Connect with us

ਖੇਡਾਂ

ਆਮ ਆਦਮੀ ਪਾਰਟੀ ਦੀ ਸਰਕਾਰ ਖੇਡਾਂ ਦੀ ਪੁਰਾਣੀ ਸ਼ਾਨ ਬਹਾਲ ਕਰੇਗੀ – ਸੰਧਵਾਂ

Published

on

Aam Aadmi Party government will restore former glory of sports - Sandhwan

ਲੁਧਿਆਣਾ : ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸੂਬੇ ਦੇ ਖੇਡ ਮੇਲਿਆਂ ਵਿੱਚੋਂ ਅਸਲ ਪੰਜਾਬ ਦੇ ਦਰਸ਼ਨ ਹੁੰਦੇ ਹਨ ਜਿੱਥੇ ਨੌਜਵਾਨ ਖਿਡਾਰੀਆਂ ਦੇ ਸਰੀਰ ਵੇਖ ਕੇ ਭੁੱਖ ਲਹਿੰਦੀ ਹੈ।

ਇਸ ਗੱਲ ਦਾ ਪ੍ਰਗਟਾਵਾ ਉਨ੍ਹਾਂ ਪਾਇਲ ਬਲਾਕ ਅਧੀਨ ਪਿੰਡ ਬੇਗੋਵਾਲ ਵਿਖੇ ਕਬੱਡੀ ਟੂਰਨਾਮੈਂਟ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੀਤਾ। ਉਨ੍ਹਾਂ ਰਿਵਾਇਤੀ ਪਾਰਟੀਆਂ ‘ਤੇ ਵਰ੍ਹਦਿਆਂ ਕਿਹਾ ਕਿ ਪਿਛਲੇ ਸਮੇਂ ਦੀਆਂ ਸਰਕਾਰਾਂ ਦੀਆਂ ਨਾਕਾਮੀਆਂ ਸਦਕਾ ਪੰਜਾਬ ਨੂੰ ਚਿੱਟੇ ਦੀ ਬਿਮਾਰੀ ਲੱਗੀ ਹੈ ਜਿਸ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਜੜ੍ਹੋਂ ਪੁੱਟਣ ਦਾ ਨਿਸਚੈ ਕੀਤਾ ਹੈ।

ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਨ ਸਭਾ ਹਲਕਾ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੀ ਮੌਜੂਦ ਸਨ। ਉਨ੍ਹਾਂ ਨੌਜਵਾਨ ਖਿਡਾਰੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਵੱਖ-ਵੱਖ ਖੇਡਾਂ ਵਿੱਚ ਪੰਜਾਬ ਦਾ ਨਾਮ ਰੋਸ਼ਨ ਕੀਤਾ ਹੈ। ਉਨ੍ਹਾਂ ਵਿਧਾਨ ਗਿਆਸਪੁਰਾ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਖਿਡਾਰੀਆਂ ਨੂੰ ਸਰਕਾਰੀ ਸਹੂਲਤਾਂ ਅਤੇ ਸਰਕਾਰੀ ਨੌਕਰੀਆਂ ਦਿਵਾਉਣ ਵਿੱਚ ਸਹਿਯੋਗ ਕਰਨ।

ਉਨ੍ਹਾਂ ਅੱਗੇ ਕਿਹਾ ਕਿ ਹਲਕੇ ਵਿੱਚ ਵੱਧ ਤੋਂ ਵੱਧ ਟੂਰਨਾਮੈਂਟ ਕਰਵਾਏ ਜਾਣ ਤਾਂ ਜੋ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾ ਸਕੇ। ਇਸ ਮੌਕੇ ਉਨ੍ਹਾਂ ਆਪਣੇ ਅਖਤਿਆਰੀ ਕੋਟੇ ਵਿੱਚੋਂ ਟੂਰਨਾਮੈਂਟ ਦੀ ਪ੍ਰਬੰਧਕ ਕਮੇਟੀ ਨੂੰ 1.11 ਲੱਖ ਰੁਪਏ ਦੀ ਰਾਸ਼ੀ ਵੀ ਪ੍ਰਦਾਨ ਕੀਤੀ।

ਉਨ੍ਹਾਂ ਐਨ.ਆਰ.ਆਈ. ਭਰਾਵਾਂ ਦਾ ਵਿਸ਼਼ੇਸ਼ ਧੰਨਵਾਦ ਕੀਤਾ ਜਿਹੜੇ ਖੇਡ ਮੇਲੇ ਕਰਵਾਉਣ ਲਈ ਵੱਡਾ ਯੋਗਦਾਨ ਪਾਉਂਦੇ ਹਨ। ਉਨ੍ਹਾਂ ਕਿਹਾ ਕਿ ਸਾਡੇ ਪੰਜਾਬ ਵੀਰ ਬੇਸ਼ੱਕ ਮਿਹਨਤ ਬਾਹਰਲੇ ਮੁਲਕਾਂ ਵਿੱਚ ਕਰਦੇ ਹਨ ਪਰ ਸੁਪਨੇ ਸਾਡੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦਾ ਵੇਖਦੇ ਹਨ। ਉਨ੍ਹਾਂ ਕਿਹਾ ਕਿ ਪ੍ਰਵਾਸੀ ਭਾਰਤੀਆਂ ਲਈ ਜਲਦ ਕਨੇਡਾ ਤੋਂ ਪੰਜਾਬ ਲਈ ਸਿੱਧੀਆਂ ਫਲਾਈਟਾਂ ਦੀ ਸ਼ੁਰੂਆਤ ਕੀਤੀ ਜਾਵੇਗੀ ਜਿਸ ਲਈ ਉਹ ਯਤਨਸ਼ੀਲ ਹਨ।

ਸਪੀਕਰ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਕਰਾਉਣ ਵਾਲੀਆਂ ਪ੍ਰਬੰਧਕ ਕਮੇਟੀਆਂ ਨੂੰ ਹਰ ਸੰਭਵ ਸਹਾਇਤਾ ਦਿੱਤੀ ਜਾਵੇਗੀ ਤਾਂ ਜੋ ਆਉਣ ਵਾਲੇ ਸਾਲਾਂ ਵਿੱਚ ਹੋਰ ਚੈਂਪੀਅਨ ਪੈਦਾ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਪੰਜਾਬੀ ਨੌਜਵਾਨਾਂ ਵਿੱਚ ਪ੍ਰਤਿਭਾ ਦੀ ਕੋਈ ਘਾਟ ਨਹੀਂ ਹੈ ਪਰ ਉਨ੍ਹਾਂ ਨੂੰ ਇੱਕ ਪਲੇਟਫਾਰਮ ਦੀ ਲੋੜ ਹੈ।

Facebook Comments

Trending