ਖੰਨਾ / ਲੁਧਿਆਣਾ : ਆਮ ਆਦਮੀ ਪਾਰਟੀ ਦੇ ਆਗੂ ਗੁਰਪ੍ਰੀਤ ਸਿੰਘ ਭੱਟੀ ਅੱਜ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋ ਗਏ। ਦਿੱਲੀ ਵਿਖੇ ਭਾਜਪਾ ਦੇ ਦਫ਼ਤਰ ਵਿਚ ਪਾਰਟੀ ਦੇ ਪੰਜਾਬ ਇੰਚਾਰਜ ਅਤੇ ਕੈਬਨਿਟ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਭਾਜਪਾ ਵਿਚ ਸ਼ਾਮਲ ਹੋਣ ‘ਤੇ ਭੱਟੀ ਦਾ ਸਵਾਗਤ ਕੀਤਾ।
ਦੱਸਣਯੋਗ ਹੈ ਕਿ ਭੱਟੀ ਕੁਝ ਸਾਲ ਪਹਿਲਾਂ ਪੰਜਾਬ ਪੀਪਲਜ਼ ਪਾਰਟੀ ਵਿਚ ਚਲੇ ਗਏ ਸਨ ਅਤੇ ਖੰਨਾ ਤੋਂ ਚੋਣ ਲੜੇ ਸਨ। ਇਸ ਚੋਣ ਦੌਰਾਨ ਉਹ ਹਾਰ ਗਏ ਸਨ। ਇਸ ਤੋਂ ਬਾਅਦ 2017 ਵਿਚ ਉਨ੍ਹਾਂ ਮਨਪ੍ਰੀਤ ਬਾਦਲ ਦਾ ਸਾਥ ਛੱਡ ਦਿੱਤਾ ਅਤੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਸਨ ਅਤੇ ਹਲਕਾ ਅਮਲੋਹ ਤੋਂ ਚੋਣ ਲੜੇ ਸਨ। ਇੱਥੇ ਵੀ ਉਹਨਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ।
ਇਸ ਮਗਰੋਂ ਉਹ ਕਰੀਬ 5 ਸਾਲ ਸਿਆਸੀ ਪਿੜ ਤੋਂ ਦੂਰ ਰਹੇ ਅਤੇ ਇੱਕ ਵਾਰ ਫਿਰ ਹੁਣ ਭਾਜਪਾ ਵਿਚ ਸ਼ਾਮਲ ਹੋ ਕੇ 2022 ਦੀਆਂ ਚੋਣਾਂ ‘ਚ ਆਪਣੀ ਕਿਸਮਤ ਅਜਮਾਉਣਗੇ। ਭੱਟੀ ਦੇ ਭਾਜਪਾ ਵਿਚ ਸ਼ਾਮਲ ਹੋਣ ਨਾਲ ਹਲਕਾ ਖੰਨਾ ਦੇ ਭਾਜਪਾਈਆ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ।