾਰਜ ਸ੍ਰੀ ਅਮਰਜੀਤ ਬੈਂਸ ਵਧੀਕ ਮੁੱਖ ਪ੍ਰਸ਼ਾਸਕ ਗਲਾਡਾ, ਲੁਧਿਆਣਾ ਹੋਣਗੇ। ਇਸ ਮੌਕੇ ਜਾਣਕਾਰੀ ਦਿੰਦਿਆਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ 15 ਅਗਸਤ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀਆਂ, ਵਿਧਾਇਕਾਂ ਤੋਂ ਇਲਾਵਾ ਹੋਰ ਪ੍ਰਮੁੱਖ ਸਖਸ਼ੀਅਤਾਂ ਵੀ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਜੀ ਨੂੰ ਸ਼ਰਧਾਂਜਲੀ ਭੇਟ ਕਰਨਗੀਆਂ।
ਇਸ ਰਾਜ ਪੱਧਰੀ ਸਮਾਗਮ ਦੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਧੀਕ ਮੁੱਖ ਪ੍ਰਸ਼ਾਸਕ ਗਲਾਡਾ ਲੁਧਿਆਣਾ ਸ੍ਰੀ ਅਮਰਜੀਤ ਬੈਂਸ ਦੇ ਨਾਲ ਉਪ ਮੰਡਲ ਮੈਜਿਸਟਰੇਟ ਖੰਨਾ ਸ਼੍ਰੀਮਤੀ ਸਵਾਤੀ ਟਿਵਾਣਾ ਨੇ ਪਿੰਡ ਈਸੜੂ ਵਿਖੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਰਾਜ ਪੱਧਰੀ ਸਮਾਗਮ ਨੂੰ ਸਫਲ ਬਣਾਉਣ ਲਈ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਜਾਰੀ ਕੀਤੇ।
ਵਧੀਕ ਮੁੱਖ ਪ੍ਰਸ਼ਾਸਕ ਗਲਾਡਾ ਲੁਧਿਆਣਾ ਸ੍ਰੀ ਅਮਰਜੀਤ ਬੈਂਸ ਅਤੇ ਉਪ ਮੰਡਲ ਮੈਜਿਸਟਰੇਟ ਖੰਨਾ ਸ਼੍ਰੀਮਤੀ ਸਵਾਤੀ ਟਿਵਾਣਾ ਨੇ ਇਸ ਮੌਕੇ ਕਿਹਾ ਕਿ ਰਾਜ ਪੱਧਰੀ ਸਮਾਗਮ ਦੇ ਆਯੋਜਨ ਲਈ ਪਿੰਡ ਈਸੜੂ ਵਿਖੇ ਸ਼ਮੂਲੀਅਤ ਕਰਨ ਵਾਲੀ ਸੰਗਤ ਦੇ ਬੈਠਣ ਦਾ ਪ੍ਰਬੰਧ ਤੇ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਹੋਰ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸ਼ਹੀਦ ਕਰਨੈਲ ਸਿੰਘ ਜੀ ਦੇ ਆਦਮਕੱਦ ਬੁੱਤ ਅਤੇ ਸਮਾਰਕ ਦੀ ਦਿੱਖ ਸਵਾਰਨ ਅਤੇ ਸ਼ਮਿਆਨਾ ਆਦਿ ਲਗਾਉਣ ਲਈ ਵੀ ਡਿਊਟੀਆਂ ਲਗਾਈਆਂ ਗਈਆਂ ਹਨ।
ਉਨ੍ਹਾਂ ਇਹ ਵੀ ਦੱਸਿਆ ਕਿ ਇਸ ਰਾਜ ਪੱਧਰੀ ਸਮਾਗਮ ਮੌਕੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਖੰਨਾ ਪੁਲਸ ਵੱਲੋਂ ਕੀਤੇ ਜਾਣਗੇ। ਇਸ ਮੌਕੇ ਹੈਲੀਪੈਡ, ਪਾਰਕਿੰਗ ਅਤੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵੀ ਪੁਲਿਸ ਵਿਭਾਗ ਨੂੰ ਜਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਦੱਸਿਆ ਕਿ ਨਿਰਵਿਘਨ ਬਿਜਲੀ ਦੀ ਸਪਲਾਈ ਚਾਲੂ ਰੱਖਣ ਲਈ ਬਿਜਲੀ ਵਿਭਾਗ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਹਨ।
ਮੀਟਿੰਗ ਦੌਰਾਨ ਤਹਿਸੀਲਦਾਰ ਸ੍ਰੀ ਹਰਮਿੰਦਰ ਸਿੰਘ ਹੁੰਦਲ, ਡੀ.ਐਸ.ਪੀ ਸ੍ਰੀ ਰਾਜੇਸ਼ ਕੁਮਾਰ, ਨਾਇਬ ਤਹਿਸੀਲਦਾਰ ਸ੍ਰੀਮਤੀ ਗੁਰਪ੍ਰੀਤ ਕੌਰ ਚੀਮਾ, ਕਾਰਜ ਸਾਧਕ ਅਫਸਰ ਨਗਰ ਕੌਸਲ ਸ੍ਰੀ ਚਰਨਜੀਤ ਸਿੰਘ, ਸਕੱਤਰ ਮਾਰਕੀਟ ਕਮੇਟੀ ਖੰਨਾ ਸੁਰਜੀਤ ਸਿੰਘ, ਹਲਕਾ ਕੁਆਰਡੀਨੇਟਰ ਸ. ਜਗਤਾਰ ਸਿੰਘ ਰਤਨਹੇੜੀ, ਪੀ.ਏ ਸ੍ਰੀ ਮਹੇਸ਼ ਕੁਮਾਰ, ਸ੍ਰੀ ਲਛਮਣ ਸਿੰਘ, ਸ੍ਰੀ ਮਲਕੀਤ ਸਿੰਘ ਮੀਤਾ, ਸ੍ਰੀ ਜਗਤਾਰ ਸਿੰਘ ਔਜਲਾ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ।